ਸਿਆਸਤਖਬਰਾਂਚਲੰਤ ਮਾਮਲੇ

‘ਸਿਪਾਹੀ ਆਪਣੇ ਜਨਰਲ ਤੋਂ ਕੋਈ ਸਵਾਲ ਨਹੀਂ ਕਰਦੇ’ : ਨਵਜੋਤ ਸਿੱਧੂ

ਚੰਡੀਗੜ੍ਹ-ਆਗਾਮੀ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਬਿਆਨ ਆਇਆ ਹੈ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਹੈ ਕਿ ਇਕੱਠੇ ਚੋਣ ਲੜਨ ਜਾਂ ਸੀਟਾਂ ਦੀ ਵੰਡ ਦੇ ਮੁੱਦੇ ‘ਤੇ ਪਾਰਟੀ ਹਾਈਕਮਾਂਡ ਵੱਲੋਂ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਪਾਰਟੀ ਹਾਈਕਮਾਂਡ ਦੇਸ਼ ਹਿੱਤ ‘ਚ ਫੈਸਲਾ ਲਵੇਗੀ, ਸਿਪਾਹੀ ਆਪਣੇ ਜਰਨੈਲ ਨੂੰ ਸਵਾਲ ਨਹੀਂ ਕਰਦਾ’।
ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਸਿਪਾਹੀ ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਫੈਸਲੇ ਨੂੰ ਮੰਨਦਾ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜੇਕਰ ਕਾਂਗਰਸ ਹਾਈਕਮਾਂਡ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜਨ ਦਾ ਫੈਸਲਾ ਕਰਦੀ ਹੈ ਤਾਂ ਉਹ ਹਾਈਕਮਾਂਡ ਦੇ ਫੈਸਲੇ ਦੇ ਖਿਲਾਫ ਨਹੀਂ ਹਨ। ਇਸ ਦੇ ਜਵਾਬ ਵਿਚ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਪੰਜਾਬ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੇ ਮੂਡ ਵਿਚ ਨਹੀਂ ਹਨ, ਜਦਕਿ ਆਮ ਆਦਮੀ ਪਾਰਟੀ ਗਠਜੋੜ ਲਈ ਬੇਤਾਬ ਹੈ।’
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬੁੱਧਵਾਰ ਨੂੰ ਕਿਹਾ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਭਰੋਸਾ ਹੈ ਕਿ ਹਾਈਕਮਾਂਡ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਬਾਰੇ ਕੋਈ ਫੈਸਲਾ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਨਹੀਂ ਲਵੇਗੀ।

Comment here