ਅਪਰਾਧਸਿਆਸਤਖਬਰਾਂ

ਸੁਪਰੀਮ ਕੋਰਟ ਪਹੁੰਚਿਆ ਪੀਐੱਮ ਸੁਰੱਖਿਆ ਮਾਮਲਾ

ਪੰਜਾਬ ਸਰਕਾਰ ਨੇ ਬਣਾਈ ਜਾਂਚ ਕਮੇਟੀ
ਨਵੀਂ ਦਿੱਲੀ-ਬੀਤੇ ਦਿਨੀ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ ਸੁਣਵਾਈ ਲਈ ਤਿਆਰ ਹੋ ਗਿਆ ਹੈ। ਪਟੀਸ਼ਨ ਦੀ ਕਾਪੀ ਰਾਜ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਭਲਕੇ ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਬੀਤੇ ਬੁੱਧਵਾਰ ਨੂੰ ਪਾਕਿਸਤਾਨੀ ਸਰਹੱਦ ਤੋਂ ਸਿਰਫ਼ 30 ਕਿਲੋਮੀਟਰ ਦੂਰ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਪ੍ਰਧਾਨ ਮੰਤਰੀ ਸੜਕ ਰਾਹੀਂ ਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ ਜਾ ਰਹੇ ਸਨ। ਇੱਥੇ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕ ਲਿਆ, ਜਿਸ ਕਾਰਨ ਪੀਐੱਮ ਕਰੀਬ 20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਇਸ ਤੋਂ ਬਾਅਦ ਆਖਿਰਕਾਰ ਅਗਲੇ ਪ੍ਰੋਗਰਾਮ ਨੂੰ ਰੱਦ ਕਰਕੇ ਪੀਐੱਮ ਨੂੰ ਦਿੱਲੀ ਪਰਤਣਾ ਪਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਠਿੰਡਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ, ‘ਤੁਹਾਡੇ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕਿ ਮੈਂ ਜਿਉਂਦਾ ਵਾਪਸ ਆ ਰਿਹਾ ਹਾਂ।’ ਸੁਰੱਖਿਆ ‘ਚ ਅਣਗਹਿਲੀ ਦਾ ਗੰਭੀਰ ਨੋਟਿਸ ਲੈਂਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।
ਪੰਜਾਬ ਸਰਕਾਰ ਨੇ ਜਾਂਚ ਕਮੇਟੀ ਬਣਾਈ
ਮਾਮਲੇ ਵਿੱਚ ਪੰਜਾਬ ਸਰਕਾਰ ਨੇ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।

Comment here