ਅਪਰਾਧਸਿਆਸਤਖਬਰਾਂ

ਸਿੰਜਾਈ ਘੁਟਾਲਾ : ਵਿਜੀਲੈਂਸ ਵੱਲੋਂ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਦੀ ਜਾਂਚ ਵਿਚ ਤੇਜ਼ੀ ਲਿਆਉਂਦਿਆਂ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਸਮੇਤ ਤਿੰਨ ਸੇਵਾ-ਮੁਕਤ ਆਈਏਐੱਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇ.ਬੀ.ਐੱਸ. ਸਿੱਧੂ ਅਤੇ ਕਾਹਨ ਸਿੰਘ ਪੰਨੂ ਨੂੰ ਮੁੜ ਪੁੱਛਗਿੱਛ ਲਈ ਤਲਬ ਕਰ ਲਿਆ ਹੈ। ਵਿਜੀਲੈਂਸ ਅਨੁਸਾਰ ਇਨ੍ਹਾਂ ਵਿਅਕਤੀਆਂ ਤੋਂ ਪਹਿਲੀ ਤੋਂ ਤਿੰਨ ਫਰਵਰੀ ਤੱਕ ਪੁੱਛ-ਪੜਤਾਲ ਕੀਤੀ ਜਾਵੇਗੀ। ਵੇਰਵਿਆਂ ਅਨੁਸਾਰ ਕਾਹਨ ਸਿੰਘ ਪੰਨੂ ਅਤੇ ਸ਼ਰਨਜੀਤ ਢਿੱਲੋਂ ਨੂੰ ਪਹਿਲੀ ਫਰਵਰੀ, ਸਰਵੇਸ਼ ਕੌਸ਼ਲ ਤੇ ਜਨਮੇਜਾ ਸਿੰਘ ਸੇਖੋਂ ਨੂੰ 2 ਫਰਵਰੀ ਤੇ ਕੇ.ਬੀ.ਐੱਸ. ਸਿੱਧੂ ਨੂੰ 3 ਫਰਵਰੀ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਵਿਜੀਲੈਂਸ ਅਨੁਸਾਰ ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਸੱਦਿਆ ਗਿਆ ਸੀ ਤੇ ਸਿੰਜਾਈ ਘੁਟਾਲੇ ਨਾਲ ਜੁੜੇ ਅਹਿਮ ਸਵਾਲ ਪੁੱਛੇ ਗਏ ਸਨ। ਵਿਜੀਲੈਂਸ ਮੁਤਾਬਕ ਪਹਿਲਾਂ ਕੀਤੀ ਤਫ਼ਤੀਸ਼ ਦੌਰਾਨ ਪੁੱਛੇ ਗਏ ਸਵਾਲਾਂ ਦੀ ਲੜੀ ਵਿਚ ਹੀ ਤਫ਼ਤੀਸ਼ ਨੂੰ ਅੱਗੇ ਤੋਰਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 17 ਅਗਸਤ 2017 ਨੂੰ ਧਾਰਾ 406, 409, 420, 467, 468, 471, 477, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਅਤੇ ਸਿੰਜਾਈ ਵਿਭਾਗ ਦੇ ਇੰਜੀਨੀਅਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Comment here