ਸਿਆਸਤਖਬਰਾਂਚਲੰਤ ਮਾਮਲੇ

ਵਿਧਾਨ ਸਭਾ ਇਜਲਾਸ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਅੱਜ ਦੇ ਵਿਸ਼ੇਸ਼ ਇਜਲਾਸ ’ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕੱਲ੍ਹ ਲਈ ਮੁਲਤਵੀ ਕਰ ਦਿੱਤਾ ਗਿਆ। ਸ਼ਰਧਾਂਜਲੀ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੈਨਾਨੀ ਉਜਾਗਰ ਸਿੰਘ, ਹੌਲਦਾਰ ਸ਼ਹੀਦ ਮਨਦੀਪ ਸਿੰਘ, ਖਿਡਾਰੀ ਕੌਰ ਸਿੰਘ ਅਤੇ ਪੁੰਛ ’ਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਨੂੰ ਯਾਦ ਕੀਤਾ ਗਿਆ।
ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ
ਸਦਨ ’ਚ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ। ਆਓ, ਜਾਣਦੇ ਹਾਂ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਜੀਵਨ ਬਾਰੇ। ਪ੍ਰਕਾਸ਼ ਸਿੰਘ ਬਾਦਲ ਨੇ 10 ਵਾਰ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕੀਤੀ। ਸਾਲ 1957 ’ਚ ਉਹ ਪਹਿਲੀ ਵਾਰ ਵਿਧਾਨ ਸਭਾ ਲਈ ਚੁਣੇ ਗਏ। ਇਸ ਤੋਂ ਇਲਾਵਾ ਸਾਲ 1977 ’ਚ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਦੀ ਸਰਕਾਰ ’ਚ ਉਹ ਕਰੀਬ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੀ ਰਹੇ। ਉਨ੍ਹਾਂ ਪਹਿਲੀ ਵਾਰ ਸਾਲ 1970 ’ਚ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਮਰਹੂਮ ਕਬੱਡੀ ਖਿਡਾਰੀ ਨੰਗਲ ਅੰਬੀਆਂ ਨੂੰ ਦਿੱਤੀ ਸ਼ਰਧਾਂਜਲੀ
ਸੈਸ਼ਨ ਦੌਰਾਨ ਸਦਨ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਲਾਲ ਸਿੰਘ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਵੀ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਸਮੂਹ ਹਾਜ਼ਰ ਮੈਬਰਾਂ ਨੂੰ ਉਨ੍ਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਓਡੀਸ਼ਾ ਰੇਲ ਹਾਦਸੇ ’ਚ ਮਾਰੇ ਗਏ 300 ਤੋਂ ਜ਼ਿਆਦਾ ਲੋਕਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਰੱਖੀ ਗਈ। ਜਿਸ ਤੋਂ ਬਾਅਦ ਸਦਨ ’ਚ ਮੌਨ ਧਾਰਨ ਕਰਕੇ ਇਨ੍ਹਾਂ ਲੋਕਾਂ ਨੂੰ ਯਾਦ ਕੀਤਾ ਗਿਆ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਮੰਗਲਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਭਲਕੇ ਵਿਧਾਨ ਸਭਾ ਤੇ ਵਿਸ਼ੇਸ਼ ਇਜਲਾਸ ’ਚ ਸਰਕਾਰ ਗੁਰਦੁਆਰਾ ਸੋਧ ਬਿੱਲ ਲੈਕੇ ਆਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਦੀ ਮਾਨ ਸਰਕਾਰ ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਕਰਨ ਜਾ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ’ਚ ਸਾਰੀ ਦੁਨੀਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਇਹ ਸੋਧ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਦੁਨੀਆ ਭਰ ’ਚ ਵੱਸਦੀ ਗੁਰੂ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦੇ ਅਨੁਸਾਰ ਲਿਆ ਗਿਆ ਹੈ।

Comment here