ਸਿਆਸਤਖਬਰਾਂਚਲੰਤ ਮਾਮਲੇ

ਸੰਗਰੂਰ ਜਿ਼ਮਨੀ ਸੀਟ ਤੇ ਸਿਆਸੀ ਸਰਗਰਮੀ ਭਖੀ

ਸੰਗਰੂਰ-ਇਸ ਸੀਟ ਤੋਂ 23 ਜੂਨ ਨੂੰ ਜਿ਼ਮਨੀ ਚੋਣ ਹੋ ਰਹੀ ਹੈ। ਅਕਾਲੀ ਦਲ ਬਾਦਲ ਅਤੇ ਬਸਪਾ ਵਲੋੰ ਪਟਿਆਲਾ ਜੇਲ੍ਹ ‘ਚ ਬੰਦ ਖਾਲਿਸਤਾਨੀ ਕਾਰਕੁੰਨ ਬਲਵੰਤ ਸਿੰਘ ਰਾਜੋਆਣਾ ਦੀ ਮੂੰਹਬੋਲੀ ਭੈਣ ਕਮਲਦੀਪ ਕੌਰ ਮੈਦਾਨ ਵਿੱਚ ਹੈ। ਇਸ ਸੰਦਰਭ ਵਿੱਚ ਰਾਜੋਆਣਾ ਨੇ ਜੇਲ ਵਿਚੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਦੇਸ਼ ਭੇਜਿਆ ਹੈ। ਆਪਣੇ ਸੰਦੇਸ਼ ਵਿਚ ਭਾਈ ਰਾਜੋਆਣਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਉਨ੍ਹਾਂ ਦੀ ਭੈਣ ਬੀਬੀ ਕਮਲਦੀਪ ਕੌਰ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਕੌਮੀ ਕਾਰਜ ਦੀ ਆਵਾਜ਼ ਨੂੰ ਦਿੱਲੀ ਤੱਕ ਪਹੁੰਚਾਇਆ ਜਾ ਸਕੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਮਨੀ ਚੋਣ ਵਿੱਚ ਪੰਥਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਖੜ੍ਹਦੇ ਹੋਏ ਆਪਣਾ ਨਾਮ ਵਾਪਸ ਲੈਣ ਤਾਂ ਜੋ ਪੰਥਕ ਏਕਤਾ ਬਣੀ ਰਹੇ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾ ਸਕੇ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਖ਼ੁਦ ਸਿਮਰਨਜੀਤ ਮਾਨ ਦੇ ਘਰ ਜਾ ਕੇ ਅਪੀਲ ਕੀਤੀ ਸੀ ਕਿ ਬੰਦੀ ਸਿੰਘਾਂ ਦੇ ਪਰਿਵਾਰਾਂ ਵਿੱਚੋਂ ਕੋਈ ਮੈਂਬਰ ਸਾਂਝਾ ਉਮੀਦਵਾਰ ਚੁਣਿਆ ਜਾਵੇ। ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਮਾਨ ਨਾਲ ਵਾਅਦਾ ਵੀ ਕੀਤਾ ਸੀ ਕਿ ਇਹ ਚੋਣ ਸਿਰਫ਼ ਡੇਢ ਸਾਲ ਲਈ ਹੈ ਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਡਟ ਕੇ ਹਮਾਇਤ ਕਰੇਗਾ, ਪਰ ਉਨ੍ਹਾਂ ਆਪਣੀ ਜ਼ਿੱਦ ਨਹੀਂ ਛੱਡੀ। ਉਨ੍ਹਾਂ ਦੱਸਿਆ ਕਿ ਸਾਰੀਆਂ ਪੰਥਕ ਜਥੇਬੰਦੀਆਂ, ਅਕਾਲੀ ਦਲ ਤੇ ਬਸਪਾ ਦੀ ਹੋਈ ਸਾਂਝੀ ਮੀਟਿੰਗ ਵਿੱਚ ਸਿਮਰਨਜੀਤ ਮਾਨ ਨੂੰ ਇਹ ਅਪੀਲ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।
ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਦਮਦਮੀ ਟਕਸਾਲ ਦੇ ਲੀਡਰਾਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ ਅਹੁਦਿਆਂ ’ਤੇ ਬੰਦੀ ਸਿੰਘਾਂ ਨੂੰ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਘਰ ਤੋਂ ਕਰਨੀ ਚਾਹੀਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਨਾਮਜ਼ਦ ਕੀਤਾ ਜਾਵੇ, ਦਮਦਮੀ ਟਕਸਾਲ ਦਾ ਮੁਖੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਨਾਮਜ਼ਦ ਕੀਤਾ ਜਾਵੇ ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕੀਤਾ ਜਾਵੇ।
ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਵੀ ਕਿਹਾ ਕਿ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਅਹੁਦਾ ਛੱਡੇ ਤੇ ਇਸ ਅਹੁਦੇ ’ਤੇ ਵੀ ਕਿਸੇ ਬੰਦੀ ਸਿੱਖ ਨੂੰ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਕਿਆਂ ਤੇ ਹਿੰਦੂਤਵੀਆਂ ਨੇ ਜਮਹੂਰੀਅਤ ਦਾ ਘਾਣ ਕੀਤਾ ਹੈ। ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ।

 

Comment here