ਚੰਡੀਗੜ੍ਹ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਪੁੱਤ ਦੇ ਕਤਲ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਅੱਗੇ ਧਰਨਾ ਲਾਇਆ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਕੋਈ ਜਾਂਚ ਨਹੀਂ ਕੀਤੀ ਜਾ ਰਹੀ, ਸਰਕਾਰ ਸਾਡੀ ਕੋਈ ਗੱਲ ਨਹੀਂ ਸੁਣ ਰਹੀ ਤੇ ਸਿੱਧੂ ਕਤਲ ਮਾਮਲੇ ਵਿਚ ਹਾਲੇ ਤੱਕ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਸਬੂਤ ਨਸ਼ਟ ਕੀਤੇ ਜਾ ਰਹੇ ਹਨ, ਇਸ ਕੇਸ ਵਿਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੂੰਗੀ-ਬੋਲੀ ਸਰਕਾਰ ਤੱਕ ਸਾਡੀ ਗੱਲ ਪੁੱਜੇ, ਇਸ ਲਈ ਇਥੇ ਆ ਕੇ ਧਰਨਾ ਦੇਣ ਲਈ ਮਜਬੂਰ ਹੋਏ ਹਾਂ। ਉਨ੍ਹਾਂ ਦੋਸ਼ ਲਾਇਆ ਕਿ ਅਸਲੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਾਨੂੰ ਪੁੱਤ ਦੇ ਕਤਲ ਦਾ ਇਨਸਾਫ਼ ਨਾ ਮਿਲਦਾ ਦੇਖ ਕੇ ਅੱਜ ਮਜਬੂਰ ਹੋ ਕੇ ਇਥੇ ਧਰਨੇ ’ਤੇ ਬੈਠਣਾ ਪਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਹੁਣ ਤੱਕ ਹਮਲਾਵਰਾਂ, ਗੈਂਗਸਟਰਾਂ ਅਤੇ ਸ਼ੂਟਰਾਂ ਖਿਲਾਫ਼ ਕਾਰਵਾਈ ਕੀਤੀ ਹੈ, ਪਰ ਇਸ ਦੇ ਪਿੱਛੇ ਕੌਣ ਹੈ, ਇਸ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਧਰਨੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹੋਰ ਕਾਂਗਰਸ ਵਿਧਾਇਕ ਤੇ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਵੀ ਸ਼ਾਮਿਲ ਹੋਏ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਸ਼ਟਾਚਾਰ ਦਿਖਾਉਂਦੇ ਹੋਏ ਵਿਧਾਨ ਸਭਾ ਤੋਂ ਬਾਹਰ ਧਰਨੇ ’ਵਿਚ ਆਉਣਾ ਚਾਹੀਦਾ ਸੀ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦੀ ਤੋਂ ਜਲਦੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਗਈ, ਜਿਸ ਪਿੱਛੋਂ ਧਰਨਾ ਖਤਮ ਕਰ ਦਿੱਤਾ ਗਿਆ। ਧਾਲੀਵਾਲ ਨੇ ਧਰਨੇ ਵਾਲੀ ਥਾਂ ’ਤੇ ਪੁੱਜ ਕੇ ਇਨਸਾਫ਼ ਦਾ ਭਰੋਸਾ ਦਿੱਤਾ। ਬਲਕੌਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਤੋਂ ਬਾਅਦ ਵੀ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਮੂਸੇਵਾਲਾ ਦੀ ਜੀਪ ’ਤੇ ਉਹ ਪੰਜਾਬ ਫੇਰੀ ’ਤੇ ਨਿਕਲਣਗੇ।
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਦੇ ਬਾਹਰ ਦਿੱਤਾ ਧਰਨਾ

Comment here