ਸਿਆਸਤਖਬਰਾਂਚਲੰਤ ਮਾਮਲੇ

ਹਿਮਾਚਲ ’ਚ ਸਾਰੇ ਬਕਾਇਆ ਟੈਂਡਰ ਹੋਣਗੇ ਰੱਦ-ਮੁੱਖ ਮੰਤਰੀ ਸੁੱਖੂ

ਸ਼ਿਮਲਾ-ਹਿਮਾਚਲ ਪ੍ਰਦੇਸ਼ ਵਿਚ ਨਵੀਂ ਸਰਕਾਰ ਦੇ ਗਠਨ ਅਤੇ ਚਾਰਜ ਸੰਭਾਲਣ ਤੋਂ ਤੁਰਤ ਬਾਅਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਐਕਸ਼ਨ ਮੋਡ ਵਿੱਚ ਆ ਗਏ ਹਨ। ਕਾਂਗਰਸ ਸਰਕਾਰ ਨੇ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਬਕਾਇਆ ਟੈਂਡਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ ਛੇ ਮਹੀਨਿਆਂ ਵਿਚ ਰੱਖੇ ਗਏ ਸਾਰੇ ਨੀਂਹ ਪੱਥਰਾਂ ਅਤੇ ਉਦਘਾਟਨਾਂ ਦਾ ਵੇਰਵਾ ਵੀ ਮੰਗਿਆ ਗਿਆ ਹੈ। 15 ਦਸੰਬਰ ਤੱਕ ਜਾਣਕਾਰੀ ਦੇਣੀ ਹੋਵੇਗੀ। ਸੁੱਖੂ ਸਰਕਾਰ ਪਿਛਲੀ ਜੈਰਾਮ ਸਰਕਾਰ ਵਿੱਚ 1 ਅਪ੍ਰੈਲ 2022 ਤੋਂ ਬਾਅਦ ਕੈਬਨਿਟ ਵਿੱਚ ਲਏ ਗਏ ਸਾਰੇ ਫੈਸਲਿਆਂ ਦੀ ਸਮੀਖਿਆ ਕਰੇਗੀ। ਜਾਣਕਾਰੀ ਅਨੁਸਾਰ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਿਆ, ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਵਿਚ ਮਲਟੀ ਟਾਸਕ ਵਰਕਰਾਂ ਦੀ ਭਰਤੀ ਕੀਤੀ ਗਈ ਸੀ। ਇਸ ਸਬੰਧੀ ਵਿਧਾਇਕ ਹਰਸ਼ਵਰਧਨ ਚੌਹਾਨ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਇਨ੍ਹਾਂ ਭਰਤੀਆਂ ਸਮੇਤ ਪੈਰਾ ਵਰਕਰ ਭਰਤੀ ਦੇ ਮਾਮਲੇ ਨੂੰ ਵੀ ਘੋਖੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਦੁਪਹਿਰ ਇੱਥੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਧਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਿਮਾਚਲ ਭਵਨ/ਸਦਨ ਅਤੇ ਸਟੇਟ ਗੈਸਟ ਹਾਊਸਾਂ ਦੇ ਕਮਰਿਆਂ ਦਾ ਕਿਰਾਇਆ ਆਮ ਜਨਤਾ ਦੇ ਬਰਾਬਰ ਹੀ ਅਦਾ ਕਰਨਾ ਹੋਵੇਗਾ। ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੰਗੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।

Comment here