ਫਾਜਿ਼ਲਕਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਖਾਸ ਕਰਕੇ ਮਾਲਵਾ ਖੇਤਰ ਵਿੱਚੋਂ ਸੇਮ ਨੂੰ ਖਤਮ ਕਰਨ ਲਈ ਇੱਕ ਫੁਲਪਰੂਫ ਯੋਜਨਾ ਤਿਆਰ ਕਰੇਗੀ | ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿ੍ਹਆਂ ਦੇ ਸੇਮ ਪ੍ਰਭਾਵਤ ਪਿੰਡਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦੇ ਖਾਤਮੇ ਨੂੰ ਯਕੀਨੀ ਬਣਾਉਣ ਲਈ ਇੱਕ ਫੁਲਪਰੂਫ ਯੋਜਨਾ ਤਿਆਰ ਕਰਨ ਲਈ ਆਖਿਆ ਹੈ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ‘ਤੇ ਜੰਗੀ ਪੱਧਰ ‘ਤੇ ਕੰਮ ਸੁਰੂ ਕਰੇਗੀ, ਤਾਂ ਜੋ ਸੇਮ ਨਾਲ ਹੋਣ ਵਾਲੀ ਤਬਾਹੀ ਨੂੰ ਤੁਰੰਤ ਰੋਕਿਆ ਜਾ ਸਕੇ | ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ, ਕਿਉਂਕਿ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੇਮ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ |
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਤੋਂ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਸੇਮ ਦੀ ਸਮੱਸਿਆ ਨਹੀਂ ਆਵੇਗੀ, ਕਿਉਂਕਿ ਸੂਬਾ ਸਰਕਾਰ ਇਸ ਲਈ ਸੁਚੱਜੀ ਯੋਜਨਾਬੰਦੀ ਅਤੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਏਗੀ | ਸੂਬਾ ਸਰਕਾਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਨੂੰ ਯਕੀਨੀ ਬਣਾਏਗੀ | ਉਹਨਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਨੂੰ ਸੇਮ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਨੂੰ ਯਕੀਨੀ ਬਣਾਉਣ ਲਈ ਹਰ ਉਪਚਾਰਕ ਕਦਮ ਚੁੱਕਣ | ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਕੁਦਰਤ ਦੇ ਕਹਿਰ ਕਾਰਨ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾ ਅਧਿਕਾਰੀਆਂ ਨੂੰ ਸੇਮ ਪ੍ਰਭਾਵਤ ਕਿਸਾਨਾਂ ਨੂੰ ਤੁਰੰਤ ਮੁਆਵਜ਼ੇ ਦੀ ਵੰਡ ਸ਼ੁਰੂ ਕਰਨ ਲਈ ਕਿਹਾ | ਇਸੇ ਤਰ੍ਹਾਂ ਮਾਨ ਨੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ | ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਵਿਧਾਇਕ ਜਗਦੀਪ ਕੰਬੋਜ, ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਨਰਿੰਦਰਪਾਲ ਸਿੰਘ ਅਤੇ ਵਿਨੀਤ ਕੁਮਾਰ ਡਿਪਟੀ ਕਮਿਸਨਰ, ਡਾ. ਸਚਿਨ ਗੁਪਤਾ ਐੱਸ ਐੱਸ ਪੀ ਮੌਜੂਦ ਸਨ | ਸਟੇਜ ਸਕੱਤਰ ਦੀ ਭੂਮਿਕਾ ਗੁਰਦੀਪ ਸਿੰਘ ਮਾਨ ਜਿਲ੍ਹਾ ਲੋਕ ਸੰਪਰਕ ਅਫਸਰ ਨੇ ਬਾਖੂਬੀ ਨਿਭਾਈ |
Comment here