ਸਿਆਸਤਖਬਰਾਂਚਲੰਤ ਮਾਮਲੇ

ਸਿੱਖ ਮਸਲਿਆਂ ਦੇ ਹੱਲ ਲਈ ਅਕਾਲੀ ਦਲ-ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਯੋਗੀ ਨਾਲ ਮੁਲਾਕਾਤ

ਲਖਨਊ-ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ-ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕਰ ਕੇ ਕੌਮ ਨੂੰ ਦਰਪੇਸ਼ ਮਸਲਿਆਂ ਵੱਲ ਉਨ੍ਹਾਂ ਦਾ ਧਿਆਨ ਦਿਵਾਇਆ। ਮੁੱਖ ਮੰਤਰੀ ਨੇ ਭਰੋਸਾ ਦੁਆਇਆ ਕਿ ਕਿਸੇ ਵੀ ਸਿੱਖ ਕਿਸਾਨ ਨੂੰ ਪੀੜਤ ਨਹੀਂ ਕੀਤਾ ਜਾਵੇਗਾ। 2014 ਵਿਚ ਸਹਾਰਨਪੁਰ ਵਿਚ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿਚ ਸਿੱਖਾਂ ਖਿਲਾਫ਼ ਦਰਜ ਸਾਰੇ ਕੇਸ ਵਾਪਸ ਲੈਣ ਲਏ ਜਾਣਗੇ। ਇਹ ਭਰੋਸਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਨਾਂ ਨੂੰ ਮਿਲੇ ਉੱਚ ਪੱਧਰੀ ਵਫ਼ਦ ਨੂੰ ਦੁਆਇਆ ਹੈ। ਵਫ਼ਦ ਵਿਚ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਸ਼ਾਮਿਲ ਸਨ। ਵੇਰਵੇ ਸਾਂਝੇ ਕਰਦਿਆਂ ਸ. ਬਾਦਲ ਨੇ ਕਿਹਾ ਕਿ ਭਾਵੇਂ ਯੋਗੀ ਆਦਿੱਤਿਆਨਾਥ ਦੇ ਦਖਲ ਸਦਕਾ 2020 ਵਿਚ ਸਿੱਖ ਵਫ਼ਦ ਦੀ ਮੁਲਾਕਾਤ ਮਗਰੋਂ ਸਿੱਖ ਕਿਸਾਨਾਂ ਦਾ ਉਨ੍ਹਾਂ ਵਲੋਂ ਕਾਸ਼ਤ ਕੀਤੀ ਜਾ ਰਹੀ ਜ਼ਮੀਨਾਂ ’ਚੋਂ ਉਜਾੜਾ ਰੁਕ ਗਿਆ ਸੀ ਪਰ ਕੁਝ ਮਾਮਲਿਆਂ ਵਿਚ ਸਿੱਖ ਕਿਸਾਨਾਂ ਨੂੰ ਥਾਂ ਖਾਲੀ ਕਰਵਾਉਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਹਲੀਮੀ ਨਾਲ ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਯੂ.ਪੀ. ਵਿਚ ਕਿਸੇ ਵੀ ਸਿੱਖ ਕਿਸਾਨ ਜਾਂ ਪੰਜਾਬੀ ਦਾ ਉਜਾੜਾ ਨਹੀਂ ਹੋਣ ਦੇਣਗੇ। ਮੁੱਖ ਮੰਤਰੀ ਨੇ ਆਪਣੇ ਰਾਜ ਮੰਤਰੀ ਬਲਦੇਵ ਸਿੰਘ ਔਲਖ ਨੂੰ ਆਖਿਆ ਕਿ ਉਹ ਸਾਰੇ ਕੇਸਾਂ ਦੀ ਘੋਖ ਕਰਨ ਤਾਂ ਜੋ ਇਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਇਨ੍ਹਾਂ ਕੇਸਾਂ ਵਿਚ ਮੁਰਾਦਾਬਾਦ, ਬਰੇਲੀ ਤੇ ਲਖਨਊ ਸਰਕਲਾਂ ’ਚ ਸਿੱਖ ਕਿਸਾਨਾਂ ਨੂੰ ਜ਼ਮੀਨ ਖਾਲੀ ਕਰਵਾਉਣ ਦੇ ਜਾਰੀ ਕੀਤੇ ਨੋਟਿਸ ਵੀ ਸ਼ਾਮਿਲ ਹਨ। ਵਫ਼ਦ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਹਾਰਨਪੁਰ ਵਿਚ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਲੈ ਕੇ ਦੋ ਫਿਰਕਿਆਂ ’ਚ ਹੋਏ ਝਗੜੇ ਦੇ ਕੁਝ ਕੇਸ ਤਾਂ ਵਾਪਸ ਹੋ ਗਏ ਹਨ, ਜਦੋਂ ਕਿ ਕੁਝ ਕੇਸ ਹਾਲੇ ਬਾਕੀ ਹਨ ਤੇ ਉਨ੍ਹਾਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਦੇ ਦਖਲ ਦੀ ਲੋੜ ਹੈ, ਜਿਸ ਲਈ ਯੋਗੀ ਆਦਿੱਤਿਆਨਾਥ ਨੇ ਸਹਿਮਤੀ ਦਿੱਤੀ। ਵਫ਼ਦ ਨੇ ਮੁੱਖ ਮੰਤਰੀ ਨੂੰ 1991 ਦੇ ਪੀਲੀਭੀਤ ਦੇ ਝੂਠੇ ਪੁਲਿਸ ਮੁਕਾਬਲੇ ਦੀ ਜਾਣਕਾਰੀ ਵੀ ਦਿੱਤੀ, ਜਿਸ ਵਿਚ 10 ਸਿੱਖ ਮਾਰੇ ਗਏ ਸਨ। ਵਫ਼ਦ ਨੇ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਨਿਰਦੋਸ਼ ਸਿੱਖਾਂ ਨੂੰ ਖਾੜਕੂ ਕਹਿ ਕੇ ਮਾਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਵਫਦ ਨੇ ਯੂ.ਪੀ. ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸਮੀਖਿਆ ਅਪੀਲ ਪਾਈ ਜਾਵੇ, ਜਿਸ ’ਤੇ ਮੁੱਖ ਮੰਤਰੀ ਨੇ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਮਾਮਲੇ ’ਚ ਨਿਆਂ ਯਕੀਨੀ ਬਣਾਇਆ ਜਾਵੇਗਾ।

Comment here