ਅੰਮ੍ਰਿਤਸਰ-ਸਿੱਖ ਜਗਤ ਲਈ ਬਹੁਤ ਵੱਡੀ ਦੁੱਖ ਦੀ ਖ਼ਬਰ ਸਾਹਮਣੇ ਆਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਕਾਬਲੇਜ਼ਿਕਰ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਗਿਆਨੀ ਸਿੰਘ ਸਾਹਿਬ ਦੇ ਦਿਹਾਂਤ ਦੀ ਖ਼ਬਰ ਐਤਵਾਰ ਨੂੰ ਮਿਲੀ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਬਾਲ ਸਿੱਖ ਪੰਥ ‘ਚ ਸ਼ੋਕ ਦੀ ਲਹਿਰ ਦੌੜ ਗਈ।
ਸਾਹਿਬ ਗਿਆਨੀ ਜਗਤਾਰ ਸਿੰਘ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਾਲ ਵਿਚਰਦੇ ਹੋਏ ਧਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਨਵੰਬਰ 2022 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰ ਕੇ ਉਨ੍ਹਾਂ ਸੇਵਾ ਮੁਕਤ ਕੀਤਾ ਸੀ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਮਲਕੀਤ ਸਿੰਘ ਜੀ, ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ, ਭਾਈ ਹਰਵਿੰਦਰ ਪਾਲ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਮਾਤਾ ਵਿਪਨਪੀਤ ਕੌਰ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਜੀ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਜਾਣ ਨਾਲ ਪਰਿਵਾਰ ਅਤੇ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਸਿੰਘ ਸਾਹਿਬ ਜੀ ਨੇ ਆਪਣਾ ਸਾਰਾ ਜੀਵਨ ਗੁਰਮੁੱਖਤਾਈ ਅਤੇ ਗੁਰਮਤਿ ਸਿਧਾਂਤਾਂ ਦੀ ਰੋਸ਼ਨੀ ਉਪਰ ਪਹਿਰਾ ਦਿੰਦਿਆਂ ਬਤੀਤ ਕੀਤਾ ਹੈ। ਉਹਨਾਂ ਵੱਲੋਂ ਕੀਤੀਆਂ ਸੇਵਾਵਾਂ ਨੂੰ ਪੰਥ ਸਦਾ ਯਾਦ ਰੱਖੇਗਾ। ਸਤਿਗੁਰੂ ਜੀ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Comment here