ਅਮਰਗੜ੍ਹ-ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਪਿੱਛੋਂ ਸਿਆਸਤ ਕਾਫੀ ਗਰਮ ਨਜ਼ਰ ਆ ਰਹੀ ਹੈ ਕਿਉਂਕਿ ਉਨ੍ਹਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ ਬਾਰੇ ਭਾਵੁਕ ਤਕਰੀਰਾਂ ਸ਼ੋਸਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ । ਇਸ ਤੋਂ ਬਾਅਦ ਵੱਡੀ ਗਿਣਤੀ ਕਲਾਕਾਰ ਤੇ ਹੋਰ ਬੁੱਧੀਜੀਵੀ ਮਾਨ ਦੇ ਹੱਕ ਵਿਚ ਸਾਹਮਣੇ ਆ ਰਹੇ ਹਨ। ਅੱਜ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਸਤਵੀਰ ਸਿੰਘ ਸੀਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਵੀਰ ਸਿੰਘ ਸੀਰਾ ਨੇ ਕਿਹਾ ਕਿ ਉਹ ਦੀਪ ਸਿੱਧੂ ਦੀ ਮੌਤ ਉਪਰੰਤ ਦੇਸ਼ਾਂ ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀਆਂ ਦੇ ਹੁਕਮ ਨੂੰ ਮੰਨਦੇ ਹੋਏ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਮਾਨ ਜੀ ਦੀ ਜਿੱਤ ਲਈ ਤੇ ਪੰਜਾਬ ਨੂੰ ਬਚਾਉਣ ਲਈ ਮੁਹਿੰਮ ਨੂੰ ਜਾਰੀ ਰੱਖਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਕ ਆਜ਼ਾਦ ਉਮੀਦਵਾਰ ਨੇ ਵੀ ਮਾਨ ਦੇ ਹੱਕ ਵਿਚ ਖੜ੍ਹਨ ਦਾ ਐਲਾਨ ਕਰ ਦਿੱਤਾ ਹੈ।
Comment here