ਸਿਆਸਤਖਬਰਾਂਚਲੰਤ ਮਾਮਲੇ

ਸੇਵਾਮੁਕਤ ਪਟਵਾਰੀ ਮੁੜ ਭਰਤੀ ਕਰੂ ਮਾਨ ਸਰਕਾਰ

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਿਲੂ ਕਰੋੜ ਦਾ ਮੁਆਵਜ਼ਾ

ਚੰਡੀਗੜ੍ਹ-ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ, ਜਿਸ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦੇਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਸੂਬੇ ਵਿੱਚ ਪਟਵਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਸਾਲ ਲਈ ਸੇਵਾਮੁਕਤ ਪਟਵਾਰੀਆਂ ਦੀ ਨਿਯੁਕਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਧਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਮਦਦ ਦੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕਰਨ ਦੀ ਗੱਲ ਕਹੀ ਸੀ। ਹੁਣ ਇਸ ਐਲਾਨ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵਿਕਲਪਕ ਫਸਲਾਂ ਅਪਣਾ ਕੇ ਕੀਮਤੀ ਕੁਦਰਤੀ ਸਰੋਤ ਪਾਣੀ ਦੀ ਬੱਚਤ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਲਈ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਇਸ ਫੈਸਲੇ ਨੂੰ ਕੈਬਨਿਟ ਵਿੱਚ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਸੂਬੇ ਵਿੱਚ ਪਟਵਾਰੀਆਂ ਦੀ ਭਾਰੀ ਘਾਟ ਦੇ ਮੱਦੇਨਜ਼ਰ ਸਰਕਾਰ ਨੇ ਸੇਵਾਮੁਕਤ ਪਟਵਾਰੀਆਂ ਨੂੰ ਖਾਲੀ ਅਸਾਮੀਆਂ ’ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਭਰਤੀਆਂ ਇੱਕ ਸਾਲ ਲਈ ਹੋਣਗੀਆਂ। ਸਰਕਾਰ ਦਾ ਕਹਿਣਾ ਹੈ ਕਿ ਜਦੋਂ ਤੱਕ 1092 ਪਟਵਾਰੀਆਂ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੀ ਸਿਖਲਾਈ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਇਮਾਨਦਾਰ ਸੇਵਾਮੁਕਤ ਪਟਵਾਰੀਆਂ ਦੀ ਸੇਵਾ ਲਈ ਜਾਵੇਗੀ। ਪਰ ਇਨ੍ਹਾਂ ਪਟਵਾਰੀਆਂ ਦੀ ਉਮਰ 64 ਸਾਲ ਤੋਂ ਵੱਧ ਨਹੀਂ ਹੋਵੇਗੀ।

Comment here