ਸਿਆਸਤਖਬਰਾਂਚਲੰਤ ਮਾਮਲੇ

ਯੂਨੀਵਰਸਿਟੀ ‘ਚ ਕਸ਼ਮੀਰੀ ਵਿਦਿਆਰਥਣਾਂ ਦੇ ਧਰਨੇ ‘ਤੇ ਸਿਆਸਤ ਮਘੀ

ਸ੍ਰੀ ਫ਼ਤਿਹਗੜ੍ਹ ਸਾਹਿਬ-ਪਿਛਲੇ ਦਿਨੀਂ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ‘ਚ ਨਿੱਜੀ ਯੂਨੀਵਰਸਿਟੀ ‘ਚ ਧਰਨੇ ‘ਤੇ ਬੈਠੀਆਂ ਕਸ਼ਮੀਰੀ ਵਿਦਿਆਰਥਣਾਂ ਦੀ ਪੁਲਿਸ ਵਲੋਂ ਖਿੱਚਧੂਹ ਕੀਤੀ ਗਈ ਸੀ। ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ। ਇਸ ਨੂੰ ਲੈਕੇ ਜਿਥੇ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਨੇ ਇਸ ਦੀ ਨਿੰਦਾ ਕੀਤੀ ਸੀ ਤਾਂ ਉਥੇ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਇਸ ਮਾਮਲੇ ‘ਚ ਕਾਰਵਾਈ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਵਿਦਿਆਰਥਣਾਂ ਦੇ ਧਰਨੇ ਦੀ ਹਮਾਇਤਾਂ ਕਰਦਿਆਂ ਸਰਕਾਰ ਤੋਂ ਸਮਾਂ ਰਹਿੰਦੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਆਪਣੀ ਚਿੱਠੀ ‘ਚ ਪ੍ਰਤਾਪ ਬਾਜਵਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਚੀਫ਼ ਸੈਕਟਰੀ ਪੰਜਾਬ ਅਨੁਰਾਗ ਵਰਮਾ ਨੂੰ ਲਿਖਿਆ ਕਿ ਉਨ੍ਹਾਂ ਵਲੋਂ ਜੰਮੂ ਅਤੇ ਕਸ਼ਮੀਰ ਸਟੂਡੈਂਟਸ ਐਸੋਸੀਏਸ਼ਨ, ਸ਼੍ਰੀਨਗਰ ਦੁਆਰਾ ਪੇਸ਼ ਕੀਤੀ ਗਈ ਇੱਕ ਪ੍ਰਤੀਨਿਧਤਾ ਅੱਗੇ ਭੇਜੀ ਜਾ ਰਹੀ ਹੈ। ਜਿਸ ‘ਚ ਸਥਿਤੀ ਵੱਲ ਤੁਹਾਡਾ ਧਿਆਨ ਲਿਆਉਣਾ ਚਹੁੰਦਾ ਹਾਂ ਕਿ ਵਿਦਿਆਰਥੀਆਂ ਦੀ ਸਹਿਮਤੀ ਤੋਂ ਬਿਨਾਂ ਹੀ ਨਿੱਜੀ ਯੂਨੀਵਰਸਿਟੀ ਵਲੋਂ ਆਪਣੇ ਅਧੀਨ ਚੱਲ ਰਹੇ ਕਾਲਜ ‘ਚ ਇੰਨ੍ਹਾਂ ਨੂੰ ਤਬਦੀਲ ਕੀਤਾ ਜਾ ਰਿਹਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ‘ਚ ਪਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਵਲੋਂ ਯੂਨੀਵਰਸਿਟੀ ਨੂੰ ਮਿਲੇ ਕੋਟੇ ਤੋਂ ਵੱਧ ਦਾਖ਼ਲੇ ਕੀਤੇ ਹਨ, ਜਿਸ ਕਾਰਨ ਉਹ ਵਿਦਿਆਰਥੀਆਂ ਨੂੰ ਕਾਲਜ ‘ਚ ਤਬਦੀਲ ਕਰ ਰਹੇ ਹਨ। ਜਿਸ ਦਾ ਵਿਦਿਆਰਥੀ ਵਿਰੋਧ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮਸਲੇ ‘ਚ ਦਖ਼ਲ ਦੇਣ ‘ਤੇ ਤੁਰੰਤ ਜਾਂਚ ਕਰਕੇ ਜਲਦ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਰੱਖੀ ਕਿ ਕਸ਼ਮੀਰੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਜਾਵੇ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਵਲੋਂ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ ਸ਼੍ਰੋਮਣੀ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਵੀ ਵਿਦਿਆਰਥਣਾਂ ਨੂੰ ਸਮਰਥਨ ਦੇਣ ਦੀ ਗੱਲ ਆਖੀ ਹੈ। ਜਿਸ ਦੇ ਚੱਲਦੇ ਉਨ੍ਹਾਂ ਆਪਣੇ ਯੂਥ ਵਿੰਗ ਨੂੰ ਹਦਾਇਤ ਦਿੱਤੀ ਤੇ ਨਾਲ ਹੀ ਵਿਦਿਆਰਥਣਾਂ ਨਾਲ ਫੋਨ ‘ਤੇ ਗੱਲ ਵੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਅਤੇ ਐਸ.ਓ.ਆਈ ਦੇ ਆਗੂਆਂ ਨੂੰ ਮੰਡੀ ਗੋਬਿੰਦਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦੀ ਹਮਾਇਤ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਨਿੱਜੀ ਯੂਨੀਵਰਸਿਟੀ ਵੱਲੋਂ ਉਨ੍ਹਾਂ ਨਾਲ ਕੀਤੀ ਗਈ ਧੋਖਾਧੜੀ ਲਈ ਇਨਸਾਫ਼ ਦੀ ਮੰਗ ਕਰ ਰਹੀਆਂ ਹਨ। ਜਿਸ ਦੇ ਚੱਲਦੇ ਯੂਥ ਪ੍ਰਧਾਨ ਝਿੰਜਰ ਆਪਣੇ ਸਾਥੀਆਂ ਸਣੇ ਮੌਕੇ ‘ਤੇ ਪੁੱਜੇ।
ਅਕਾਲੀ ਦਲ ਦਾ ਕਹਿਣਾ ਕਿ ਜੇਕਰ ਸੂਬੇ ਦੀ ਪੁਲਿਸ ਇਸ ਮਾਮਲੇ ‘ਚ ਕਾਰਵਾਈ ਕਰਨ ‘ਚ ਨਾਕਾਮ ਰਹੀ ਹੈ ਤਾਂ ਅਕਾਲੀ ਦਲ ਪੀੜਤ ਲੜਕੀਆਂ ਦੀ ਹਮਾਇਤ ਕਰੇਗਾ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਾਈ ਕੋਰਟ ਤੱਕ ਪਹੁੰਚ ਕਰੇਗਾ। ਸੁਖਬੀਰ ਬਾਦਲ ਨੇ ਸਰਬਜੀਤ ਸਿੰਘ ਝਿੰਜਰ ਨੂੰ ਵੀ ਹਦਾਇਤ ਕੀਤੀ ਕਿ ਉਹ ਨਰਸਾਂ ਦੀ ਸ਼ਿਕਾਇਤ ਦਾ ਖਰੜਾ ਤਿਆਰ ਕਰਨ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਨ ਵਿੱਚ ਸਹਾਇਤਾ ਕਰਨ ਤਾਂ ਜੋ ਯੂਨੀਵਰਸਿਟੀ ਦੇ ਪ੍ਰਬੰਧਕਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।
ਨਰਸਾਂ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਸੰਸਥਾ ਨੂੰ ਅਲਾਟ ਕੀਤੀਆਂ 60 ਸੀਟਾਂ ਦੇ ਮੁਕਾਬਲੇ ਮੈਨੇਜਮੈਂਟ ਨੇ ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਬਿਹਾਰ ਅਤੇ ਹੋਰ ਰਾਜਾਂ ਦੀਆਂ 150 ਤੋਂ ਵੱਧ ਲੜਕੀਆਂ ਨੂੰ ਦਾਖਲਾ ਦਿੱਤਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਹੁਣ ਆਪਣੀ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਮਾਨਤਾ ਸਬੰਧੀ ਸੰਸਥਾ ਵੱਲੋਂ ਉਨ੍ਹਾਂ ਨੂੰ ਦਿਖਾਏ ਗਏ ਸਾਰੇ ਦਸਤਾਵੇਜ਼ ਜਾਅਲੀ ਸਨ ਅਤੇ ਸੰਸਥਾ ਵੱਲੋਂ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ।

Comment here