ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਸਿੱਖ ਜਥੇਬੰਦੀਆਂ ਵੱਲੋਂ ਕਾਬੁਲ ਹਮਲੇ ਖ਼ਿਲਾਫ਼ ਰੋਸ ਵਿਖਾਵਾ

ਇਤਰਾਜ਼ਯੋਗ ਟਿੱਪਣੀ ਲਈ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਕਾਰਨ ਪੁੱਛਿਆ

ਅੰਮ੍ਰਿਤਸਰ-ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ਵਿੱਚ ਇਸਲਾਮਿਕ ਅਤਿਵਾਦੀ ਜਥੇਬੰਦੀ ਵੱਲੋਂ ਕੀਤੇ ਗਏ ਹਮਲੇ ਦੇ ਵਿਰੋਧ ਵਿੱਚ  ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਅਫ਼ਗਾਨਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਭੇਜ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀ ਸਿੱਖ ਜਥੇਬੰਦੀਆਂ ਵਿੱਚ ਹਵਾਰਾ ਕਮੇਟੀ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਜਥਾ ਸਿਰਲੱਥ, ਭਗਤ ਧੰਨਾ ਜੀ ਤਰਨਾ ਦਲ, ਸਾਹਿਬਜ਼ਾਦਾ ਫ਼ਤਿਹ ਸਿੰਘ ਜਥਾ ਆਦਿ ਦੇ ਨੁਮਾਇੰਦੇ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਸਿੱਖਾਂ ਦੀ ਸੁਰੱਖਿਆ ਸਬੰਧੀ ਮੰਗ ਬਾਰੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਇਸ ਸਬੰਧੀ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਅਫ਼ਗਾਨਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਕਿ ਅਤਿਵਾਦੀ ਜਥੇਬੰਦੀ ਵੱਲੋਂ ਮੁਹੰਮਦ ਸਾਹਿਬ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲਿਆਂ ਨਾਲ ਸਿੱਖਾਂ ਨੂੰ ਕਿਉਂ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਕਦੇ ਵੀ ਮੁਹੰਮਦ ਸਾਹਿਬ ਖ਼ਿਲਾਫ਼ ਕੋਈ ਇਤਰਾਜ਼ਯੋਗ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਵਸਦੇ ਸਿੱਖਾਂ ਨੇ ਉਥੋਂ ਦੇ ਉਦਯੋਗ ਅਤੇ ਵਪਾਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ ਤੇ ਲੰਮੇ ਸਮੇਂ ਤੋਂ ਉਹ ਉੱਥੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਅਫ਼ਗ਼ਾਨਿਸਤਾਨ ਦੇ ਭਾਰਤ ਨਾਲ ਸੁਖਾਵੇਂ ਸਬੰਧ ਹਨ, ਇਸ ਦੇ ਬਾਵਜੂਦ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਨੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ

Comment here