ਜਲੰਧਰ-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਸਮੂਹ ਰਿਟਰਨਿੰਗ ਅਫਸਰਾਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਵੋਟਿੰਗ ਦੌਰਾਨ ਸਾਰੇ ਕੋਵਿਡ ਸੁਰੱਖਿਆ ਪ੍ਰੋਟੋਕੋਲ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਗੋਲ ਘੇਰੇ (ਮਾਰਕਰ) ਬਣਾਏ ਜਾਣਗੇ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਅਤੇ ਸੈਕਟਰ ਅਫ਼ਸਰ ਪੋਲਿੰਗ ਬੂਥਾਂ ‘ਤੇ ਸਾਰੇ ਕੋਵਿਡ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।ਉਨ੍ਹਾਂ ਕਿਹਾ ਕਿ ਕੁਰਸੀਆਂ, ਟੈਂਟ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵੱਡੇ ਜਨਤਕ ਹਿੱਤ ਵਿੱਚ ਸਮਾਜਿਕ ਦੂਰੀ ਨੂੰ ਯਕੀਨੀ ਬਣਾਇਆ ਜਾ ਸਕੇ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਥਰਮਲ ਸਕੈਨਿੰਗ ਅਤੇ ਹੈਂਡ ਸੈਨੀਟਾਈਜ਼ੇਸ਼ਨ ਵੀ ਕੀਤੀ ਜਾਵੇਗੀ ਅਤੇ ਵੋਟਰਾਂ, ਪੋਲਿੰਗ ਸਟਾਫ਼ ਨੂੰ ਮਾਸਕ ਅਤੇ ਗਲਵਜ਼ ਮੁਹੱਈਆ ਕਰਵਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਦੇ ਨਾਲ ਡਿਪਟੀ ਕਮਿਸ਼ਨਰ ਨੇ ਸਾਰੇ 9 ਹਲਕਿਆਂ ਵਿੱਚ ਵੋਟਿੰਗ ਸਲਿੱਪਾਂ ਦੀ ਵੰਡ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਕਾਰਜ ਨੂੰ ਇਕ-ਦੋ ਦਿਨਾਂ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਪਾਸ ਰਿਪੋਰਟ ਜਮ੍ਹਾ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸਟਰਾਂਗ ਰੂਮਾਂ ਅਤੇ ਕਾਊਂਟਿੰਗ ਰੂਮਾਂ ਦਾ ਵੀ ਜਾਇਜ਼ਾ ਲਿਆ ਅਤੇ ਨਾਲ ਹੀ ਆਰ.ਓਜ਼ ਨੂੰ ਆਪੋ-ਆਪਣੇ ਹਲਕਿਆਂ ਵਿੱਚ ਮਾਡਲ ਪੋਲਿੰਗ ਸਟੇਸ਼ਨਾਂ ਅਤੇ ਵੂਮੈਨ ਪੋਲਿੰਗ ਸਟੇਸ਼ਨਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਅਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੀ.ਡਬਲਯੂ.ਡੀ. ਵੋਟਰਾਂ ਦੀ ਸਹੂਲਤ ਲਈ ਸਾਰੇ ਬੂਥਾਂ ‘ਤੇ ਰੈਂਪ ਅਤੇ ਵ੍ਹੀਲ ਚੇਅਰਾਂ ਤੋਂ ਇਲਾਵਾ ਹੈਲਪਰਾਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਪੀ.ਡਬਲਯੂ.ਡੀ ਅਤੇ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਲਈ ਪੋਸਟਲ ਬੈਲਟ ਸਹੂਲਤ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਈ.ਵੀ.ਐਮਜ਼ ਦੀ ਢੋਆ-ਢੁਆਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਸਾਰੇ ਸੈਕਟਰ ਅਫ਼ਸਰਾਂ ਨੂੰ ਪੋਲ ਡੇਅ ਮੈਨੇਜਮੈਂਟ ਸਿਸਟਮ ਐਪ ਡਾਊਨਲੋਡ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ, ਪੀ.ਸੀ.ਐਸ. ਅਧਿਕਾਰੀ (ਯੂਟੀ) ਗੁਰਲੀਨ ਕੌਰ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਹੋਰ ਮੌਜੂਦ ਸਨ।
Comment here