ਨਵੀਂ ਦਿੱਲੀ-ਮਹਿਲਾ ਪਹਿਲਵਾਨ ਜਿਨਸੀ ਸ਼ੋਸ਼ਣ ਮਾਮਲੇ ‘ਚ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਖਿਲਾਫ ਸ਼ਨੀਵਾਰ ਨੂੰ ਰਾਊਜ ਐਵੇਨਿਊ ਕੋਰਟ ‘ਚ ਸੁਣਵਾਈ ਹੋਈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਅਦਾਲਤ ਵਿੱਚ ਪੁੱਜੇ ਸਨ। ਹੁਣ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ। ਉਨ੍ਹਾਂ ਦੇ ਨਾਲ ਦਿੱਲੀ ਕੁਸ਼ਤੀ ਸੰਘ ਦੇ ਪ੍ਰਧਾਨ ਜੈਪ੍ਰਕਾਸ਼ ਵੀ ਮੌਜੂਦ ਸਨ। ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਨਹੀਂ ਕੀਤਾ ਹੈ। ਕਮੇਟੀ ਨੇ ਸਿਫਾਰਿਸ਼ਾਂ ਦਿੱਤੀਆਂ ਸਨ, ਫੈਸਲਾ ਨਹੀਂ। ਦਿੱਲੀ ਪੁਲਿਸ 23 ਸਤੰਬਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲੱਗੇ ਦੋਸ਼ਾਂ ‘ਤੇ ਬਹਿਸ ਜਾਰੀ ਰੱਖੇਗੀ। ਸੁਣਵਾਈ ਦੀ ਅਗਲੀ ਤਰੀਕ 23 ਸਤੰਬਰ ਰੱਖੀ ਗਈ ਹੈ। ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਵਕੀਲ ਰਾਜੀਵ ਮੋਹਨ ਅਤੇ ਮਹਿਲਾ ਪਹਿਲਵਾਨਾਂ ਦੀ ਵਕੀਲ ਰੇਬੇਕਾ ਜੌਹਨ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਅੱਜ ਦਿੱਲੀ ਪੁਲਿਸ ਦੇ ਵਕੀਲ ਅਤੁਲ ਸ੍ਰੀਵਾਸਤਵ ਨੇ ਬਹਿਸ ਕਰਦੇ ਹੋਏ ਇਹ ਗੱਲ ਕਹੀ।
ਤੁਹਾਨੂੰ ਦੱਸ ਦਈਏ ਕਿ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਹੋਰ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ ਅਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ। ਦਿੱਲੀ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਸੀ। ਮਹਿਲਾ ਪਹਿਲਵਾਨਾਂ ਦੀ ਤਰਫੋਂ ਵਕੀਲ ਰੇਬੇਕਾ ਜੌਹਨ ਨੇ ਕਿਹਾ ਸੀ ਕਿ ਬ੍ਰਿਜ ਭੂਸ਼ਣ ਵੱਲੋਂ ਐਫਆਈਆਰ ਅਤੇ ਚਾਰਜਸ਼ੀਟ ਨੂੰ ਨੋਟਿਸ ਵਿੱਚ ਲੈਣ ਦੇ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਨਾਲ ਹੀ ਇਸ ਮਾਮਲੇ ਵਿੱਚ ਸਿਰਫ਼ ਇੱਕ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਸਾਰੇ ਸ਼ਿਕਾਇਤਕਰਤਾਵਾਂ ਦੇ ਬਿਆਨ ਦਰਜ ਕੀਤੇ ਗਏ ਹਨ। ਸਾਰੀਆਂ ਐਫਆਈਆਰਜ਼ ਇੱਕੋ ਵਿਅਕਤੀ ਖ਼ਿਲਾਫ਼ ਦਰਜ ਕੀਤੀਆਂ ਗਈਆਂ ਸਨ। ਸਾਰੇ ਸ਼ਿਕਾਇਤਕਰਤਾਵਾਂ ਨੇ ਇੱਕੋ ਕਿਸਮ ਦੇ ਅਪਰਾਧ ਬਾਰੇ ਦੱਸਿਆ ਹੈ। ਵਕੀਲ ਨੇ ਕਿਹਾ ਕਿ ਜੇਕਰ ਇੱਕ ਦੋਸ਼ੀ ਵੱਲੋਂ ਇੱਕ ਤੋਂ ਵੱਧ ਅਪਰਾਧ ਕੀਤੇ ਜਾਂਦੇ ਹਨ ਤਾਂ ਦੋਸ਼ੀ ਨੂੰ ਸਾਰੇ ਦੋਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰੇਬਿਕਾ ਜੌਹਨ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ (ਏ.ਸੀ.ਐੱਮ.ਐੱਮ.) ਹਰਜੀਤ ਸਿੰਘ ਜਸਪਾਲ ਨੇ ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਣਵਾਈ ਦੌਰਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਅਦਾਲਤ ਵਿੱਚ ਮੌਜੂਦ ਸਨ।
Comment here