ਸਿਆਸਤਖਬਰਾਂ

ਸੰਯੁਕਤ ਮੋਰਚੇ ਨੇ ‘‘ਕਾਰਪੋਰੇਟ ਭਜਾਓ, ਦੇਸ਼ ਬਚਾਓ, ਪੰਜਾਬ ਬਚਾਓ’’ ਮਹਾਂਰੈਲੀ ਕੱਢੀ

 ਪੰਜਾਬ ਸਰਕਾਰ ਵਲੋਂ ਝੂਠੇ ਲਾਰਿਆਂ ਰਾਹੀਂ ਰਾਜ ਗੱਦੀ ਮੁੜ ਹਥਿਆਉਣਾ ਤੋਂ ਲੋਕ ਸੁਚੇਤ ਹੋਣ
 ਹਿੰਦੂਤਵੀ ਤਾਕਤਾਂ ਵਿਰੁਧ ਕਿਰਤੀ ਵਰਗਾਂ ਨੂੰ ਸੰਘਰਸ਼ ਕਰਨ ਦੀ ਲੋੜ
ਲੁਧਿਆਣਾ-ਇੱਥੇ ਗਿੱਲ ਰੋੜ ਤੇ ਪੈਂਦੀ ਅਨਾਜ ਮੰਡੀ ਵਿਖੇ ‘‘ਕਾਰਪੋਰੇਟ ਭਜਾਓ, ਦੇਸ਼ ਬਚਾਓ, ਪੰਜਾਬ ਬਚਾਓ’’ ਮਹਾਂਰੈਲੀ ਵਿੱਚ ਪੁੱਜੇ ਹਜਾਰਾਂ ਮਿਹਨਤਕਸ਼ਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਬਚਾਓ ਸੰਯੁਕਤ ਮੋਰਚਾ ਦੇ ਆਗੂਆਂ ਨੇ ਕਿਹਾ ਕਿ ‘‘ਸਾਰੇ ਮਿਹਨਤਕਸ਼ ਵਰਗਾਂ ਦੇ ਏਕੇ ਅਤੇ ਲਹੂ ਵੀਟਵੇਂ ਸੰਘਰਸ਼ਾਂ ਰਾਹੀਂ ਹੀ ਮੋਦੀ ਸਰਕਾਰ ਦੀਆ ਲੋਕ ਮਾਰੂ ਦੇਸ਼ ਵਿਰੋਧੀ ਨੀਤੀਆਂ ਅਤੇ ਫਿਰਕੂ-ਫਾਸ਼ੀ ਫੁੱਟ ਪਾਊ ਤਾਕਤਾਂ ਦੇ ਦੇਸ਼ ਵਿਰੋਧੀ ਮਨਸੂਬਿਆਂ ਨੂੰ ਭਾਂਜ ਦਿੱਤੀ ਜਾ ਸਕਦੀ ਹੈ। ਸਾਲ ਭਰ ਤੋਂ ਦਿੱਲੀ ਦੀਆਂ ਜੂਹਾਂ ’ਤੇ ਜਾਰੀ ਸਰਵ ਸਾਂਝੇ ਕਿਸਾਨ ਸੰਘਰਸ਼ ਸਦਕਾ ਹਿਟਲਰੀ ਸੋਚ ਤੇ ਚਲਦੀ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਹੋਣ ਤੋਂ ਇਸ ਤੱਥ ਦੀ ਪੁਸ਼ਟੀ ਹੋ ਗਈ ਹੈ।’’
ਸੂਬੇ ਦੀਆਂ ਟਰੇਡ ਯੂਨੀਅਨਾਂ, ਖੇਤ ਮਜ਼ਦੂਰ ਤੇ ਕਿਸਾਨ ਜੱਥੇਬੰਦੀਆਂ, ਸੂਬਾਈ ਕਰਮਚਾਰੀ ਫੈਡਰੇਸ਼ਨਾਂ, ਰੇਲਵੇ ਤੇ ਬੀਐਸ ਐਨ ਐਲ ਸਮੇਤ ਕੇਂਦਰੀ ਮੁਲਾਜ਼ਮ ਸੰਗਠਨਾਂ, ਟਰਾਂਸਪੋਰਟ ਤੇ ਬਿਜਲੀ ਕਾਮਿਆਂ ਦੀਆਂ ਜੱਥੇਬੰਦੀਆਂ, ਯੁਵਕ-ਵਿਦਿਆਰਥੀ ਤੇ ਇਸਤਰੀ ਸਭਾਵਾਂ ਤੇ ਆਧਾਰਿਤ ਉਕਤ ‘ਮੋਰਚਾ’ ਕਿਸਾਨ ਸੰਘਰਸ਼ ਚੋਂ ਉਪਜੀ ਜਮਹੂਰੀ ਚੇਤਨਾ ਤੇ ਸੰਘਰਸ਼ੀ ਭਾਵਨਾ ਨੂੰ ਹੋਰ ਤਿਖੇਰੀ ਤੋਂ ਪਰਪੱਕ ਕਰਦਿਆਂ ਲੋਟੂ ਨਿਜ਼ਾਮ ਤੋਂ ਕਿਰਤੀਆਂ ਦੀ ਬੰਦ ਖਲਾਸੀਂ ਦੇ ਸੰਗਰਾਮਾਂ ਦੀ ਉਸਾਰੀ ਕਰਨ ਵੱਲ ਸਾਬਤ ਕਦਮੀਂ ਅੱਗੇ ਵਧੇਗਾ।
ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਦੀਆਂ ਦੁਸ਼ਵਾਰੀਆਂ ’ਚ ਅੰਤਾਂ ਦਾ ਵਾਧਾ ਕਰਨ ਵਾਲੀਆਂ ਕਾਰਪੋਰੇਟ ਤੇ ਸਾਮਰਾਜ ਪੱਖੀ ਨੀਤੀਆਂ ਦੇ ਪੈਰੋਕਾਰ, ਧਰਮ ਨਿਰਪੱਖਤਾ ਪ੍ਰਤੀ ਸਮਝੌਤਾਵਾਦੀ ਪਹੁੰਚ ਅਪਣਾ ਕੇ ਫਿਰਕੂਫਾਸਿਸਟ ਤਾਕਤਾਂ ਸਾਹਮਣੇ ਗੋਡੇ ਟੇਕ ਦੇਣ ਵਾਲੇ ਅਤੇ ਝੂਠੇ ਲਾਰਿਆਂ ਤੇ ਫੋਕੇ ਵਾਅਦਿਆਂ ਦੇ ਆਸਰੇ ਸੱਤਾ ਪ੍ਰਾਪਤੀ ਲਈ ਤਰਲੋ ਮੱਛੀ ਹੋ ਰਹੇ ਰਾਜਸੀਂ ਦਲਾਂ ਤੋਂ ਲੋਕ ਭਲਾਈ ਦੀ ਆਸ ਉੱਕਾ ਹੀ ਨਹੀਂ ਕੀਤੀ ਜਾਣੀ ਚਾਹੀਦੀ। ਇਹ ਮੋਰਚਾ ਇਸ ਸੱਚਾਈ ਤੋਂ ਜਨ ਸਮੂਹਾਂ ਨੂੰ ਜਾਗਰੂਕ ਕਰਕੇ ਪ੍ਰਾਂਤ ਅੰਦਰ ਲੋਕ ਹਿੱਤਾਂ ਦੀ ਰਾਖੀ ਦੇ ਘੋਲ ਉਸਾਰਨ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ, ਸੁਤੰਤਰਤਾ ਸੰਗਰਾਮ ਦੀ ਪ੍ਰੇਰਣਾ ਸਦਕਾ ਸਿਰਜੀਆਂ ਗਈਆਂ ਲੋਕ ਰਾਜੀ ਤੇ ਫੈਡਰਲ ਕਦਰਾਂ-ਕੀਮਤਾਂ ਅਤੇ ਭਾਈਚਾਰਕ ਸਾਂਝ ਦੀ ਰਾਖੀ ਦਾ ਸੰਗਰਾਮ ਮਿਹਨਤੀ ਤਬਕਿਆਂ ਦੇ ਫੈਸਲਾਕੁੰਨ ਸੰਘਰਸ਼ਾਂ ਤੋਂ ਬਗੈਰ ਜਿੱਤਿਆ ਜਾਣਾ ਅਸਲੋਂ ਹੀ ਅਸੰਭਵ ਹੈ।
ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਸਿੱਖਿਆ, ਸਿਹਤ ਸਹੂਲਤਾਂ, ਪੀਣ ਵਾਲੇ ਸਵੱਛ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝਿਆ ਕਰਕੇ ਮਹਿਗਾਈ ਤੇ ਬੇਰੁਜ਼ਗਾਰੀ ਦੇ ਬੇਲਗਾਮ ਵਾਧੇ ਰਾਹੀਂ ਕੰਗਾਲ ਕਰਨ ਵਾਲੀਆਂ, ਜਨਤਕ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਅਡਾਨੀ-ਅੰਬਾਨੀ ਜਿਹੇ ਕਾਰਪੋਰੇਟਾਂ ਤੇ ਉਹਨਾਂ ਦੇ ਸਾਮਰਾਜੀ ਜੋਟੀਦਾਰਾਂ ਦੇ ਹਵਾਲੇ ਕਰਨ ਵਾਲੀਆਂ, ਲੋਕਾਈ ਨੂੰ ਜਲ-ਜੰਗਲ-ਜ਼ਮੀਨ ਤੋਂ ਵਿਰਵੇ ਕਰਨ ਵਾਲੀਆਂ ਨਿੱਜੀਕਰਨ-ਉਦਾਰੀਕਰਨ ਸੰਸਾਰੀਕਰਨ ਦੀਆਂ ਨੀਤੀਆਂ ਨੂੰ ਭਾਂਜ ਦਿੱਤੇ ਬਗੈਰ ਭਾਰਤੀ ਆਵਾਮ ਰੱਜਵੀਂ ਰੋਟੀ ਖਾਕੇ ਸੁਖ-ਆਰਾਮ ਦੀ ਨੀਂਦ ਨਹੀਂ ਸੌਂ ਸਕਦੇ।
ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਚੌਤਰਫਾ ਨਾਕਾਮੀਆਂ ਅਤੇ ਖੇਤੀ, ਦਰਮਿਆਨੇ ਤੇ ਛੋਟੇ ਉਦਯੋਗਾਂ ਤੇ ਵਿਉਪਾਰ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਖਿਲਾਫ ਦੇਸ਼ ਭਰ ਵਿੱਚ ਉੱਠ ਰਹੇ ਜਨ ਸੰਘਰਸ਼ਾਂ ਨੂੰ ਲੀਹੋਂ ਲਾਹੁਣਾ ਲਈ ਅਤੇ ਲੋਕਾਈ ਨੂੰ ਸਾਮਰਾਜੀ ਤੇ ਕਾਰਪੋਰੇਟਾਂ ਦੇ ਹਿੱਤਾਂ ਦੀ ਰਾਖੀ ਲਈ ਘੜਆਂ ਗਈਆਂ ਨੀਤੀਆਂ ਖਿਲਾਫ਼ ਸੰਘਰਸ਼ਾਂ ਵਿੱਚ ਸ਼ਾਮਲ ਹੋਣੋਂ ਰੋਕਣ ਲਈ ਫਿਰਕੂ ਧਰੁਵੀਕਰਨ ਦੇ ਕੋਝੇ ਉਦੇਸ਼ ਤਹਿਤ ਘੱਟ ਗਿਣਤੀ ਮੁਸਲਿਮ ਭਾਈਚਾਰੇ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਤੇ ਇਸਤਰੀਆਂ ਨੂੰ ਅਮਾਨਵੀਂ ਅੱਤਿਆਚਾਰਾਂ ਦਾ ਨਿਸ਼ਾਨਾ ਬਣਾ ਰਹੀਆਂ ਆਰ ਐਸ ਐਸ ਦੀ ਅਗਵਾਈ ਹੇਠਲੀਆਂ ਮਨੂੰਵਾਦੀਆਂ ਹਿੰਦੂਤਵੀ ਤਾਕਤਾਂ ਵਿਰੁਧ ਕਿਰਤੀ ਵਰਗਾਂ ਨੂੰ ਸਪੱਸ਼ਟ ਜਮਾਤੀ ਨਜ਼ਰੀਏ ਤੋਂ ਸੰਘਰਸ਼ਾਂ ਦੇ ਪਿੜ ਮੱਲਣ ਦੀ ਲੋੜ ਹੈ।
ਆਗੂਆਂ ਨੇ ਕਿਹਾ ਕਿ ਸਾਢੇ ਚਾਰ ਸਾਲ ਲੋਕਾਂ ਦੀ ਸਾਰ ਨਾ ਲੈਣ ਵਾਲੀ ਹੱਕੀ, ਮੰਗਾਂ ਦੀ ਪ੍ਰਾਪਤੀ ਲਈ ਜੂਝ ਰਹੇ ਤਬਕਿਆਂ ਨੂੰ ਅਣਕਿਆਸੇ ਪੁਲਸ ਜ਼ਬਰ ਦਾ ਨਿਸ਼ਾਨਾ ਬਣਾਉਣ ਵਾਲੀ ਅਤੇ ਪ੍ਰਾਂਤ ਵਾਸੀਆਂ ਦੀਆਂ ਜ਼ਿੰਦਗੀਆਂ ਨਰਕ ਬਨਾਉਣ ਵਾਲੇ ਨਸ਼ਾ ਤਸਕਰਾਂ ਤੇ ਵੰਨ ਸਵੰਨੇ ਮਾਫੀਆ ਗਰੋਹਾਂ ਦੀ ਨੰਗੀ ਚਿੱਟੀ ਪੁਸਤ ਪਨਾਹੀ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨਵੇਂ ਨਿਵੇਕਲੇ ਲਾਰਿਆਂ ਰਾਹੀਂ ਪੰਜਾਬ ਦੀ ਰਾਜ ਗੱਦੀ ਮੁੜ ਤੋਂ ਹਥਿਆਉਣਾ ਚਾਹੁੰਦੀ ਹੈ। ਉਨ੍ਹਾਂ ਪ੍ਰਾਂਤ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਝੂਠੇ ਲਾਰਿਆਂ ਦੇ ਸਿਰ ਤੇ ਬੇਲੋੜੇ-ਜ਼ਜਬਾਤੀ ਮੁੱਦੇ ਉਭਾਰ ਕੇ ਸੱਤਾ ਤੇ ਕਾਬਜ਼ ਹੋਣ ਲਈ ਯਤਨਸ਼ੀਲ ਰਾਜਸੀ ਦਲਾਂ ਨੂੰ ਰੱਦ ਕਰਦਿਆਂ ਆਪਣੇ ਮੰਗਾਂ-ਮਸਲਿਆਂ ਦੇ ਹੱਲ ਲਈ ਲੋਕ ਪੱਖੀ ਸ਼ਕਤੀਆਂ ਦੀ ਅਗਵਾਈ ਵਿੱਚ ਘੋਲਾਂ ’ਚ ਨਿਤਰਣ।
ਦੋਵੇਂ ਹੱਥ ਖੜ੍ਹਏ ਕਰਕੇ ਪਾਸ ਕੀਤੇ ਇਕ ਮਤੇ ਰਾਹੀਂ ਸੰਯੁੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾ ਮੰਨਣ ਦੀ ਮੰਗ ਕੀਤੀ ਗਈ। ਬੀ. ਐਸ. ਐਫ਼ ਨੂੰ 15 ਕਿਲੋਮੀਟਰ ਦੀ ਥਾਂ 50 ਕਿਲੋਮੀਟਰ ਤੱਕ ਦਾਖਲ ਹੋਣ ਤੱਕ ਦਾਖਲ ਹੋ ਕੇ ਕਾਰਵਾਈਆਂ ਕਰਨ ਦਾ ਅਧਿਕਾਰ ਦੇਣ ਵਾਲ ਨੋਟੀਫਿਕੇਸ਼ਨ ਰੱਦ ਕਰਨ ਦੀ ਵੀ ਮੰਗ ਕੀਤੀ। ਪੰਜਾਬ ਦੇ ਸੰਘਰਸ਼ਸ਼ੀਲ ਲੋਕਾਂ, ਸਨਅਤੀ ਕਾਮਿਆਂ, ਗੈਰ ਜਥੇਬੰਦ ਖੇਤਰ ਦੇ ਕਿਰਤੀਆਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ, ਸਕੀਮ ਵਰਕਰਾਂ ਤੇ ਕੱਚੇ ਕਾਮਿਆਂ ਦੇ ਹੱਕੀ ਸੰਘਰਸ਼ਾਂ ਦੀ ਹਮਾਇਤ ਦੇ ਮਤੇ ਪਾਸ ਕੀਤੇ।
ਸਰਵ ਸਾਥੀ ਬੰਤ ਬਰਾੜ, ਮੰਗਲ ਰਾਮ ਪਾਸਲਾ, ਗੁਰਮੀਤ ਸਿੰਘ ਬਖਤਪੁਰ, ਕਿਰਨਜੀਤ ਸਿੰਘ ਸੇਖੋਂ, ਸੰਯੁੁਕਤ ਕਿਸਾਨ ਮੋਰਚਾ ਦੇ ਪ੍ਰਮੁਖ ਬਲਵੀਰ ਸਿੰਘ ਰਾਜੇਵਾਲ, ਨਿਰਮਲ ਧਾਲੀਵਾਲ, ਕੁਲਵੰਤ ਸਿੰਘ ਸੰਧੂ, ਭਗਵੰਤ ਸਿੰਘ ਸਮਾਓ, ਗੁਰਨਾਮ ਸਿੰਘ ਬੌਲਦ ਕਲਾਂ, ਭੁਪਿੰਦਰ ਸਾਂਭਰ, ਵਿਜੈ ਮਿਸ਼ਰਾ, ਰੁਲਦੂ ਸਿੰਘ ਮਾਨਸਾ ਨੇ ਸੰਬੋਧਨ ਕੀਤਾ।
ਸਾਥੀ ਸੁਖਦੇਵ ਸ਼ਰਮਾ, ਪਰਗਟ ਸਿੰਘ ਜਾਮਰਾਏ, ਰਾਜਵਿੰਦਰ ਸਿੰਘ ਰਾਣਾ ਅਤੇ ਨਿਰੰਜਣ ਸਿੰਘ ਸਫੀਪੁਰ ਕਲਾਂ ਨੇ ਰੈਲੀ ਦੀ ਪ੍ਰਧਾਨਗੀ ਕੀਤੀ।
ਅਮਰਜੀਤ ਆਸਲ, ਦਰਸ਼ਨ ਨਾਹਰ, ਗੁਰਪ੍ਰੀਤ ਸਿੰਘ ਰੂੜੇਕੇ, ਰਣਜੀਤ ਸਿੰਘ, ਤੀਰਥ ਸਿੰਘ ਬਾਸੀ, ਬਿੰਦਰ ਅਲਖ, ਡੀ. ਪੀ. ਮੌੜ, ਸ਼ਿਵਦੱਤ ਸ਼ਰਮਾ, ਹਰਵਿੰਦਰ ਸਿੰਘ ਰੰਧਾਵਾ, ਸੁਖਦੇਵ ਸਿੰਘ ਝਾਮਕਾ, ਕ੍ਰਿਸ਼ਨ ਚੌਹਾਨ, ਗੁਰਨਾਮ ਸਿੰਘ ਦਾਊਦ, ਸੁਖਦੇਵ ਸਿੰਘ ਭਾਗੋਕਾਵਾਂ, ਦਰਸ਼ਨ ਸਿੰਘ ਲੁਬਾਣਾ, ਕੁਲਦੀਪ ਸਿੰਘ ਖੰਨਾ, ਜੈ ਪ੍ਰਕਾਸ਼ ਨਾਰਾਇਣ, ਸਵਤੰਤਰ ਕੁਮਾਰ, ਪ੍ਰੋਫੈਸਰ ਸੁੁਰਿੰਦਰ ਕੌਰ ਜੈਪਾਲ, ਗੁਰਮੀਤ ਸਿੰਘ ਨੰਦਗੜ੍ਹ, ਐਸ ਕੇ ਗੌਤਮ, ਸੁਖਵਿੰਦਰ ਸਿੰਘ ਚਾਹਲ, ਬੂਟਾ ਸਿੰਘ, ਪਰਮਜੀਤ ਸਿੰਘ, ਕੁਸ਼ਲ ਭੌਰਾ, ਰਾਜਿੰਦਰ ਪਾਲ ਕੌਰ, ਵਿੱਕੀ ਮਹੇਸ਼ਰੀ, ਵਰਿੰਦਰ ਕੁਮਾਰ ਖੁਰਾਣਾ, ਹਰਭਜਨ ਸਿੰਘ, ਗੁੁਰਵਿੰਦਰ ਸਿੰਘ ਗੋਲਡੀ, ਰਾਧੇ ਸ਼ਾਮ ਵੀ ਸੁਸ਼ੋਭਿਤ ਸਨ।

Comment here