ਕੋਲੰਬੋ: ਸ੍ਰੀਲੰਕਾ ਵਿੱਚ ਡਿਪਲੋਮੈਟਾਂ ਅਤੇ ਅਧਿਕਾਰ ਸਮੂਹਾਂ ਨੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਵੱਲੋਂ ਦੇਸ਼ ਵਿੱਚ ਐਮਰਜੈਂਸੀ ਦੇ ਐਲਾਨ ਅਤੇ ਪੁਲੀਸ ਵੱਲੋਂ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ’ਤੇ ਤਾਕਤ ਦੀ ਵਰਤੋਂ ਕਰਨ ’ਤੇ ਚਿੰਤਾ ਪ੍ਰਗਟਾਈ ਹੈ। ਦੇਸ਼ ਦੇ ਸਭ ਤੋਂ ਮਾੜੇ ਆਰਥਿਕ ਸੰਕਟ ਅਤੇ ਲੋਕਾਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਰਾਸ਼ਟਰਪਤੀ ਨੇ ਇਹ ਕਦਮ ਚੁੱਕਿਆ ਹੈ। ਪ੍ਰਦਰਸ਼ਨਕਾਰੀ ਰਾਜਪਕਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੱਤਾਧਾਰੀ ਮੈਂਬਰਾਂ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਰਾਜਪਕਸ਼ੇ ਨੇ ਲੰਘੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਐਮਰਜੈਂਸੀ ਦੀ ਘੋਸ਼ਣਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਬਲਿਕ ਸੇਫਟੀ ਆਰਡੀਨੈਂਸ ਵੀ ਜਾਰੀ ਕੀਤਾ ਸੀ। ਐਮਰਜੈਂਸੀ ਦੇ ਉਪਬੰਧਾਂ ਦੇ ਤਹਿਤ, ਰਾਜਪਕਸੇ ਕਿਸੇ ਵੀ ਅਹਾਤੇ, ਜਾਇਦਾਦ ਦੀ ਤਲਾਸ਼ੀ ਅਤੇ ਜ਼ਬਤ ਕਰਨ ਅਤੇ ਕਿਸੇ ਵੀ ਵਿਅਕਤੀ ਨੂੰ ਨਜ਼ਰਬੰਦ ਕਰਨ ਦਾ ਅਧਿਕਾਰ ਦੇ ਸਕਦਾ ਹੈ। ਸ਼੍ਰੀਲੰਕਾ ਵਿੱਚ ਅਮਰੀਕੀ ਰਾਜਦੂਤ ਜੂਲੀ ਚੁੰਗ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਉਹ ਐਮਰਜੈਂਸੀ ਦੀ ਸਥਿਤੀ ਨੂੰ ਲਾਗੂ ਕਰਨ ਬਾਰੇ “ਚਿੰਤਤ” ਹੈ । ਉਹਨਾਂ ਨੇ ਕਿਹਾ ਕਿ ਸ਼ਾਂਤਮਈ ਨਾਗਰਿਕਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਸ਼੍ਰੀਲੰਕਾ ਨੂੰ ਜਿਸ ਅਸਲ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਦੇ ਲੰਬੇ ਸਮੇਂ ਦੇ ਹੱਲ ਦੀ ਲੋੜ ਹੈ, ਤਾਂ ਜੋ ਦੇਸ਼ ਖੁਸ਼ਹਾਲੀ ਅਤੇ ਸਾਰਿਆਂ ਲਈ ਮੌਕਿਆਂ ਦੇ ਰਾਹ ‘ਤੇ ਵਾਪਸ ਆ ਸਕੇ। ਐਮਰਜੈਂਸੀ ਇਸ ਵਿੱਚ ਮਦਦ ਨਹੀਂ ਕਰੇਗੀ। ਕੈਨੇਡੀਅਨ ਰਾਜਦੂਤ ਡੇਵਿਡ ਮੈਕਕਿਨਨ ਨੇ ਕਿਹਾ ਕਿ ਸ਼੍ਰੀਲੰਕਾ ਦੇ ਲੋਕਾਂ ਨੂੰ ਲੋਕਤੰਤਰ ਦੇ ਤਹਿਤ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਅਧਿਕਾਰ ਸਮੂਹ ਐਮਨੈਸਟੀ ਇੰਟਰਨੈਸ਼ਨਲ ਨੇ ਕਿਹਾ ਕਿ ਪ੍ਰਦਰਸ਼ਨ ਸ਼ਾਂਤੀਪੂਰਨ ਸਨ ਅਤੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਅਤੇ ਸ਼ਾਂਤੀਪੂਰਵਕ ਇਕੱਠੇ ਹੋਣ ਦੀ ਆਜ਼ਾਦੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਐਮਰਜੈਂਸੀ ਲਾਗੂ ਹੋਣ ਦੇ ਬਾਵਜੂਦ ਆਪਣਾ ਧਰਨਾ ਜਾਰੀ ਰੱਖਣ ਦਾ ਸੰਕਲਪ ਲਿਆ ਹੈ।
ਸ਼੍ਰੀਲੰਕਾ ‘ਚ ਐਮਰਜੈਂਸੀ ‘ਤੇ ਵਿਦੇਸ਼ੀ ਡਿਪਲੋਮੈਟ ਤੇ ਮਨੁੱਖੀ ਅਧਿਕਾਰ ਸੰਗਠਨ ਚਿੰਤਤ

Comment here