ਅਪਰਾਧਸਿਆਸਤਖਬਰਾਂ

ਸਿੱਧੂ ਤੇ ਸਾਥੀਆਂ ਨੂੰ ਰਾਵਤ ਨੇ ਪੰਜ ਪਿਆਰੇ ਕਿਹਾ, ਵਿਵਾਦ ਹੋਣ ਤੇ ਮੰਗੀ ਮਾਫੀ

ਚੰਡੀਗੜ- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ ਹੈ, ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ ਆਗੂਆਂ ਨਾਲ ਮੀਟਿੰਗ ਪਿੱਛੋਂ ਦੇਰ ਸ਼ਾਮ ਰਾਵਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੇ ਇਸ ਬਿਆਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ  ਕਿਹਾ ਕਿ ਇਹ ਕੋਈ ਮਜ਼ਾਕ ਵਾਲੀ ਗੱਲ ਨਹੀਂ। ਸਿੱਖ ਧਰਮ ਚ ਪੰਜ ਪਿਆਰਿਆਂ ਦਾ ਬਹੁਤ ਮਹੱਤਵ ਹੈ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਲੈ ਕੇ ਉਨ੍ਹਾਂ ਨੂੰ ਪੰਜ ਪਿਆਰਿਆਂ ਦੀ ਉਪਾਧੀ ਦਿੱਤੀ ਸੀ। ਰਾਵਤ ਨੇ ਇਸ ਤਰ੍ਹਾਂ ਦੀਆਂ ਗੱਲਾਂ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਵਿਰੁੱਧ ਕੇਸ ਦਰਜ ਹੋਣਾ ਚਾਹੀਦਾ ਹੈ। ਮਾਮਲਾ ਭਖ਼ਦਾ ਵੇਖ ਅੱਜ ਮੁਆਫੀ ਮੰਗ ਲਈ ਗਈ ਹੈ। ਇਸ ਸਬੰਧੀ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕਈ ਵਾਰ ਆਦਰ ਦਿੰਦੇ-ਦਿੰਦੇ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਦਿੰਦੇ ਹਾਂ, ਜੋ ਇਤਰਾਜ਼ਯੋਗ ਹੁੰਦੇ ਹਨ। ਹਰੀਸ਼ ਰਾਵਤ ਨੇ ਕਿਹਾ ਕਿ ਮੇਰੇ ਕੋਲੋਂ ਵੀ ਕੱਲ੍ਹ ਆਪਣੇ ਮਾਨਯੋਗ ਪ੍ਰਧਾਨ ਅਤੇ ਚਾਰ ਅਧਿਕਾਰੀਆਂ ਦੀ ਪੰਜ ਪਿਆਰਿਆਂ ਨਾਲ ਤੁਲਨਾ ਕਰਨ ਦੀ ਗਲਤੀ ਹੋਈ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਜੇਕਰ ਮੇਰੇ ਇਨ੍ਹਾਂ ਸ਼ਬਦਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ।ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਗਲਤੀ ਦੀ ਸਜ਼ਾ ਭੁਗਤਣ ਲਈ ਗੁਰਦੁਆਰੇ ’ਚ ਕੁਝ ਦੇਰ ਝਾੜੂ ਲਗਾ ਕੇ ਸਫ਼ਾਈ ਕਰਾਂਗਾ। ਮੈਂ ਸਿੱਖ ਧਰਮ ਅਤੇ ਉਨ੍ਹਾਂ ਦੀਆਂ ਮਹਾਨ ਪਰੰਪਰਾਵਾਂ ਦੇ ਪ੍ਰਤੀ ਹਮੇਸ਼ਾ ਸਮਰਪਣ ਅਤੇ ਆਦਰ ਸਤਿਕਾਰ ਰੱਖਦਾ ਹਾਂ।

ਸਿਆਸਤ ਗਰਮਾਈ, ਅਕਾਲੀ ਭੜਕੇ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਕਾਂਗਰਸ ਆਗੂ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਹਰੀਸ਼ ਰਾਵਤ ਨੇ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨੂੰ ਨੀਵਾਂ ਦਿਖਾਉਂਦਿਆਂ ਆਪਣੀ ਪਾਰਟੀ ਦੇ ਆਗੂਆਂ ਨੂੰ ਪੰਜ ਪਿਆਰੇ ਆਖ ਕੇ ਚੰਗਾ ਨਹੀਂ ਕੀਤਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪੰਜ ਪਿਆਰੇ ਦਸਵੇਂ ਪਾਤਸ਼ਾਹ ਜੀ ਦੇ ਸਾਜੇ ਨਿਵਾਜੇ ਹਨ, ਜਿਨ੍ਹਾਂ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਹਰੀਸ਼ ਰਾਵਤ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਹੈ ਪਰ ਇਸ ਦਾ ਮਤਲਬ ਇਹ ਵੀ ਨਹੀਂ ਕਿ ਕੋਈ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਨੂੰ ਸੱਟ ਮਾਰੇ ਅਤੇ ਫਿਰ ਮੁਆਫ਼ੀ ਮੰਗ ਲਵੇ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਆਪਣੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ਸੁਖਬੀਰ ਸਿੰਘ ਬਾਦਲ ਨੇ ਹਰੀਸ਼ ਰਾਵਤ ’ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਇਹ ਬਹੁਤ ਅਫਸੋਸਨਾਕ ਹੈ ਕਿ ਕਾਂਗਰਸੀ ਆਗੂਆਂ ਨੂੰ ਇਹ ਨਹੀਂ ਪਤਾ ਕਿ ਕਿਹੜਾ ਸ਼ਬਦ ਕਿੱਥੇ ਵਰਤਣਾ ਹੈ। ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਹੀ ਨਹੀਂ ਹੈ।

ਯੂਥ ਅਕਾਲੀ ਦਲ ਵੱਲੋਂ ਰਾਵਤ ਦੇ ਪੁਤਲੇ ਸਾੜੇ ਗਏ, ਰੋਸ ਮੁਜਾਹਰੇ ਕੀਤੇ ਗਏ, ਆਗੂਆਂ ਨੇ ਕਿਹਾ ਕਿ ਕਿਹਾ ਕਿ ਰਾਵਤ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਨਹੀਂ ਤਾਂ ਯੂਥ ਅਕਾਲੀ ਦਲ ਸੰਘਰਸ਼ ਹੋਰ ਤੇਜ਼ ਕਰੇਗਾ।

Comment here