ਜੰਤਰ-ਮੰਤਰ ਵਿਖੇ ਅਕਾਲੀ ਦਲ ਨੇ ਲਾਇਆ ਧਰਨਾ
ਆਵਦੀ ਹੋਂਦ ਬਚਾਉਣ ਲਈ ਲਾ ਰਹੇ ਨੇ ਮੋਰਚੇ-ਸਿਰਸਾ ਨੇ ਕੀਤੀ ਟਿੱਚਰ
ਨਵੀਂ ਦਿੱਲੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵੱਲੋਂ ਜੰਤਰ-ਮੰਤਰ ਵਿਖੇ ਧਰਨਾ ਲਾਇਆ ਗਿਆ ਹੈ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਅਕਾਲੀ ਵਰਕਰ ਮੌਜੂਦ ਹਨ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ‘ਅਸੀਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਆਂ’ ਗਾਣਾ ਬੈਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਯੂ-ਟਿਊਬ ਤੋਂ ਇਹ ਗਾਣਾ ਬੈਨ ਕਰ ਸਕਦੀ ਹੈ ਪਰ ਸਿੰਘਾਂ ਅਤੇ ਪੰਜਾਬੀਆਂ ਦੇ ਦਿਲਾਂ ‘ਚੋਂ ਬੈਨ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਵਾਸਤੇ ਜਾਨਾਂ ਕੁਰਬਾਨ ਕੀਤੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਸਾਡੇ ਭਰਾਵਾਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੇ ਜੋ ਕੀਤਾ ਹੈ, ਉਸ ਦੀ ਸਜ਼ਾ ਉਨ੍ਹਾਂ ਨੇ ਭੁਗਤ ਲਈ ਹੈ ਪਰ ਫਿਰ ਵੀ ਉਨ੍ਹਾਂ ਨੂੰ ਛੱਡਣ ਦਾ ਕੋਈ ਨਾਂ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਫਾਈਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੋਲ 7 ਮਹੀਨਿਆਂ ਤੋਂ ਪਈ ਹੈ ਪਰ ਇਸ ‘ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਕਈ ਲੋਕ ਸਾਡੀ ਕੌਮ ਦੀ ਤਾਕਤ ਨੂੰ ਘਟਾਉਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਅੱਜ ਵੱਡੀਆਂ-ਵੱਡੀਆਂ ਤਾਕਤਾਂ ਅਕਾਲੀ ਦਲ ਨੂੰ ਕਮਜ਼ੋਰ ਕਰਨ ‘ਚ ਲੱਗੀਆਂ ਹੋਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮਕਸਦ ਕੌਮ ਦੀ ਚੜ੍ਹਦੀ ਕਲਾ ਅਤੇ ਪੰਜਾਬੀਆਂ ਵਾਸਤੇ ਲੜਾਈ ਲੜਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰਾਂ ਵਾਸਤੇ ਨਹੀਂ ਲੜਦੀ। ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਅਕਾਲੀ ਦਲ ਸੱਤਾ ‘ਚ ਆਇਆ ਹੈ, ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ।
ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੇ ਹੀ ਆਪਣਾ ਵਿਰਸਾ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵੀ ਵਾਰ ਕੀਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪ੍ਰੋ. ਭੁੱਲਰ ਨੂੰ ਛੁਡਵਾ ਸਕਦੇ ਹਨ ਪਰ ਉਹ ਅਜਿਹਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਵਰਕਰ ਹੀ ਅਕਾਲੀ ਦਲ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅਤੇ ਕੌਮ ਨੂੰ ਬਚਾਉਣਾ ਹੈ।
ਮਨਪ੍ਰੀਤ ਇਯਾਲੀ ਗੈਰ ਹਾਜਰ ਰਹੇ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਵਿਖੇ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ ਪਰ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਇਸ ਧਰਨੇ ‘ਚੋਂ ਗੈਰ-ਹਾਜ਼ਰ ਰਹੇ। ਇਸ ਨੂੰ ਅਕਾਲੀ ਦਲ ‘ਚ ਉੱਠ ਰਹੀ ਬਗਾਵਤ ਵੱਜੋਂ ਦੇਖਿਆ ਜਾ ਰਿਹਾ ਹੈ। ਮਨਪ੍ਰੀਤ ਇਯਾਲੀ ਨੇ ਇਸ ਧਰਨੇ ‘ਚ ਨਾ ਪਹੁੰਚ ਕੇ ਹੀ ਆਪਣਾ ਰੋਸ ਜ਼ਾਹਰ ਨਹੀਂ ਕੀਤਾ, ਸਗੋਂ ਇਸ ਤੋਂ ਪਹਿਲਾਂ ਵੀ ਉਹ ਅਕਾਲੀ ਦਲ ਨਾਲ ਨਾਰਾਜ਼ਗੀ ਦਿਖਾ ਚੁੱਕੇ ਹਨ। ਉਨ੍ਹਾਂ ਨੇ ਹਾਲ ਹੀ ‘ਚ ਹੋਈ ਰਾਸ਼ਟਰਪਤੀ ਚੋਣ ਦਾ ਵੀ ਬਾਈਕਾਟ ਕੀਤਾ ਸੀ ਅਤੇ ਉਨ੍ਹਾਂ ਨੇ ਵੋਟ ਨਹੀਂ ਪਾਈ ਸੀ। ਉਦੋਂ ਮਨਪ੍ਰੀਤ ਇਯਾਲੀ ਨੇ ਪਾਰਟੀ ਲੀਡਰਸ਼ਿਪ ‘ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਐੱਨ. ਡੀ. ਏ. ਨੂੰ ਸਮਰਥਨ ਦੇਣ ਤੋਂ ਪਹਿਲਾਂ ਉਨ੍ਹਾਂ ਨਾਲ ਇਕ ਵਾਰ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਸੀ ਕਿ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਵੀ ਸਾਡੇ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸਾਡੀ ਲੀਡਰਸ਼ਿਪ (ਅਕਾਲੀ ਦਲ) ਵੀ ਜ਼ਿੰਮੇਵਾਰ ਹਨ। ਹੁਣ ਅਕਾਲੀ ਦਲ ਦੇ ਧਰਨੇ ‘ਚ ਸ਼ਾਮਲ ਨਾ ਹੋ ਕੇ ਉਨ੍ਹਾਂ ਨੇ ਇਕ ਵਾਰ ਫਿਰ ਆਪਣੀ ਨਾਰਾਜ਼ਗੀ ਜ਼ਾਹਰ ਕਰ ਦਿੱਤੀ ਹੈ।
ਪ੍ਰੋ. ਭੁੱਲਰ ਦੀ ਰਿਹਾਈ ‘ਤੇ ਘਿਰੀ ਕੇਜਰੀਵਾਲ ਸਰਕਾਰ
ਸਿੱਖ ਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਫਿਰ ਗਰਮਾ ਗਿਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਾਇਰ ਕੀਤਾ ਹੈ। ਜਿਸ ਵਿਚ ਕਿਹਾ ਹੈ ਕਿ ਅਸੀਂ ਮਈ ਵਿਚ ਹੀ ਪ੍ਰੋ. ਭੁੱਲਰ ਦੀ ਰਿਹਾਈ ‘ਤੇ ਇਤਰਾਜ਼ ਨਾ ਹੋਣ ਦਾ ਪੱਤਰ ਭੇਜਿਆ ਹੈ। ਹੁਣ ਇਹ ਮਾਮਲਾ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਕੋਲ ਪੈਂਡਿੰਗ ਹੈ। ਪੰਜਾਬ ਸਰਕਾਰ ਦੇ ਇਸ ਜਵਾਬ ਨਾਲ ਹੁਣ ਸਭ ਦੀਆਂ ਨਜ਼ਰਾਂ ਦਿੱਲੀ ਸਰਕਾਰ ‘ਤੇ ਟਿਕੀਆਂ ਹੋਈਆਂ ਹਨ ਕਿ ਇਹ ਕੀ ਜਵਾਬ ਦਿੰਦੀ ਹੈ। ਪੰਜਾਬ ਅਤੇ ਦਿੱਲੀ ਦੋਵਾਂ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹਾਲਾਂਕਿ, ਦਿੱਲੀ ਦੀ ‘ਆਪ’ ਸਰਕਾਰ ਦਾ ਤਰਕ ਹੈ ਕਿ ਇਹ ਮਾਮਲਾ ਸਜ਼ਾ ਸਮੀਖਿਆ ਬੋਰਡ ਕੋਲ ਪੈਂਡਿੰਗ ਹੈ। ਜਿਵੇਂ ਹੀ ਉਥੋਂ ਰਿਪੋਰਟ ਆਵੇਗੀ, ਉਹ ਤੁਰੰਤ ਇਸ ਨੂੰ ਮਨਜ਼ੂਰੀ ਦੇ ਦੇਣਗੇ।
ਆਪਣੇ ਵਜੂਦ ਲਈ ਲੜ ਰਿਹੈ ਬਾਦਲ ਦਲ-ਸਿਰਸਾ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਉਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਇਹ ਲੜਾਈ ਬੰਦੀ ਸਿੰਘਾਂ ਦੀ ਰਿਹਾਈ ਲਈ ਨਹੀਂ ਹੈ, ਸਗੋਂ ਅਕਾਲੀ ਦਲ ਦੇ ਵਜੂਦ ਦੀ ਹੈ। ਸਿਰਸਾ ਨੇ ਕਿਹਾ ਕਿ ਮੈਂ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਹਰਸਿਮਰਤ ਕੌਰ ਬਾਦਲ 2019 ਵਿੱਚ ਕੈਬਨਿਟ ਵਿੱਚ ਮੰਤਰੀ ਸੀ, ਫਿਰ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦਾ ਚੇਤਾ ਕਿਉਂ ਨਹੀਂ ਆਇਆ। ਹੁਣ ਜਦੋਂ ਅਕਾਲੀ ਦਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉਠ ਰਹੀ ਹੈ ਤਾਂ ਤੁਹਾਨੂੰ ਬੰਦੀ ਸਿੰਘ ਯਾਦ ਆ ਗਏ। , ਅੱਜ ਅਮਿਤ ਸ਼ਾਹ ਨੇ ਰਾਜਨਾਥ ਸਿੰਘ ਨੂੰ ਰੋਕ ਕੇ, ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾ ਰਹੇ ਹਨ।
Comment here