ਸਿਆਸਤਖਬਰਾਂ

ਰੁਜ਼ਗਾਰ ਮੇਲੇ ’ਚ ਪੀਐੱਮ ਨੇ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੀਂ ਦਿੱਲੀ-ਜੰਮੂ-ਕਸ਼ਮੀਰ ਦੇ ਨੌਜਵਾਨ ਆਪਣੇ ਸੂਬੇ ਦੇ ਵਿਕਾਸ ਲਈ ਵੱਡੀ ਗਿਣਤੀ ‘ਚ ਅੱਗੇ ਆ ਰਹੇ ਹਨ। ਜੰਮੂ-ਕਸ਼ਮੀਰ ਦੀਆਂ 20 ਥਾਵਾਂ ’ਤੇ 3,000 ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉੱਚਾਈਆਂ ’ਤੇ ਲਿਜਾਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਜੰਮੂ ’ਚ ਰੁਜ਼ਗਾਰ ਮੇਲੇ ’ਚ ਆਏ ਇਨ੍ਹਾਂ ਨੌਜਵਾਨਾਂ ਅਤੇ ਜਨਤਾ ਨੂੰ ਸੰਬੋਧਿਤ ਕਰਦਿਆਂ ਇਹ ਅਪੀਲ ਕੀਤੀ। ਇਸ ਮੌਕੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਮੌਜੂਦ ਸਨ।
ਪ੍ਰਧਾਨ ਮੰਤਰੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਰਬਪੱਖੀ ਵਿਕਾਸ ਨੂੰ ਤੇਜ਼ ਕਰਨ ਅਤੇ ਭ੍ਰਿਸ਼ਟਾਚਾਰ ਸਿਸਟਮ ਨੂੰ ਬਦਲਣ ਵਿਚ ਸਿਨਹਾ ਅਤੇ ਉਨ੍ਹਾਂ ਦੀ ਟੀਮ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਹੁਸ਼ਿਆਰ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਜੰਮੂ-ਕਸ਼ਮੀਰ ਵਿਚ 20 ਵੱਖ-ਵੱਖ ਥਾਵਾਂ ‘ਤੇ 3,000 ਨੌਜਵਾਨਾਂ ਨੂੰ ਸਰਕਾਰ ਵਿਚ ਲੋਕ ਨਿਰਮਾਣ ਵਿਭਾਗ, ਸਿਹਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਪਸ਼ੂ ਪਾਲਣ, ਜਲ ਸ਼ਕਤੀ, ਸਿੱਖਿਆ-ਸੱਭਿਆਚਾਰ ਆਦਿ ਵੱਖ-ਵੱਖ ਵਿਭਾਗਾਂ ਵਿਚ ਸੇਵਾ ਕਰਨ ਦਾ ਮੌਕਾ ਮਿਲਣ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਬਹੁਤ-ਬਹੁਤ ਵਧਾਈ ਹੋਵੇ। ਆਉਣ ਵਾਲੇ ਦਿਨਾਂ ’ਚ ਹੋਰ ਵਿਭਾਗਾਂ ਵਿਚ ਵੀ 700 ਤੋਂ ਵੱਧ ਨਿਯੁਕਤੀ ਪੱਤਰ ਦੇਣ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਹੁਣ ਪੁਰਾਣੀਆਂ ਚੁਣੌਤੀਆਂ ਨੂੰ ਪਿੱਛੇ ਛੱਡਣ ਅਤੇ ਨਵੀਆਂ ਸੰਭਾਵਨਾਵਾਂ ਦਾ ਪੂਰਾ ਫਾਇਦਾ ਚੁੱਕਣ ਦਾ ਸਮਾਂ ਹੈ।

Comment here