ਜਲੰਧਰ- ਪ੍ਰਧਾਨ ਮੰਤਰੀ ਮੋਦੀ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਪੰਜਾਬ ਵਿੱਚ 14 ਫਰਵਰੀ ਤੋਂ 16 ਫਰਵਰੀ ਤੱਕ ਪੰਜਾਬ ’ਚ ਪ੍ਰਚਾਰ ਕਰਨ ਆ ਰਹੇ ਹਨ। ਜਿਸ ਦੇ ਚਲਦੇ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਾਂਤਮਈ ਢੰਗ ਨਾਲ ਮੋਦੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਇਹ ਵਿਰੋਧ ਪ੍ਰਦਰਸ਼ਨਾਂ ਨੂੰ ਟਾਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੋਖੀ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਨੂੰ ਵੀ ਭਾਜਪਾ ਦੇ ਨਾਲ ਸਬਕ ਸਿਖਾਇਆ ਜਾਵੇ ਅਤੇ ਪੰਜਾਬ ਦੇ ਲੋਕਾਂ ਵਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ। ਅੱਜ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਆਨਲਾਈਨ ਤਰੀਕੇ ਨਾਲ ਇਕ ਅਹਿਮ ਮੀਟਿੰਗ ਹੋਈ। ਬੈਠਕ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਉਪਰ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਤਲਾਂ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਸੰਗੀਨ ਦੋਸ਼ੀ ਹੋਣ ਦੇ ਬਾਵਜੂਦ ਜ਼ਮਾਨਤ ਦੇਂਣ ਟਿੱਪਣੀ ਕੀਤੀ ਅਤੇ ਇਸਦਾ ਵਿਰੋਧ ਕੀਤਾ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉਪਰ ਧਰਨਾ ਦੇ ਰਹੇ ਕਿਸਾਨਾਂ ਉਪਰ ਸੰਗੀਨ ਧਾਰਾਵਾਂ ਲਾ ਕੇ ਕੀਤੇ ਗਏ ਮੁਕੱਦਮੇ ਵਿਚ ਕਿਸਾਨਾਂ ਨੂੰ ਤੰਗ-ਪਰੇਸ਼ਾਨ ਕਰਨ ਦੀ ਨਿਖ਼ੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਤੰਗ-ਪਰੇਸ਼ਾਨ ਜਾਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਦੱਸ ਦਈਏ ਕਿ 14 ਤਰੀਕ ਨੂੰ ਪਿੰਡਾਂ ’ਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣ ਅਤੇ 16 ਫਰਵਰੀ ਨੂੰ ਤਹਿਸੀਲ ਪੱਧਰਾਂ ’ਤੇ ਇਕੱਠੇ ਹੋ ਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੇ ਜਾਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਜਿਸ ਇਲਾਕੇ ਅੰਦਰ ਰੈਲੀ ਹੋਵੇਗੀ ਉਥੇ ਕਿਸਾਨਾਂ ਵੱਲੋਂ ਸੜਕਾਂ ਕੰਢੇ ਖੜ੍ਹੇ ਹੋ ਕੇ ਕਾਲੇ ਝੰਡੇ ਵਿਖਾਏ ਜਾਣਗੇ।
Comment here