ਗੁਰਦਾਸਪੁਰ-ਕੁਝ ਦਿਨ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਸਜ਼ਾਵਾਂ ਕੱਟਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਕੀਤੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਪੱਤਰ ਰਾਹੀਂ ਫਤਹਿਜੰਗ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ 1984 ਦੌਰਾਨ ਅਪਰੇਸ਼ਨ ਬਲੂ ਸਟਾਰ ਮੌਕੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਕੈਦੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਦੇ ਮੁਕਾਬਲੇ ਤਿੰਨ ਗੁਣਾ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖ ਕੈਦੀ ਕਰੀਬ 38 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਇਹ ਕੈਦੀ ਕਾਨੂੰਨ ਅਨੁਸਾਰ ਨਾ ਸਿਰਫ਼ ਸਜ਼ਾਵਾਂ ਭੁਗਤ ਚੁੱਕੇ ਹਨ ਸਗੋਂ ਇਕ ਵੱਡਾ ਸੰਤਾਪ ਵੀ ਹੰਢਾ ਚੁੱਕੇ ਹਨ। ਇਸ ਲਈ ਹੁਣ ਉਨ੍ਹਾਂ ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਇਨ੍ਹਾਂ ਕੈਦੀਆਂ ਲਈ ਰਹਿਮ ਨਹੀਂ ਦਿਖਾਈ ਪਰ ਜਿਸ ਤਰ੍ਹਾਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਤੋਂ ਪਹਿਲਾਂ ਸਿੱਖਾਂ ਦੀ ਭਲਾਈ ਲਈ ਅਨੇਕਾਂ ਸਿੱਖਾਂ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ। ਉਸੇ ਤਰ੍ਹਾਂ ਪ੍ਰਧਾਨਮੰਤਰੀ ਪੰਜ ਜਨਵਰੀ ਨੂੰ ਫ਼ਿਰੋਜ਼ਪੁਰ ਫੇਰੀ ਮੌਕੇ ਇਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਜ਼ਰੂਰ ਕਰਨ।
Comment here