ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਿੱਖ ਕੈਦੀਆਂ ਦੀ ਰਿਹਾਈ ਲਈ ਬਣੀ ਕਮੇਟੀ ਦੀ ਪਲੇਠੀ ਬੈਠਕ

ਅੰਮ੍ਰਿਤਸਰ- ਸਿੱਖ ਜਥੇਬੰਦੀਆਂ ਵਲੋਂ ਅੱਜ ਕੱਲ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਮੇ ਅਰਸੇ ਤੋਂ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਸਰਗਰਮੀ ਚਲਾਈ ਜਾ ਰਹੀ ਹੈ। ਇਸ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਬਣੀ ਸਿੱਖ ਕੈਦੀਆਂ ਦੀ ਰਿਹਾਈ ਸਬੰੰਧੀ ਕਮੇਟੀ ਦੀ ਪਲੇਠੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ। ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਸਕਰਨ ਸਿੰਘ ਕਾਹਨਸਿੰਘ ਵਾਲਾ ਜਰਨਲ ਸਕੱਤਰ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਸੀਨੀਅਰ ਮੀਤ ਪ੍ਰਧਾਨ ਪਰਮਜੋਤ ਸਿੰਘ ਚਾਹਲ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੈਦੀਆਂ ਦੀ ਰਿਹਾਈ ਲਈ ਬਣਾਈ ਗਈ ਗਿਆਰਾਂ ਮੈਂਬਰੀ ਕਮੇਟੀ ਸਰਬੱਤ ਖਾਲਸੇ ਦਾ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਸਰਬੱਤ ਖ਼ਾਲਸੇ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਲਈ ਚੁਣਿਆ ਗਿਆ ਹੈ ਅਤੇ ਇਹ ਸਿੱਖ ਕੈਦੀਆਂ ਦੀ ਰਿਹਾਈ ਕਰਵਾਉਣ ਵਿੱਚ ਸਫਲ ਹੋਣਗੇ। ਧਾਮੀ ਨੇ ਕਿਹਾ ਕਿ 15 ਦਿਨਾਂ ਦੇ ਅੰਦਰ ਅੰਦਰ ਸਿੱਖ ਕੈਦੀਆਂ ਦਾ ਇੱਕ ਡਾਟਾ ਤਿਆਰ ਹੋਵੇਗਾ। ਜਿਸ ਨੂੰ ਲੈ ਕੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਇਸ ਨੂੰ ਰੱਖਣਗੇ, ਜਿਸ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਗੇ ਵੀ ਇੱਕ ਡਾਟਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦ ਹਨ ਉਥੋਂ ਦੇ ਮੁੱਖ ਮੰਤਰੀਆਂ ਅੱਗੇ ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ, ਲੋੜ ਪੈਣ ਤੇ ਵਕੀਲਾਂ ਤੇ ਸਾਬਕਾ ਜੱਜਾਂ ਦੀਆਂ ਸਬ ਕਮੇਟੀਆਂ ਬਣਾ ਕੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ ।

 

Comment here