ਸਿਆਸਤਖਬਰਾਂਚਲੰਤ ਮਾਮਲੇ

ਸੰਧਵਾਂ ਦਾ ਬਿਨਾਂ ਕਿਸੇ ਵਿਰੋਧ ਸਰਪੰਚੀ ਤੋਂ ਸਪੀਕਰ ਤੱਕ ਦਾ ਸਫਰ

ਚੰਡੀਗੜ੍ਹ : ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੀਕਰ ਵਜੋਂ ਸ. ਸੰਧਵਾਂ ਦੇ ਨਾਮ ਅਨਾਊਂਸ ਕੀਤਾ ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਸ. ਸੰਧਵਾਂ ਨੂੰ ਬਿਨਾਂ ਮੁਕਾਬਲੇ ਚੁਣ ਲਿਆ ਗਿਆ। ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਜਨਤਕ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਦਨ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਪੱਤਰਕਾਰਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਦਨ ਦੇ ਸਾਰੇ ਰੰਗਲਾ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਦਨ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਤਸੱਲੀ ਹੋਣ ਤੱਕ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦੇਵੇਗੀ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਬਦਕਿਸਮਤੀ ਨਾਲ ਪਹਿਲਾਂ ਜਦੋਂ ਕੋਈ ਵੀ ਸਦਨ ਦੀ ਕਾਰਵਾਈ ਰਿਕਾਰਡ ਕਰ ਰਿਹਾ ਹੁੰਦਾ ਸੀ ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦੀ ਵਰਤੋਂ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਮੈਂਬਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਸ਼ਰੇਆਮ ਉਲੰਘਣਾ ਹੈ, ਇਸ ਲਈ ‘ਆਪ’ ਸਰਕਾਰ ਨੇ ਸਿਧਾਂਤਕ ਤੌਰ ‘ਤੇ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਹੋਵੇਗਾ ਅਤੇ ਸਦਨ ਦੀ ਸਾਰੀ ਕਾਰਵਾਈ ਜਨਤਕ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਦੂਜੀ ਵਾਰ ਚੁਣੇ ਗਏ ਵਿਧਾਇਕ ਕੁਲਤਾਰ ਸਿੰਘ ਸੰਧਵਾ 16ਵੀਂ ਵਿਧਾਨ ਸਭਾ ਦੇ ਸਪੀਕਰ ਨਿਯੁਕਤ ਕੀਤੇ ਗਏ ਹਨ। ਉਹ ਸੋਮਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣਗੇ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਪੰਜਾਬ ਸਿਆਸਤ ‘ਚ ਵਿਸ਼ੇਸ਼ ਸਥਾਨ ਰੱਖਦਾ ਹੈ। ਇਸ ਪਿੰਡ ਦੀ ਮਿੱਟੀ ਵਿਚ ਪੈਦਾ ਹੋਏ ਵਿਅਕਤੀ ਨੂੰ ਦੇਸ਼ ਦੀ ਸਰਵਉੱਚ ਸ਼ਕਤੀ ਭਾਵ ਰਾਸ਼ਟਰਪਤੀ ਤੱਕ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ। ਸੰਧਵਾਂ ਆਪਣੇ ਆਪ ਨੂੰ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਦੱਸਣਾ ਪਸੰਦ ਕਰਦੇ ਹਨ। ਕੁਲਤਾਰ ਸਿੰਘ ਸੰਧਵਾਂ ਦਾ ਸਿਆਸੀ ਕੈਰੀਅਰ ਪਿੰਡ ਸੰਧਵਾਂ ਤੋਂ ਸਰਪੰਚ ਚੁਣੇ ਜਾਣ ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਕੋਟਕਪੁਰਾ ਵਿਧਾਨ ਸਭਾ ਹਲਕੇ ’ਚ ਸਾਲ 2017 ’ਚ ਵਿਧਾਇਕ ਬਣੇ ਤੇ 2022 ’ਚ ਦੂਸਰੀ ਵਾਰ ਚੁਣੇ ਗਏ। ਕੁਲਤਾਰ ਸਿੰਘ ਸੰਧਵਾਂ 2017 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਪਹਿਲੀ ਵਾਰ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ 10 ਹਜ਼ਾਰ ਵੋਟਾਂ ਦੇ ਫਰਕ ਨਾਲ ਵਿਧਾਇਕ ਬਣੇ। 2022 ’ਚ ਉਹ 21 ਹਜ਼ਾਰ ਵੋਟਾਂ ਦੇ ਫਰਕ ਨਾਲ ਵਿਧਾਨ ਸਭਾ ਪਹੁੰਚੇ। ਆਮ ਆਦਮੀ ਪਾਰਟੀ ਵਿੱਚ ਆਪਣੀ ਡੂੰਘੀ ਪਕਡ਼ ਕਾਰਨ ਸੰਧਵਾਂ ਨੂੰ ਸੂਬੇ ਦੀ ਨਵੀਂ ਬਣੀ ਸਰਕਾਰ ਵਿੱਚ ਵੱਡਾ ਤੇ ਅਹਿਮ ਅਹੁਦਾ ਮਿਲਣ ਦਾ ਪਹਿਲਾਂ ਹੀ ਭਰੋਸਾ ਸੀ। ਭਾਵੇ ਪਾਰਟੀ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਬਣਾਉਣ ਦਾ ਫੈਸਲਾ ਕੀਤਾ ਹੈ, ਹਾਲਾਂਕਿ ਇਸ ਦੌਡ਼ ਵਿੱਚ ਸਰਬਜੀਤ ਕੌਰ ਮਾਣੂਕੇ ਦਾ ਨਾਂ ਸਭ ਤੋਂ ਉੱਪਰ ਚੱਲ ਰਿਹਾ ਸੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੂੰ ਡਿਪਟੀ ਸਪੀਕਰ ਬਣਾਏ ਜਾਣ ਦੀ ਗੱਲ ਵੀ ਕਹੀ ਜਾ ਰਹੀ ਸੀ। ਦੱਸਣਯੋਗ ਹੈ ਕਿ ਪਿੰਡ ਸੰਧਵਾਂ ਦੇ ਪਿਤਾ ਜਗਤਾਰ ਸਿੰਘ ਅਤੇ ਮਾਤਾ ਗੁਰਮੇਲ ਕੌਰ ਦੇ ਘਰ ਜਨਮ ਲੈਣ ਵਾਲੇ ਕੁਲਤਾਰ ਸਿੰਘ ਸੰਧਵਾਂ ਦੇ ਦਾਦਾ ਜੰਗੀਰ ਸਿੰਘ ਅਤੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਸਕੇ ਭਰਾ ਸਨ। ਵਿਧਾਇਕ ਕੁਲਤਾਰ ਸਿੰਘ ਦੇ ਭਰਾਂ ਐਡਵੋਕੇਟ ਬੀਰ ਦਵਿੰਦਰ ਸਿੰਘ ਮੁਤਾਬਿਕ ਸਰਪੰਚੀ ਤੋਂ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਸੰਧਵਾਂ ਨੇ ਛੋਟੀ ਉਮਰੇ ਹੀ ਵੱਡੀ ਪੁਲਾਂਘਾਂ ਪੁੱਟਣੀਆਂ ਸ਼ੁਰੂ ਕਰ ਦਿੱਤੀਆਂ ਤੇ ਬੇਦਾਗ ਸ਼ਖਸ਼ੀਅਤ ਵਜੋਂ ਉਭਰਦਿਆਂ ਉਹਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਤੱਕ ਦਾ ਸ਼ਾਨਦਾਰ ਸਫਰ ਤਹਿ ਕੀਤਾ। ਉਹਨਾ ਦੱਸਿਆ ਕਿ ਸੰਧਵਾਂ ਦਾ ਸਮਾਜਸੇਵਾ, ਧਾਰਮਿਕ ਅਤੇ ਰਾਜਨੀਤਿਕ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਹੈ, ਜਿਸ ਕਰਕੇ ਇਲਾਕੇ ਦੇ ਲੋਕ ਉਹਨਾਂ ਦਾ ਨਾਮ ਸਤਿਕਾਰ ਨਾਲ ਲੈਂਦੇ ਹਨ। ਸਾਲ 1994 ਵਿੱਚ ਗਿਆਨੀ ਜ਼ੈਲ ਸਿੰਘ ਜੀ ਦੇ ਵਿਛੋਡ਼ੇ ਤੋਂ ਬਾਅਦ ਪਰਿਵਾਰ ਵਿੱਚੋਂ ਉਹਨਾਂ ਦੀ ਸਿਆਸਤ ਨੂੰ ਅੱਗੇ ਵਧਾਉਣ ਵਿੱਚ ਉਹਨਾਂ ਦੇ ਪੋਤਰੇ ਕੁਲਤਾਰ ਸਿੰਘ ਸੰਧਵਾਂ ਦਾ ਸ਼ਾਨਦਾਰ ਯੋਗਦਾਨ ਹੈ।

Comment here