ਸਿਆਸਤਖਬਰਾਂ

ਰਾਜੇਵਾਲ ਸਮਰਾਲਾ ਤੇ ਰੁਲਦੂ ਸਿੰਘ ਮਾਨਸਾ ਤੋਂ ਲੜਨਗੇ ਚੋਣ

ਮਾਛੀਵਾੜਾ ਸਾਹਿਬ-ਕਿਸਾਨ ਅੰਦੋਲਨ ਦੌਰਾਨ ਅੰਤਰਰਾਸ਼ਟਰੀ ਪੱਧਰ ਦੀ ਪਹਿਚਾਣ ਬਣੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਹਲਕਾ ਸਮਰਾਲਾ ਤੋਂ ਚੋਣ ਲੜਨ ਦਾ ਬਿਗੁਲ ਵਜਾਉਂਦਿਆਂ ਇਲਾਕੇ ’ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਚੋਣ ਮੈਦਾਨ ’ਚ ਉਤਰਨ ਤੋਂ ਬਾਅਦ ਹਲਕਾ ਸਮਰਾਲਾ ’ਚ ਕਾਫ਼ੀ ਸਿਆਸੀ ਉੱਥਲ-ਪੁਥਲ ਹੋਵੇਗੀ ਕਿਉਂਕਿ ਉਕਤ ਕਿਸਾਨ ਆਗੂ ਜਿੱਥੇ ਇਸ ਹਲਕੇ ਨਾਲ ਸਬੰਧ ਰੱਖਦੇ ਹਨ ਉੱਥੇ ਹੀ ਉਨ੍ਹਾਂ ਦਾ ਹਰੇਕ ਸਿਆਸੀ ਪਾਰਟੀ ਦੇ ਆਗੂਆਂ ਨਾਲ ਸਿੱਧਾ ਰਾਬਤਾ ਵੀ ਹੈ।
ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਰਾਜੇਵਾਲ ਸਿਆਸਤ ਵਿਚ ਕੋਈ ਨਵੇਂ ਨਹੀਂ ਅਤੇ ਕਈ ਸਾਲ ਪਹਿਲਾਂ ਉਨ੍ਹਾਂ ਦੀਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਨਜ਼ਦੀਕੀਆਂ ਰਹੀਆਂ। ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਨ੍ਹਾਂ ਦੀਆਂ ਚੋਣ ਲੜਨ ਦੀਆਂ ਚਰਚਾਵਾਂ ਜ਼ੋਰਾਂ ’ਤੇ ਰਹੀਆਂ ਅਤੇ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬੰਸ ਸਿੰਘ ਮਾਣਕੀ ਦਾ ਵੀ ਸਮਰਥਨ ਕੀਤਾ ਸੀ। ਕਿਸਾਨੀ ਮੁੱਦਿਆਂ ਦੇ ਮਾਹਿਰ, ਪੜ੍ਹੇ-ਲਿਖੇ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਨੇੜਤਾ ਰੱਖਣ ਵਾਲੇ ਬਲਬੀਰ ਸਿੰਘ ਰਾਜੇਵਾਲ ਨੂੰ ਚੋਣਾਂ ’ਚ ਕਾਫ਼ੀ ਲਾਭ ਮਿਲ ਸਕਦਾ ਹੈ।
ਕਿਸਾਨ ਅੰਦੋਲਨ ਜਿੱਤਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀਆਂ 42 ਕਿਸਾਨ ਜਥੇਬੰਦੀਆਂ ’ਚੋਂ 22 ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਨਾਮ ਦੀ ਨਵੀਂ ਪਾਰਟੀ ਦਾ ਗਠਨ ਕਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ ਤੋਂ ਉਮੀਦਵਾਰ ਉਤਾਰਨ ਦਾ ਐਲਾਨ ਕਰ ਦਿੱਤਾ ਹੈ। ਬੇਸ਼ੱਕ ਸੰਯੁਕਤ ਸਮਾਜ ਮੋਰਚਾ ਵੱਲੋਂ ਅਜੇ ਤੱਕ ਕਿਸੇ ਵੀ ਸੀਟ ’ਤੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਬਲਕਿ ਇਸ ਪਾਰਟੀ ਦੇ ਸੁਪਰੀਮੋ ਬਲਬੀਰ ਸਿੰਘ ਰਾਜੇਵਾਲ ਵੱਲੋਂ ਅੱਜ ਹਲਕਾ ਸਮਰਾਲਾ ’ਚ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਉਹ ਆਪਣੇ ਸਮਰਥਕਾਂ ਸਮੇਤ ਮਾਛੀਵਾੜਾ ਇਲਾਕੇ ’ਚ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਦਿਖਾਈ ਦਿੱਤੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਅੱਜ ਹਲਕਾ ਸਮਰਾਲਾ ਦੀਆਂ ਸਰਗਰਮੀਆਂ ਵਿਚ ਕਈ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਵੀ ਨਜ਼ਰ ਆਏ ਜੋ ਕਿ ਵਿਰੋਧੀ ਸਿਆਸੀ ਪਾਰਟੀਆਂ ਲਈ ਵੀ ਖ਼ਤਰੇ ਦੀ ਘੰਟੀ ਹੈ ਕਿ ਉਨ੍ਹਾਂ ਦਾ ਵੋਟ ਬੈਂਕ ਨਾ ਬਿਖ਼ਰ ਜਾਵੇ।
ਰੁਲਦੂ ਸਿੰਘ ਮਾਨਸਾ ਤੋਂ ਲੜਨਗੇ ਚੋਣ
ਸੰਯੁਕਤ ਸਮਾਜ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ। ਉਹ ਦਿੱਲੀ ਕਿਸਾਨ ਮੋਰਚੇ ’ਚ ਵੀ ਡਟੇ ਰਹੇ ਸਨ। ਮਾਨਸਾ ਦੇ ਪੇਂਡੂ ਖੇਤਰਾਂ ਤੇ ਕਿਸਾਨੀ ਸਫਾਂ ’ਚ ਉਨ੍ਹਾਂ ਦਾ ਚੰਗਾ ਖਾਸਾ ਜਨ-ਆਧਾਰ ਹੈ ਅਤੇ ਉਨ੍ਹਾਂ ਦੀ ਸ਼ਹਿਰ ’ਚ ਵੀ ਚੰਗੀ ਪਕੜ ਹੈ। ਉਨ੍ਹਾਂ ਨੂੰ ਦਿੱਲੀ ਕਿਸਾਨ ਸੰਘਰਸ਼ ਕਮੇਟੀ ਦਾ ਆਗੂ ਵੀ ਹੋਣ ਕਾਰਨ ਵੀ ਫਾਇਦਾ ਮਿਲ ਸਕਦਾ ਹੈ।
ਭਾਵੇਂ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨੇ ਆਪਸ ਵਿੱਚ ਚੋਣ ਗੱਠਜੋੜ ਕਰਨ ਦਾ ਫ਼ੈਸਲਾ ਕਰ ਕੇ ਅਗਲੇ ਦਿਨਾਂ ਵਿਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਐਲਾਨ ਕੀਤਾ ਹੈ ਪਰ ਰੁਲਦੂ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਹਲਕੇ ਤੋਂ ਆਪਣੀ ਚੋਣ ਮੁਹਿੰਮ ਭਲਕੇ ਆਰੰਭ ਕਰ ਦਿੱਤੀ ਜਾਵੇਗੀ। ਉਹ ਇੱਥੇ ਬਾਬਾ ਬੂਝਾ ਸਿੰਘ ਭਵਨ ਵਿਚ ਗੱਲ ਕਰ ਰਹੇ ਸਨ। ਉਨ੍ਹਾਂ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਜਾਣ ਵਾਲੇ ਮੁੱਖ ਐਲਾਨਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਬੱਜਰੀ-ਰੇਤਾ, ਟਰਾਂਸਪੋਰਟ, ਕੇਬਲ ਅਤੇ ਸ਼ਰਾਬ ਦਾ ਕੌਮੀਕਰਨ ਕੀਤਾ ਜਾਵੇਗਾ।

Comment here