ਸਿਆਸਤਖਬਰਾਂ

ਸਿੱਖਾਂ ਦੀ ਆਵਾਜ਼ ਚੁੱਕਣ ਲਈ ਬਣਾਵਾਂਗੇ ‘ਅਕਾਲੀ ਦਲ ਹਰਿਆਣਾ’: ਦਾਦੂਵਾਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਦਿਨੀਂ ਇੱਕ ਬਿਆਨ ਦਿੱਤਾ ਗਿਆ। ਜਿਸ ਅਨੁਸਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਚ ਇਕ ਪ੍ਰਾਈਵੇਟ ਚੈਨਲ ਵੱਲੋਂ ਪ੍ਰਸਾਰਣ ਬੰਦ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਸੈਟੇਲਾਈਟ ਚੈਨਲ ਬਣਵਾਉਣਾ ਚਾਹੀਦਾ ਹੈ। ਇਸ ਬਿਆਨ ਤੋਂ ਬਾਅਦ ਸਿਆਸਤ ਗਰਮਾਈ ਹੋਈ ਨਜ਼ਰ ਆ ਰਹੀ ਹੈ। ਬੀਤੇ ਦਿਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੌਰਾਨ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਬਿਆਨ ਵਿੱਚ ਹਾਮੀ ਭਰੀ। ਉਨ੍ਹਾਂ ਕਿਹਾ ਕਿ ਇਹ ਬਿਆਨ ਜਿਥੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਹੁਤ ਪਹਿਲਾਂ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਹਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਪੰਥ ਰਤਨ ਫ਼ਖ਼ਰ-ਏ-ਕੌਮ ਐਵਾਰਡ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪ ਹੀ ਵਾਪਸ ਕਰ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੀ ਵੀ ਸ਼੍ਰੋਮਣੀ ਅਕਾਲੀ ਦਲ ਦੀ ਅਜਿਹੀ ਹਾਰ ਨਹੀਂ ਹੋਈ, ਜਿਸ ਤਰ੍ਹਾਂ ਇਸ ਵਾਰ ਹੋਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸ਼੍ਰੋਮਣੀ ਅਕਾਲੀ ਦਲ ਜਿੱਤਦੀ ਸੀ ਜਾਂ ਫਿਰ ਵਿਰੋਧੀ ਧਿਰ ’ਚ ਆਉਂਦੀ ਸੀ ਪਰ ਇਸ ਵਾਰ ਤਾਂ ਬਾਦਲ ਪਰਿਵਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਸਾਦੀ ਹਾਰ ਦਾ ਸਾਹਮਣਾ ਕਰਨਾ ਪਿਆ। ਜਥੇਦਾਰ ਬਲਜੀਤ ਦਾਦੂਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ਦੀ ਤਰਜ਼ ’ਤੇ ਅਕਾਲੀ ਦਲ ਹਰਿਆਣਾ ਵੀ ਸਥਾਪਿਤ ਕੀਤਾ ਜਾਵੇਗਾ, ਜੋ ਹਰਿਆਣਾ ਦੇ ਸਿੱਖਾਂ ਦੀ ਆਵਾਜ਼ ਬੁਲੰਦ ਕਰੇਗਾ। ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਬਜਟ ਪਾਸ ਕੀਤਾ ਤੇ ਪੰਜ ਅਰਬ ਦਾ ਘਾਟਾ ਦੱਸਿਆ। ਉਨ੍ਹਾਂ ਦੱਸਿਆ ਕਿ ਇਸ ਦਾ ਵੀ ਇਕ ਕਾਰਨ ਬਾਦਲ ਪਰਿਵਾਰ ਹੀ ਹੈ, ਜਿਸ ਕਰਕੇ ਸੰਗਤਾਂ ਦੀ ਆਸਥਾ ਘਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਜੇ ਗੁਰਦੁਆਰਿਆਂ ਦਾ ਬਜਟ ਬਹੁਤ ਘੱਟ ਹੈ ਪਰ ਫਿਰ ਵੀ ਇਸ ਵਾਰ ਅਸੀਂ ਬਜਟ ਪਾਸ ਕੀਤਾ ਤਾਂ ਪਹਿਲਾਂ ਨਾਲੋਂ 25 ਫੀਸਦੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਨੂੰ ਪੰਜ ਅਰਬ ਦਾ ਘਾਟਾ ਕਿਉਂ ਪਿਆ, ਇਸ ਦਾ ਜਵਾਬ ਦੇਣਾ ਚਾਹੀਦਾ ਹੈ।

Comment here