ਅਪਰਾਧਸਿਆਸਤਖਬਰਾਂ

ਸਾਹਿਬਜਾਦਿਆਂ ਦਾ ਰੋਲ ਬੱਚਿਆਂ ਤੋਂ ਕਰਾਉਣ ਦਾ ਮਾਮਲਾ ਭਖਿਆ

ਐਸ ਜੀ ਪੀ ਸੀ ਵਲੋਂ ਨਰਾਜ਼ਗੀ

ਅੰਮ੍ਰਿਤਸਰ– ਸਿੱਖ ਰਹਿਤ ਮਰਿਆਦਾ ਤਹਿਤ ਕਿਸੇ ਵੀ ਗੁਰੂ ਸਾਹਿਬਾਨ ਜਾਂ ਉਹਨਾਂ ਦੇ ਪਰਿਵਾਰਾਂ ਬਾਰੇ ਕੁਝ ਵੀ ਪ੍ਰਸਾਰਿਤ ਤੇ ਪ੍ਰਚਾਰਿਤ ਕਰਨ ਤੋਂ ਪਹਿਲਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ ਚਰਚਾ ਕਰਨੀ ਹੁੰਦੀ ਹੈ ਅਤੇ ਪ੍ਰਵਾਨਗੀ ਲੈਣੀ ਹੁੰਦੀ ਹੈ, ਤਾਂ ਜੋ ਮਰਿਆਦਾ ਦੀ ਉਲੰਘਣਾ ਨਾ ਹੋਵੇ, ਪਰ ਅਕਸਰ ਕੁਤਾਹੀਆਂ ਹੋ ਜਾਂਦੀਆਂ ਹਨ। ਹੁਣ ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ 10ਵੇ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਇਆ ਹੈ, ਜਿਸ ਨੇ ਸਿੱਖ ਜਗਤ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਧਰਮ ਪ੍ਰਚਾਰ ਕਮੇਟੀ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਨੇ ਸਬੰਧਤ ਸਕੂਲ ਪਾਸੋਂ ਜਵਾਬ-ਤਲਬੀ ਕੀਤੀ ਹੈ, ਜਿਸ ’ਤੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ।

ਪੁਰਾਣੀ ਹੈ ਵੀਡੀਓ

ਸਾਰੇ ਮਾਮਲੇ ਤੇ ਵਿਵਾਦ ਭਖਣ ਮਗਰੋਂ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਸਾਲ 2019 ਦੀ ਹੈ, ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਏ ’ਤੇ ਪਾ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਅਗਿਆਨਤਾ ਹੋਣ ਕਾਰਨ ਅਜਿਹਾ ਹੋਇਆ ਹੈ ਅਤੇ ਉਹ ਸਿੱਖ ਜਗਤ ਤੋਂ ਇਸ ਗਲਤੀ ਦੀ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਖ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਆਖਿਆ ਕਿ ਬੀਤੇ ਕੱਲ੍ਹ ਜਦੋਂ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਪੜਤਾਲ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਅਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।

Comment here