ਸਿਆਸਤਖਬਰਾਂਚਲੰਤ ਮਾਮਲੇ

ਵਿਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ : ਐਡਵੋਕੇਟ ਧਾਮੀ

ਅੰਮ੍ਰਿਤਸਰ :  ਹਾਲ ਹੀ ਵਿੱਚ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਸਿੰਘਾਂ ਨੂੰ ਵਿਸਾਖੀ ਦੇ ਮੌਕੇ ਰਿਹਾਅ ਕਰਨ ਦੀ ਮੰਗ ਉਠੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੰਗ ਉਠਾਈ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਰਿਹਾ ਕਰਨ ਦਾ ਐਲਾਨ ਕੀਤਾ ਸੀ, ਜੋ ਅਜੇ ਤਕ ਅਮਲ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਸ਼ੁਭ ਮੌਕੇ ਤੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਸਰਕਾਰ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇਨਸਾਫ ਨਹੀਂ ਦੇ ਸਕਦਾ, ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ. ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅੱਗੇ ਹੋ ਕੇ ਬੰਦੀ ਸਿੱਖਾਂ ਦੀ ਰਿਹਾਈ ਕਰਨੀ ਚਾਹੀਦੀ ਹੈ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਪਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਦੱਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰ ਕੇ ਸਰਕਾਰ ਨੂੰ ਭੇਜਿਆ ਗਿਆ ਸੀ।

Comment here