ਸਿਆਸਤਖਬਰਾਂ

ਸਾਡੇ ਵਿਦਿਅਕ ਅਦਾਰੇ ਵਿੱਤੀ ਸੰਕਟ ’ਚ, ਸਰਕਾਰ ਦੋਸ਼ੀ- ਜਗੀਰ ਕੌਰ

ਫਤਿਹਗੜ੍ਹ ਸਾਹਿਬ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰੋਨਾ ਕਾਲ ’ਚ ਸ਼੍ਰੋਮਣੀ ਕਮੇਟੀ ਵੱਲੋਂ ਬਿਹਤਰੀਨ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ’ਚ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ’ਚ ਜਿੱਥੇ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਲਗਭਗ 42 ਕਰੋੜ ਰੁਪਿਆ ਖੜ੍ਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਨੂੰ ਰਿਲੀਜ਼ ਕਰਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਨਾਲ ਕਈ ਵਾਰ ਮੁਲਾਕਾਤ ਕੀਤੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਮਿਲਿਆ ਹੈ ਪਰ ਇਸ ਦੇ ਬਾਵਜੂਦ ਵੀ ਕੋਈ ਪੈਸਾ ਪੰਜਾਬ ਸਰਕਾਰ ਵੱਲੋਂ ਰਿਲੀਜ਼ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਤਨਖ਼ਾਹਾਂ ਦੇਣ ’ਚ ਵੀ ਮੁਸ਼ਕਲ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਸਿਰਫ 100-100 ਤੇ 200-200 ਕਰੋੜ ਰੁਪਏ ਦੀਆਂ ਅਨਾਊਂਸਮੈਂਟਾਂ ਹੀ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਕੰਮ ਕਿਤੇ ਨਜ਼ਰ ਨਹੀਂ ਆਉਂਦੇ। ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਇਜਲਾਸ ਰੱਖਿਆ ਗਿਆ ਹੈ, ਜਿਸ ਵਿਚ ਆਉਣ ਵਾਲੇ ਪ੍ਰਧਾਨ ਦੀ ਚੋਣ ਲਈ ਤਾਰੀਖ਼ ਤੈਅ ਕੀਤੀ ਜਾਵੇਗੀ।
ਇਸ ਸੰਬੰਧੀ ਦੇਖਿਆ ਜਾਵੇ ਤਾਂ ਸ਼੍ਰੋਮਣੀ ਕਮੇਟੀ ਦਾ ਆਪਣਾ ਬਜਟ ਅਰਬਾਂ ’ਚ ਹੁੰਦਾ ਹੈ। ਜੇ ਕਮੇਟੀ ਚਾਹੇ ਤਾਂ ਇਸ ਸੰਬੰਧੀ ਆਪਣੇ ਤੌਰ ਤੇ ਇਸ ਵਿੱਤੀ ਸੰਕਟ ਦਾ ਹੱਲ ਕਰ ਸਕਦੀ ਹੈ। ਪ੍ਰਧਾਨ ਤੋਂ ਲੈ ਕੇ ਜਨਰਲ ਸਕੱਤਰ ਮੋਟੀਆਂ ਤਨਖਾਹਾਂ ਲੈ ਰਹੇ ਹਨ। ਪੰਜਾਬ ਸਰਕਾਰ ਨੂੰ ਕੋਸਣਾ ਜਾਇਜ਼ ਨਹੀਂ ਲੱਗ ਰਿਹਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਨੂੰ ਹੋਰ ਖਰਚੇ ਘਟਾ ਕੇ ਗੁਰਸਿੱਖੀ ਨੂੰ ਉਤਸ਼ਾਹ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਿੱਖੀ ਦਾ ਪ੍ਰਚਾਰ ਤੇ ਪਸਾਰ ਹੋ ਸਕੇ।

Comment here