ਅਪਰਾਧਸਿਆਸਤਖਬਰਾਂ

ਸਿੱਧੂ ਦੇ ਸਲਾਹਕਾਰਾਂ ਖਿਲਾਫ ਕੇਸ ਦਰਜ ਹੋਵੇ-ਕਾਂਗਰਸੀ ਨੇਤਾਵਾਂ ਦੀ ਮੰਗ

ਚੰਡੀਗੜ-ਹਾਲ ਹੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ, ਜਿਹਨਾਂ ਵਿਚੋੰ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਵਲੋੰ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਅਤੇ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਕੀਤੀਆਂ ਗਈਆਂ, ਜਿਸਦਾ ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਸਮੂਹ ਵੱਲ਼ੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਮੂਹ ‘ਚ ਸ਼ਾਮਲ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸੂ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਿੱਧੂ ਦੇ ਨਵੇਂ 2 ਸਲਾਹਕਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ ‘ਤੇ ਭਾਰਤ ਦੇ ਹਿੱਤਾਂ ਖ਼ਿਲਾਫ਼ ਅਤੇ ਰਾਸ਼ਟਰੀ ਸੁਰੱਖਿਆ ਲਈ ਹਾਨੀਕਾਰਕ ਹਨ। ਉਕਤ ਸਮੂਹ ਨੇ ਮਾਲੀ ਅਤੇ ਗਰਗ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿੱਧੂ ਨੂੰ ਪਾਰਟੀ ਅਤੇ ਦੇਸ਼ ਦੇ ਹਿੱਤ ‘ਚ ਤੁਰੰਤ ਆਪਣੇ ਸਹਿਯੋਗੀਆਂ ‘ਤੇ ਲਗਾਮ ਲਾਉਣ ਦੇ ਨਿਰਦੇਸ਼ ਦੇਣ। ਇਹਨਾਂ ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਦੀ ਰਾਖੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਕਿਸੇ ਨੂੰ ਵੀ ਇਨ੍ਹਾਂ ਕੁਰਬਾਨੀਆਂ ਨੂੰ ਕਮਜ਼ੋਰ ਕਰਨ ਅਤੇ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ‘ਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਰਹੱਦੀ ਸੂਬੇ ਪੰਜਾਬ ‘ਤੇ ਡੂੰਘੇ ਪ੍ਰਭਾਵ ਪੈ ਸਕਦੇ ਹਨ, ਹਾਈਕਮਾਂਡ ਨੂੰ ਤੁਰੰਤ ਇਸ ਤੇ ਐਕਸ਼ਨ ਲੈਣਾ ਚਾਹੀਦਾ ਹੈ।

Comment here