ਦੋਹਰੇ ਸੰਵਿਧਾਨ ਦੇ ਮਾਮਲੇ ਚ ਪੇਸ਼ ਹੋਣ ਤੇ ਮਿਲੇਗੀ ਜ਼ਮਾਨਤ
ਚੰਡੀਗੜ੍ਹ – ਅਕਾਲੀ ਦਲ ਬਾਦਲ ਦੋਹਰੇ ਸੰਵਿਧਾਨ ਨੂੰ ਲੈ ਕੇ ਵਿਵਾਦਾਂ ਚ ਘਿਰਿਆ ਹੋਇਆ ਹੈ, ਇਸ ਮਾਮਲੇ ਚ ਹੁਸ਼ਿਆਰਪੁਰ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਕਥਿਤ ਜਾਅਲਸਾਜ਼ੀ ਮਾਮਲੇ ਵਿਚ ਅੰਤਰਿਮ ਜ਼ਮਾਨਤ ਲੈਣ ਲਈ 13 ਸਤੰਬਰ ਜਾਂ ਉਸ ਤੋਂ ਪਹਿਲਾਂ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਲਵੰਤ ਸਿੰਘ ਖੇੜਾ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ -ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਹਨ। ਇਕ ਰਿਪੋਰਟ ਅਨੁਸਾਰ ਸੁਖਬੀਰ ਬਾਦਲ ਨੇ ਇਸ ਮਾਮਲੇ ਵਿਚ ਆਪਣੇ ਵਕੀਲ ਰਾਹੀਂ ਜ਼ਮਾਨਤ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਸੀ। ਸੁਖਬੀਰ ਬਾਦਲ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਵਧੀਕ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਬਿਨੈਕਾਰ ਨੂੰ 13 ਸਤੰਬਰ ਨੂੰ ਜਾਂ ਉਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਜਿਹਾ ਕਰਨ ‘ਤੇ ਹੀ ਉਹਨਾਂ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇਗਾ। ਅਦਾਲਤ ਨੇ ਅੱਗੇ ਕਿਹਾ ਕਿ ਜ਼ਮਾਨਤ ਅਕਾਲੀ ਦਲ ਦੇ ਪ੍ਰਮੁੱਖ ਦੁਆਰਾ ਟ੍ਰਾਇਲ ਕੋਰਟ ਦੀ ਸੰਤੁਸ਼ਟੀ ਦੇ ਲਈ ਇੱਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਬਰਾਬਰ ਦੀ ਰਕਮ ਦੀ ਜ਼ਮਾਨਤ ਦੇ ਅਧੀਨ ਹੈ। ਪਟੀਸ਼ਨ ਵਿਚ ਸੁਖਬੀਰ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਗਾਊਂ ਜ਼ਮਾਨਤ ਮੰਗਣ ਵਾਲੇ ਬਿਨੈਕਾਰ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ। ਪਿਛਲੇ ਹਫ਼ਤੇ ਦੇ ਸ਼ੁਰੂ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਸ਼ਿਆਰਪੁਰ ਅਦਾਲਤ ਵਿਚ ਕਾਰਵਾਈ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਗਿਆ ਸੀ। ਬਲਵੰਤ ਸਿੰਘ ਖੇੜਾ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਕਥਿਤ ਤੌਰ ਤੇ ਦੋਹਰਾ ਸੰਵਿਧਾਨ ਬਣਾਉਣ ਦੇ ਲਈ ਇੱਕ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਗਈ ਸੀ। 2009 ਵਿਚ ਇਹ ਆਈਪੀਸੀ ਦੀ ਧਾਰਾ 420, 465, 466, 467, 468, 471 ਅਤੇ 120-ਬੀ ਦੇ ਤਹਿਤ ਅਪਰਾਧਿਕ ਸ਼ਿਕਾਇਤ ਦਰਜ ਹੈ। ਖੇੜਾ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਇੱਕੋ ਇੱਕ ਮੁੱਦਾ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸੰਵਿਧਾਨ ਅਨੁਸਾਰ ਇੱਕ ਧਰਮ ਨਿਰਪੱਖ ਪਾਰਟੀ ਨਹੀਂ ਹੈ ਕਿਉਂਕਿ ਇਸ ਦੇ ਦੋ ਵੱਖਰੇ ਸੰਵਿਧਾਨ ਹਨ ਜੋ ਕਿ ਇੱਕ ਜਾਅਲਸਾਜ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਆਪ ਨੂੰ ਚੋਣ ਕਮਿਸ਼ਨ ਕੋਲ ਧਰਮ ਨਿਰਪੱਖ ਪਾਰਟੀ ਵਜੋਂ ਰਜਿਸਟਰਡ ਕਰਵਾਇਆ ਹੈ, ਪਰ ਇਹ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਹਿੱਸਾ ਲੈਂਦੀ ਰਹੀ ਹੈ।
Comment here