ਸਿਆਸਤਖਬਰਾਂਚਲੰਤ ਮਾਮਲੇ

ਰਾਜਪਾਲ ਨੇ ਸੀਐੱਮ ਮਾਨ ਤੋਂ ਪੰਜਾਬ ‘ਤੇ ਚੜ੍ਹੇ ਕਰਜ਼ੇ ਦਾ ਮੰਗਿਆ ਹਿਸਾਬ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5637 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਸਬੰਧੀ ਪ੍ਰਾਪਤ ਪੱਤਰ ਦਾ ਜਵਾਬ ਜਾਰੀ ਕੀਤਾ। ਪੱਤਰ ਵਿੱਚ ਰਾਜਪਾਲ ਨੇ ਆਰਡੀਐਫ ਮੁੱਦੇ ਨਾਲ ਜੁੜੀਆਂ ਪੇਚੀਦਗੀਆਂ ਨੂੰ ਉਜਾਗਰ ਕਰਦੇ ਹੋਏ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੋਹਰਾਇਆ। ਮੁੱਖ ਮੰਤਰੀ ਨੂੰ ਲਿਖੇ ਜਵਾਬੀ ਪੱਤਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਫਰਜ਼ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਨ ਉਨ੍ਹਾਂ ਨੂੰ ਹੈ। ਇਸ ਲਈ ਉਹ ਪ੍ਰਧਾਨ ਮੰਤਰੀ ਕੋਲ ਆਰਡੀਐਫ ਦਾ ਮੁੱਦਾ ਉਠਾਉਣ ਲਈ ਮੁੱਖ ਮੰਤਰੀ ਵੱਲੋਂ ਦਖਲ ਦੇਣ ਦੀ ਬੇਨਤੀ ਨੂੰ ਸਵੀਕਾਰ ਕਰ ਰਹੇ ਹਨ।
ਹਾਲਾਂਕਿ, ਰਾਜਪਾਲ ਨੇ ਇਹ ਵੀ ਕਿਹਾ ਕਿ ਇਹ ਮਾਮਲਾ ਫਿਲਹਾਲ ਵਿਚਾਰ ਅਧੀਨ ਹੈ ਅਤੇ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਰਾਜਪਾਲ ਨੇ ਕਾਨੂੰਨ ਦੀ ਉਚਿਤ ਪ੍ਰਕਿਰਿਆ ਦਾ ਸਨਮਾਨ ਕਰਨ ਅਤੇ ਇਸ ਮਾਮਲੇ ‘ਤੇ ਨਿਆਂਇਕ ਫੈਸਲੇ ਦੀ ਉਡੀਕ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੋਈ ਹੋਰ ਕਾਰਵਾਈ ਕਰਨ ਤੋਂ ਪਹਿਲਾਂ ਨਿਆਂਇਕ ਪ੍ਰਕਿਰਿਆ ਦੇ ਨਤੀਜੇ ਦੀ ਉਡੀਕ ਕਰਨੀ ਉਚਿਤ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੀ ਵਿੱਤੀ ਹਾਲਤ ਬਾਰੇ ਰਾਜਪਾਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ 50,000 ਕਰੋੜ ਰੁਪਏ ਦਾ ਕਰਜ਼ਾ ਵਧਿਆ ਹੈ।
ਆਰਡੀਐਫ ਮੁੱਦੇ ਦੇ ਹੱਲ ਲਈ ਅੱਗੇ ਵਧਦੇ ਹੋਏ ਰਾਜਪਾਲ ਨੇ ਮੁੱਖ ਮੰਤਰੀ ਨੂੰ ਇਸ ਵੱਡੀ ਕਰਜ਼ੇ ਦੀ ਰਕਮ ਦੀ ਵਰਤੋਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨ ਲਈ ਕਿਹਾ ਹੈ। ਰਾਜਪਾਲ ਦਾ ਮੰਨਣਾ ਹੈ ਕਿ ਇਹ ਜਾਣਕਾਰੀ ਉਹ ਪ੍ਰਧਾਨ ਮੰਤਰੀ ਦੇ ਸਾਹਮਣੇ ਕੇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੇ ਯੋਗ ਬਣਾਵੇਗੀ ਅਤੇ ਇਹ ਦਰਸਾ ਸਕੇਗੀ ਕਿ ਫੰਡਾਂ ਦੀ ਵਰਤੋਂ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਜ਼ਿੰਮੇਵਾਰੀ ਨਾਲ ਕੀਤੀ ਗਈ ਹੈ। ਦੱਸ ਦਈਏ ਮਾਮਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਿਸ਼ਾਨੇ ਉੱਤੇ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਸੀਐੱਮ ਮਾਨ ਮੁੜ ਤੋਂ ਆਰਡੀਐੱਫ ਪ੍ਰਾਪਤ ਕਰਨ ਲਈ ਡਰਾਮਾ ਰਚ ਰਹੇ ਹਨ।

Comment here