ਅਪਰਾਧਸਿਆਸਤਖਬਰਾਂ

ਸ਼੍ਰੋਮਣੀ ਕਮੇਟੀ ਰਾਜੋਆਣਾ ਦੀ ਰਿਹਾਈ ਲਈ ਮੁੜ ਹੋਈ ਸਰਗਰਮ

ਅੰਮਿ੍ਤਸਰ-  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਚ ਸਜ਼ਾ ਯਾਫਤਾ ਖਾਲਿਸਤਾਨੀ ਅੱਤਵਾਦੀ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮਾਫੀ ਦਾ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਇਕ ਵਾਰ ਫੇਰ ਚੁੱਕਿਆ ਜਾ ਰਿਹਾ ਹੈ। ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ ਕੇ ਦੇਰੀ ਕਰ ਰਹੀ ਹੈ, ਜਦਕਿ ਸੁਪਰੀਮ ਕੋਰਟ ਨੇ ਇਸ ਸੰਬੰਧ ਵਿਚ ਸਰਕਾਰ ਨੂੰ ਫੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ | ਉਨ੍ਹਾ ਕਿਹਾ ਕਿ ਇਸ ਮਾਮਲੇ ਵਿਚ ਜਲਦ ਫੈਸਲੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ | ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੂੰ ਮਿਲਣ ਲਈ  ਰਾਜੋਆਣਾ ਦੀ ਭੈਣ ਕਮਲਦੀਪ ਕੌਰ ਪਹੁੰਚੀ ਸੀ, ਜਿਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਾਮਲੇ ਦੇ ਨਿਪਟਾਰੇ ਲਈ ਕੇਂਦਰ ਤੱਕ ਪਹੁੰਚ ਕਰਨ ਲਈ ਕਿਹਾ | ਬੀਬੀ ਜਗੀਰ ਕੌਰ ਨੇ ਉਸ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਰਾਜੋਆਣਾ ਦੇ ਕੇਸ ਨੂੰ ਲੈ ਕੇ ਸੰਜੀਦਾ ਹੈ ਅਤੇ ਇਸ ਸੰਬੰਧ ਵਿਚ ਗ੍ਰਹਿ ਮੰਤਰਾਲੇ ਨੂੰ ਮੁੜ ਪੱਤਰ ਲਿਖਿਆ ਜਾਵੇਗਾ | ਉਨ੍ਹਾ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਟਾਲ-ਮਟੋਲ ਵਾਲੀ ਨੀਤੀ ਅਪਣਾ ਰਹੀ ਹੈ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਚ ਪਾਈ ਗਈ ਅਪੀਲ ‘ਤੇ ਸਰਕਾਰ ਨੂੰ ਸਪੱਸ਼ਟ ਹਦਾਇਤ ਕੀਤੀ ਜਾ ਚੁੱਕੀ ਹੈ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਜਿਨ੍ਹਾਂ 8 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਉਸ ਵਿਚ ਰਾਜੋਆਣਾ ਦਾ ਨਾਂਅ ਵੀ ਸ਼ਾਮਲ ਸੀ | ਭਾਰਤ ਸਰਕਾਰ ਵੱਲੋਂ ਇਸ ਫੈਸਲੇ ਤਹਿਤ  ਰਾਜੋਆਣਾ ਦੀ ਸਜ਼ਾ ਬਦਲ ਕੇ ਉਮਰ ਕੈਦ ਵਿਚ ਕੀਤੀ ਜਾਣੀ ਸੀ, ਪਰ ਦੁੱਖ ਦੀ ਗੱਲ ਕਿ ਇਸ ਮਾਮਲੇ ਵਿਚ ਸਰਕਾਰ ਨੇ ਆਪਣੇ ਹੀ ਫੈਸਲੇ ਨੂੰ ਲਾਗੂ ਨਹੀਂ ਕੀਤਾ | ਬੀਬੀ ਜਗੀਰ ਕੌਰ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ ਭੁਗਤਦਿਆਂ 26 ਸਾਲ ਦਾ ਸਮਾਂ ਬੀਤ ਚੁੱਕਾ ਹੈ, ਜੋ ਦੋ ਵਾਰ ਉਮਰ ਕੈਦ ਦੇ ਬਰਾਬਰ ਹੈ | ਉਨ੍ਹਾ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ਵਿਚ ਜਲਦ ਫੈਸਲਾ ਕਰੇ |

Comment here