ਅਪਰਾਧਸਿਆਸਤਖਬਰਾਂ

ਸਿੰਘੂ ਕਤਲ ਕਾਂਡ : ਮੁਲਜਮ਼ਾਂ ਦੀਆਂ ਤਸਵੀਰਾਂ ਕੇਂਦਰੀ ਮੰਤਰੀ ਨਾਲ ਆਉਣ ਤੇ ਬਵਾਲ

ਸੰਯੁਕਤ ਕਿਸਾਨ ਮੋਰਚੇ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ
ਨਵੀਂ ਦਿੱਲੀ-ਹੁਣੇ ਜਿਹੇ ਸੋਸ਼ਲ ਮੀਡੀਆ ’ਤੇ ਕੁੱਲ ਤਿੰਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿਚੋਂ ਇਕ ’ਚ ਕੇਂਦਰੀ ਮੰਤਰੀ ਨਰੇਂਦਰ ਤੋਮਰ ਨਿਹੰਗ ਬਾਬਾ ਅਮਨ ਸਿੰਘ ਦੇ ‘ਸਿਰੋਪਾ’ ਪਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਮੀਟਿੰਗ ਜੁਲਾਈ ਦੇ ਅਖ਼ੀਰ ਵਿਚ ਹੋਈ ਸੀ। ਇਕ ਹੋਰ ਤਸਵੀਰ ਵਿਚ ਬਾਬਾ ਅਮਨ ਸਿੰਘ ਤੇ ਪਿੰਕੀ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਨਾਲ ਬੈਠ ਕੇ ਲੰਚ ਕਰਦੇ ਨਜ਼ਰ ਆ ਰਹੇ ਹਨ। ਇਸ ਮੌਕੇ ਸੁਨੀਲ ਕੁਮਾਰ ਸਿੰਘ (ਝਾਰਖੰਡ ਤੋਂ ਸੰਸਦ ਮੈਂਬਰ), ਰਾਜਸਥਾਨ ਤੋਂ ਸੌਰਭ ਸਰਸਵਤ (ਕੌਮੀ ਜਨਰਲ ਸਕੱਤਰ, ਭਾਰਤ-ਤਿੱਬਤ ਸੰਘ), ਸੁਖਮਿੰਦਰਪਾਲ ਸਿੰਘ ਗਰੇਵਾਲ (ਕੌਮੀ ਕਿਸਾਨ ਆਗੂ ਭਾਜਪਾ ਤੇ ਸਾਬਕਾ ਕੌਮੀ ਸਕੱਤਰ-ਭਾਜਪਾ ਕਿਸਾਨ ਮੋਰਚਾ) ਵੀ ਹਾਜ਼ਰ ਸਨ। ਗਰੇਵਾਲ ਜੰਮੂ ਤੇ ਕਸ਼ਮੀਰ, ਭਾਰਤ-ਤਿੱਬਤ ਸੰਘ ਦੀਆਂ ਇਕਾਈਆਂ ਨਾਲ ਵੀ ਜੁੜੇ ਹੋਏ ਹਨ।
ਸੰਯੁਕਤ ਕਿਸਾਨ ਮੋਰਚੇ ਸਮੇਤ ਦੂਜੇ ਸਿਆਸੀ ਆਗੂਆਂ ਵਲੋਂ ਵੀ ਇਸ ’ਤੇ ਸਵਾਲ ਚੁੱਕੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਭਾਜਪਾ ਮੋਰਚੇ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦਾ ਪੈਂਤੜਾ ਅਪਣਾ ਸਕਦੀ ਹੈ। ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਬੇਹੱਦ ਜ਼ਰੂਰੀ ਹੋ ਗਈ ਹੈ।
ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਤਸਵੀਰਾਂ ਵਿਚ ਬਾਬਾ ਅਮਨ ਸਿੰਘ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਵਿਚ ਤਸਵੀਰਾਂ ਵਿਚ ਬਰਖਾਸਤ ਪੁਲਸ ਕਰਮਚਾਰੀ ਅਤੇ ਸਾਬਕਾ ਪੁਲਸ ਕੈਟ ਗੁਰਮੀਤ ਸਿੰਘ ਪਿੰਕੀ ਜੋ ਕਿ ਕਤਲ ਦਾ ਵੀ ਮੁਲਜ਼ਮ ਹੈ ਵੀ ਇਕ ਮਿਲਣੀ ਮੌਕੇ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ ਬਾਬਾ ਅਮਨ ਕੇਂਦਰ ਸਰਕਾਰ ਨਾਲ ਕਿਸਾਨਾਂ ਦੇ ਚੱਲ ਰਹੇ ਟਕਰਾਅ ਨੂੰ ਹੱਲ ਕਰਨ ਲਈ ‘ਪਰਦੇ ਪਿੱਛਿਓਂ ਭੂਮਿਕਾ ਨਿਭਾਉਣ ਵਾਲਿਆਂ’ ਵਿਚ ਸ਼ਾਮਲ ਸੀ।
ਮੋਰਚਾ ਪਹਿਲਾਂ ਹੀ ਕਰ ਚੁੱਕਾ ਹੈ ਜਾਂਚ ਦੀ ਮੰਗ
ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਰਾਕੇਸ਼ ਟਕੈਤ, ਜੋਗਿੰਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਬੇਅਦਬੀ ਦੇ ਸਬੂਤ ਸਾਹਮਣੇ ਆਉਣੇ ਚਾਹੀਦੇ ਹਨ ਅਤੇ ਕਾਤਲਾਂ ਨੂੰ ਸਜ਼ਾ ਹੋਣੀ ਚਾਹੀਦੀ ਹੈ। ਇਹੀ ਨਹੀਂ ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਸੀ ਕਿ ਉਹ ਨਿਹੰਗ ਜਥੇਬੰਦੀਆਂ ਨੂੰ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਇਥੋਂ ਚਲੇ ਜਾਣ, ਇਹ ਧਾਰਮਿਕ ਸੰਘਰਸ਼ ਨਹੀਂ ਸਗੋਂ ਕਿਸਾਨ ਸੰਘਰਸ਼ ਹੈ। ਇਸ ਤੋਂ ਇਲਾਵਾ ਕਿਸਾਨ ਮੋਰਚਾ ਨੇ ਸਾਫ ਕਿਹਾ ਸੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਹਿੰਸਕ ਘਟਨਾ ਦੇ ਪੱਖ ਵਿਚ ਨਹੀਂ ਹਨ।
ਮ੍ਰਿਤਕ ਦੀ ਭੈਣ ਨੇ ਪਹਿਲਾਂ ਹੀ ਕੀਤਾ ਸੀ ਵੱਡਾ ਖੁਲਾਸਾ
ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ’ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਦੇ ਲਖਬੀਰ ਸਿੰਘ ਉਰਫ ਟੀਟੂ ਦੀ ਭੈਣ ਨੇ ਖੁਲਾਸਾ ਕਰਦਿਆਂ ਦੱਸਿਆ ਸੀ ਕਿ ਕਤਲ ਤੋਂ 6 ਦਿਨ ਪਹਿਲਾਂ ਉਹ ਘਰੋਂ 50 ਰੁਪਏ ਲੈਕੇ ਝਬਾਲ ਦੀ ਦਾਨਾਮੰਡੀ ਵਿਚ ਦਿਹਾੜੀ ਲਗਾਉਣ ਗਿਆ ਸੀ। ਮ੍ਰਿਤਕ ਦੀ ਵੱਡੀ ਭੈਣ ਰਾਜਵਿੰਦਰ ਕੌਰ ਅਤੇ ਲਖਬੀਰ ਇਕੋ ਮਕਾਨ ਵਿਚ ਰਹਿੰਦੇ ਸਨ। ਰਾਜਵਿੰਦਰ ਨੇ ਦੱਸਿਆ ਕਿ ਲਖਬੀਰ ਸਿੰਘ ਨੇ 13 ਅਕਤੂਬਰ ਨੂੰ ਪਿੰਡ ਵਿਚ ਇਕ ਵਿਆਹ ਸਮਾਗਮ ਵਿਚ ਭਾਗ ਲਿਆ ਸੀ ਅਤੇ ਸ਼ਾਮ ਵੇਲੇ ਇਕ ਨਿਹੰਗ ਸਿੰਘ ਦੇ ਭੇਸ ਵਿਚ ਆਇਆ ਕੋਈ ਵਿਅਕਤੀ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਭੈਣ ਨੇ ਦੱਸਿਆ ਕਿ ਉਹ ਅਕਸਰ ਕਿਸੇ ‘ਸੰਧੂ’ ਨਾਮ ਦੇ ਵਿਅਕਤੀ ਨਾਲ ਲੰਮਾ ਸਮਾਂ ਮੋਬਾਈਲ ’ਤੇ ਗੱਲਾਂ ਕਰਦਾ ਰਹਿੰਦਾ ਸੀ ਅਤੇ ਉਹ ਇਹ ਵੀ ਆਖਦਾ ਸੀ ਕਿ ਉਸ ਦੀ ਪਹੁੰਚ ਹੁਣ ਬਹੁਤ ਦੂਰ ਤੱਕ ਹੋ ਗਈ ਹੈ। ਉਕਤ ਨੇ ਇਹ ਵੀ ਦੱਸਿਆ ਕਿ ਫੋਨ ਕਰਨ ਸਮੇਂ ਉਹ ਸਾਰਿਆਂ ਨੂੰ ਕਮਰੇ ਵਿਚੋਂ ਬਾਹਰ ਕੱਢ ਦਿੰਦਾ ਸੀ। ਲਖਬੀਰ ਸਿੰਘ ਦੀ ਭੈਣ ਨੇ ਕਿਹਾ ਕਿ ਉਹ ਬੇਅਬਦੀ ਨਹੀਂ ਕਰ ਸਕਦਾ ਹੈ।
ਸਿੰਘੂ ਘਟਨਾ ’ਤੇ ਕੀ ਬੋਲੇ ਅਮਰਿੰਦਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੰਘੂ ਹੱਤਿਆਕਾਂਡ ਮਾਮਲੇ ’ਤੇ ਬੋਲਦੇ ਹੋਏ ਕਿਹਾ ਕਿ ਤਰਨਤਾਰਨ ਦੇ ਇਕ ਦਲਿਤ ਵਿਅਕਤੀ ਦੀ ਦਿੱਲੀ ਅਤੇ ਹਰਿਆਣਾ ਦੇ ਵਿਚਕਾਰ ਸਿੰਘ ਸਰਹੱਦ ’ਤੇ ਕਥਿਤ ਤੌਰ ’ਤੇ ਨਿਹੰਗਾਂ ਵਲੋਂ ਕੁੱਟਮਾਰ ਕੀਤੀ ਗਈ ਜੋ ਕਿ ਇਕ ਭਿਆਨਕ ਤ੍ਰਾਸਦੀ ਸੀ। ਉਨ੍ਹਾਂ ਕਿਹਾ ਕਿ ਮੈਂ ਨਹੀਂ ਮੰਨਦਾ ਕਿ ਉਹ ਬੇਅਦਬੀ ਕਰ ਰਿਹਾ ਸੀ, ਕਿਉਂਕਿ ਬਹੁਤ ਸਾਰੇ ਲੋਕ ਸਨ। ਜਿਸ ਵਿਅਕਤੀ ਨੇ ਅਜਿਹਾ ਕੀਤਾ ਉਸ ਨੂੰ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ਦੇ ਦਿਮਾਗ ’ਚ ਇਹ ਗੱਲ ਅੜੀ ਹੋਈ ਸੀ ਕਿ ਉਹ ਬੇਅਦਬੀ ਕਰਨ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਵਿਅਕਤੀ ਨਸ਼ੇ ’ਚ ਹੋ ਸਕਦਾ ਪਰ ਬੇਅਦਬੀ ਨਹੀਂ ਕਰ ਸਕਦਾ।
ਚੰਦੂਮਾਜਰਾ ਨੇ ਕਤਲ ਕਾਂਡ ’ਚ ਕਾਂਗਰਸ ਨੂੰ ਘੇਰਿਆ
ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਰਜਾ ਨੇ ਕਿਹਾ ਨੇ ਕਿਹਾ ਕਿ ਨਿਹੰਗ ਬਾਬਾ ਅਮਰ ਸਿੰਘ ਦੀ ਕੇਂਦਰੀ ਮੰਤਰੀ ਅਤੇ ਪਿੰਕੀ ਕੈਟ ਨਾਲ ਤਸਵੀਰ ਸਾਹਮਣੇ ਆਉਣ ’ਤੇ ਅਕਾਲੀ ਦਲ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਪਹਿਲਾਂ ਹੀ ਕਈ ਤਰ੍ਹਾਂ ਦੀਆਂ ਅਟਕਲਾਂ ਸਨ, ਪਰ ਜਦੋਂ ਇਹ ਤਸਵੀਰ ਸਾਹਮਣੇ ਆਈ ਹੈ, ਤਾਂ ਉਸ ਡਰ ’ਤੇ ਮੋਹਰ ਲੱਗ ਗਈ ਹੈ। ਇਹ ਸਾਜਿਸ਼ ਭਾਜਪਾ ਨੂੰ ਮਹਿੰਗੀ ਪੈ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਾਂਗਰਸ ਨੇ ਵੀ ਅਜਿਹੀਆਂ ਗਲਤੀਆਂ ਕੀਤੀਆਂ ਸਨ, ਜਿਸਦਾ ਖਮਿਆਜ਼ਾ ਕਾਂਗਰਸ ਨੂੰ ਭੁਗਤਣਾ ਪਿਆ ਸੀ। ਭਾਜਪਾ ਨੂੰ ਸਬਕ ਸਿੱਖਣਾ ਚਾਹੀਦਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਇੱਕ ਜ਼ਿੰਮੇਵਾਰ ਵਿਅਕਤੀ ਹਨ, ਉਨ੍ਹਾਂ ਨੂੰ ਜਵਾਬ ਦੇਣਾ ਪਵੇਗਾ ਕਿ ਸੱਚਾਈ ਕੀ ਹੈ। ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕੇਂਦਰ ਸਰਕਾਰ ਨੂੰ ਅਜੇ ਵੀ ਸੋਚਣਾ ਚਾਹੀਦਾ ਹੈ।
ਉੱਪ ਮੁੱਖ ਮੰਤਰੀ ਨੇ ਕੀਤੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਸਿੰਘੂ ਸਰਹੱਦ ’ਤੇ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੀ ਨਿੰਦਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰੇਗੀ। ਇਸ ’ਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੇ ਸਮਰਥਨ ’ਚ ਹੈ। ਜੇਕਰ ਭਵਿੱਖ ’ਚ ਅਜਿਹੀਆਂ ਹੱਤਿਆਵਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ ਗਈ ਤਾਂ ਇੱਥੇ ਵੀ ਤਾਲਿਬਾਨ ਵਰਗੀ ਸਥਿਤੀ ਪੈਦਾ ਹੋ ਜਾਵੇਗੀ।
ਧਰਨਾ ਚੁੱਕਣ ਲਈ 10 ਲੱਖ ਤੇ ਘੋੜਿਆਂ ਦੀ ਪੇਸ਼ਕਸ਼ ਕੀਤੀ ਸੀ : ਨਿਹੰਗ ਬਾਬਾ ਅਮਨ ਸਿੰਘ
ਨਿਹੰਗ ਜਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਦੀ ਬੀਜੇਪੀ ਆਗੂਆਂ ਨਾਲ ਤਸਵੀਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਸਮੇਤ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗ ਹੋਈ ਸੀ ਅਤੇ ਸਿੰਘੂ ਬਾਰਡਰ ਵਾਲੀ ਥਾਂ ਖਾਲ੍ਹੀ ਕਰਨ ਲਈ ਕਥਿਤ ਤੌਰ ’ਤੇ 10 ਲੱਖ ਰੁਪਏ ਨਕਦ ਅਤੇ ਘੋੜਿਆਂ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੇਸ਼ਕਸ਼ ਠੁਕਰਾ ਦਿੱਤੀ ਸੀ। ਉਨ੍ਹਾਂ ਕਿਹਾ,‘ਅਸੀਂ ਚਾਰ ਮੰਗਾਂ ਕੀਤੀਆਂ ਸਨ- ਖੇਤੀਬਾੜੀ ਕਾਨੂੰਨ ਵਾਪਸ ਲੈਣਾ, ਐੱਮਐੱਸਪੀ ਗਾਰੰਟੀ,  ਬੇਅਦਬੀ ਮਾਮਲਿਆਂ ਵਿੱਚ ਨਿਆਂ ਅਤੇ ਸਾਡੇ ਵਿਰੁੱਧ ਕੇਸ ਵਾਪਸ ਲੈਣਾ ਸ਼ਾਮਲ ਸਨ। ਅਸੀਂ ਕਿਹਾ ਕਿ ਉਦੋਂ ਹੀ ਧਰਨਾ ਚੁੱਕਾਂਗੇ ਜਦੋਂ ਸਾਡੀਆਂ ਮੰਗਾਂ ਪੂਰੀਆਂ ਹੋਣਗੀਆਂ। ਅਸੀਂ ਪੈਸੇ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤੀ ਤੇ ਅਸੀਂ ਆਪਣੀਆਂ ਮੰਗਾਂ ਸਬੰਧੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀਆਂ ਵੀ ਲਿਖੀਆਂ।’
ਸ਼੍ਰੋਮਣੀ ਕਮੇਟੀ ਵਲੋਂ ਢੱਡਰੀਆਂਵਾਲੇ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਨਿੰਦਾ ਮਤਾ ਪਾਸ
ਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ।  ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ।
ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਵੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਓ ਮੰਡੀ ਚੌਂਕ ਦੇ ਨਜ਼ਦੀਕ ਹੰਸਲੀ ਵਾਲੀ ਜਗ੍ਹਾ ’ਤੇ ਉਸਾਰੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੇ ਰਹਿਣ ਵਾਸਤੇ ਨਵੀਂ ਤਿਆਰ ਕੀਤੀ ਜਾਣ ਵਾਲੀ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ।

Comment here