ਚੰਡੀਗੜ੍ਹ-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਆਪਣੇ ਆਖਰੀ ਸਾਹ ਗਿਣ ਰਹੀ ਹੈ ਅਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਕਾਂਗਰਸ ਦੇ ਖਾਤਮੇ ਵਿੱਚ ਆਖਰੀ ਕਿੱਲ ਠੋਕ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੇ ਭੁੱਖੇ ਹਨ। ਜੇਕਰ ਕਾਂਗਰਸ ਹਾਈ ਕਮਾਂਡ ਨੇ ਸਿੱਧੂ ਨੂੰ ਮੁੱਖ ਮੰਤਰੀ ਬਣਾਇਆ ਹੁੰਦਾ ਤਾਂ ਸ਼ਾਇਦ ਪੰਜਾਬ ਵਿੱਚ ਇੰਨਾ ਵੱਡਾ ਸਿਆਸੀ ਭੂਚਾਲ ਨਾ ਆਉਂਦਾ! ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਂਣ ਲਈ ਅਤੇ ਕਾਂਗਰਸ ਹਾਈਕਮਾਨ ਨੇ ਪੰਜਾਬ ਵਿੱਚ ਪਾਰਟੀ ਦੇ ਡੁੱਬਦੇ ਜਹਾਜ਼ ਨੂੰ ਬਚਾਉਣ ਲਈ ਇੱਕ ਡਰਾਮਾ ਰਚਿਆ ਅਤੇ ਇਸਨੂੰ ਪੰਜਾਬ ਵਿੱਚ ਸਿੱਧੂ ਦੇ ਰੂਪ ਵਿੱਚ ਮੈਦਾਨ ‘ਚ ਉਤਾਰਿਆ। ਪਰ ਕਾਂਗਰਸ ਹਾਈਕਮਾਂਡ ਨੂੰ ਸ਼ਾਇਦ ਇਹ ਨਹੀਂ ਪਤਾ ਸੀ ਕਿ ਸਿੱਧੂ ਇੱਕ ਬੇਲਗਾਮ ਘੋੜਾ ਹੈ, ਜਿਸ ਨੂੰ ਲਗਾਮ ਲਗਾਉਣੀ ਉਹਨਾਂ ਦੇ ਵੱਸ ਦੀ ਗੱਲ ਨਹੀਂ ਸੀ ਅਤੇ ਅਜਿਹਾ ਹੀ ਹੋਇਆ। ਕਾਂਗਰਸ ਵਿੱਚ ਭ੍ਰਿਸ਼ਟਾਚਾਰ ਉੱਪਰ ਤੋਂ ਹੇਠਾਂ ਤੱਕ ਫੈਲਿਆ ਹੋਇਆ ਹੈ, ਮੁੱਖ ਮੰਤਰੀ ਚੰਨੀ ਨੇ ਖੁਦ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਕਲੀਨ ਚਿੱਟ ਦੇ ਕੇ ਜਨਤਾ ਵਿੱਚ ਅਵਿਸ਼ਵਾਸ ਦੀ ਭਾਵਨਾ ਪੈਦਾ ਕੀਤੀ ਹੈ। ਸਿੱਧੂ ਮੁੱਖ ਮੰਤਰੀ ਨੂੰ ਆਪਣੀਆਂ ਸ਼ਰਤਾਂ ’ਤੇ ਚਲਾਉਣਾ ਚਾਹੁੰਦੇ ਹਨ ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਲੜਾਈ ਦਾ ਖਮਿਆਜ਼ਾ ਸੂਬੇ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ, ਸੂਬੇ ਦੇ ਲੋਕਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ, ਬੇਰੁਜ਼ਗਾਰੀ ਨੂੰ ਖ਼ਤਮ ਕਰਨ, ਵੱਡੇ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਵਿੱਚ ਲਿਆਉਣ, ਨਵੇਂ ਉਦਯੋਗ ਸਥਾਪਤ ਕਰਨ, ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਅਤੇ ਉਨ੍ਹਾਂ ਨੂੰ ਅੱਜ ਦੇ ਯੁੱਗ ਦੇ ਨਾਲ ਚੱਲਣ ਲਈ ਪ੍ਰੇਰਤ ਕਰਨਾ ਆਦਿ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਸੰਗਠਨਾਂ ਦੇ ਸੀਨੀਅਰ ਆਗੂ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਨੇ ਇਨ੍ਹਾਂ ਸਾਰੇ ਨੇਤਾਵਾਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿਵਾਈ ਅਤੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਬਿਕਰਮਜੀਤ ਸਿੰਘ ਚੀਮਾ, ਹਰਜੀਤ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਸ਼ਾਹਪੁਰ, ਸੰਤੋਖ ਸਿੰਘ ਗੁਮਟਾਲਾ ਆਦਿ ਹਾਜ਼ਰ ਸਨ।
ਅਸ਼ਵਨੀ ਸ਼ਰਮਾ ਅਤੇ ਜੀਵਨ ਗੁਪਤਾ ਨੇ ਇਹਨਾਂ ਸਾਰੀਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ-ਸਨਮਾਨ ਅਤੇ ਸਤਿਕਾਰ ਦਿੱਤਾ ਜਾਵੇਗਾ। ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਆਪਣੇ-ਆਪਣੇ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਦੂਜੇ ਪਾਸੇ, ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਉਪਰ ਸੰਗਠਨ ਵੱਲੋਂ ਦਿੱਤੇ ਗਏ ਭਰੋਸੇ ‘ਤੇ ਪੂਰਾ ਉਤਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਅਤੇ ਪਾਰਟੀ ਵਿਚਾਰਧਾਰਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪੁਹੁੰਚਾ ਕੇ ਸੰਗਠਨ ਨੂੰ ਹੋਰ ਮਜਬੂਤ ਕਰਨ ਦਾ ਵੀ ਭਰੋਸਾ ਦਿੱਤਾ।
Comment here