ਸਿਆਸਤਖਬਰਾਂ

ਹੁਣ ਮੁਸੀਬਤਾਂ ਵਾਲੇ ਦਿਨ ਬੀਤ ਗਏ-ਜੰਮੂ-ਕਸ਼ਮੀਰ ਨੇ ਨੌਜਵਾਨਾਂ ਨੂੰ ਮੋਦੀ ਵੱਲੋਂ ਭਰੋਸਾ

ਸਾਂਬਾ-ਸੰਵਿਧਾਨ ਦੀ ਧਾਰਾ 370 ਦੀਆਂ ਜ਼ਿਆਦਾਤਰ ਮਦਾਂ 2019 ’ਚ ਹਟਾਏ ਜਾਣ ਮਗਰੋਂ ਜੰਮੂ ਕਸ਼ਮੀਰ ਦੀ ਪਹਿਲੀ ਫੇਰੀ ’ਤੇ ਇੱਥੇ ਆਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ’ਚ 38 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਨਿੱਜੀ ਖੇਤਰ ਤੋਂ ਆਇਆ ਹੈ ਤੇ ਇੱਥੇ ਵੱਡੀ ਗਿਣਤੀ ’ਚ ਸੈਲਾਨੀਆਂ ਦੀ ਆਮਦ ਦੇਖੀ ਜਾ ਰਹੀ ਹੈ। ਪ੍ਰਧਾਨ ਮਤਰੀ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ ਤੋਂ ਕਰੀਬ 17 ਕਿਲੋਮੀਟਰ ਦੂਰ ਸਾਂਬਾ ਜ਼ਿਲ੍ਹੇ ਦੇ ਪੱਲੀ ਪਿੰਡ ’ਚ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਭਾਸ਼ਣ ਦਾ ਪ੍ਰਸਾਰਨ ਦੇਸ਼ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ’ਚ ਕੀਤਾ ਗਿਆ। ਉਨ੍ਹਾਂ ਜੰਮੂ ਕਸ਼ਮੀਰ ਲਈ 20 ਹਜ਼ਾਰ ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂਟੀ ਦੇ ਲੋਕਾਂ ਲਈ 175 ਕੇਂਦਰੀ ਕਾਨੂੰਨ ਤੇ ਪੰਚਾਇਤੀ ਰਾਜ ਪ੍ਰਬੰਧ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜੰਮੂ ਕਸ਼ਮੀਰ ਨੂੰ ਧਾਰਾ 370 ਤਹਿਤ ਵਿਦੇਸ਼ ਦਰਜਾ ਮਿਲਿਆ ਹੋਇਆ ਸੀ, ਇੱਥੋਂ ਦੇ ਲੋਕ ਅਜਿਹੇ ਲਾਭਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ, ‘ਜੰਮੂ ਕਸ਼ਮੀਰ ਲੋਕਤੰਤਰ ਤੇ ਦ੍ਰਿੜ੍ਹ ਸੰਕਲਪ ਦੀ ਨਵੀਂ ਮਿਸਾਲ ਪੇਸ਼ ਕਰ ਰਿਹਾ ਹੈ। ਇੱਥੇ ਪਿਛਲੇ ਦੋ ਤਿੰਨ ਸਾਲਾਂ ਵਿਕਾਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।’ ਮੋਦੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਹਿਲੀ ਵਾਰ ਜੰਮੂ ਕਸ਼ਮੀਰ ’ਚ ਕੁਝ ਮਹੀਨੇ ਪਹਿਲਾਂ ਤਿੰਨ ਪੱਧਰੀ ਪੰਚਾਇਤੀ ਰਾਜ ਪ੍ਰਣਾਲੀ ਲਈ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ।  ਉਨ੍ਹਾਂ ਕਿਹਾ, ‘ਪੰਚਾਇਤੀ ਰਾਜ ਪ੍ਰਬੰਧ ਇੱਕ ਚੰਗੀ ਯੋਜਨਾ ਸੀ। ਇਸ ਦਾ ਢਿੰਡੋਰਾ ਪਿੱਟਿਆ ਗਿਆ। ਲੋਕਾਂ ਨੂੰ ਇਸ ’ਚ ਮਾਣ ਹੁੰਦਾ ਸੀ ਜਿਸ ’ਚ ਕੁਝ ਵੀ ਗਲਤ ਨਹੀਂ ਸੀ। ਦਿੱਲੀ ’ਚ ਸਾਡੀ ਸਰਕਾਰ ਆਉਣ ਤੋਂ ਪਹਿਲਾਂ ਜੰਮੂ ਕਸ਼ਮੀਰ ਦੀ ਜਨਤਾ ਇਸ ਪ੍ਰਬੰਧ ਤੋਂ ਵਾਂਝੀ ਸੀ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਐਨਡੀਏ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਪੰਚਾਇਤਾਂ ਨੂੰ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ 22 ਹਜ਼ਾਰ ਕਰੋੜ ਰੁਪਏ ਦਾ ਫੰਡ ਸਿੱਧੇ ਦਿੱਤੇ ਜਦਕਿ ਇਸ ਤੋਂ ਪਹਿਲਾਂ ਇਸ ਮਦ ’ਚ ਪੰਜ ਹਜ਼ਾਰ ਕਰੋੜ ਰੁਪੲੇ ਦਿੱਤੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਇਸ ਨਾਲ ਯੂਟੀ ਦੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰ ਰਹੇ ਹਨ ਕਿ ਜੰਮੂ ਕਸ਼ਮੀਰ ਦੇ ਸਾਰੇ ਇਲਾਕੇ ਸਾਲ ਦੇ 12 ਮਹੀਨੇ ਆਪਸ ’ਚ ਜੁੜੇ ਰਹਿਣ। ਮੋਦੀ ਨੇ ਜੰਮੂ ਕਸ਼ਮੀਰ ਦੇ ਪੰਚਾਇਤੀ ਨੁਮਾਇੰਦਿਆਂ ਨਾਲ ਗੱਲ ਕਰਦਿਆਂ ਖੇਤੀਬਾੜੀ ਲਈ ਸੋਲਰ ਪੰਪਾਂ ਦੀ ਵਰਤੋਂ ਦੇ ਮਹੱਤਵ ’ਤੇ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਘਾਟੀ ਦੇ ਨੌਜਵਾਨਾਂ ਨੂੰ ਦਿੱਤੇ ਸੰਦੇਸ਼ ’ਚ ਸ਼ਾਂਤੀ ਅਤੇ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਵਲੋਂ ਕੀਤੀ ਗਈ ਪਹਿਲ ਨੂੰ ਗਿਣਵਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਅਤੇ ਨਾਨਾ-ਨਾਨੀ ਨੇ ਜੋ ਮੁਸੀਬਤਾਂ ਝੱਲੀਆਂ ਹਨ, ਉਨ੍ਹਾਂ ਨੂੰ ਨਹੀਂ ਚੁੱਕਣੀਆਂ ਪੈਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਕਸ਼ਮੀਰ ਦੇ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਘਾਟੀ ਦੇ ਨੌਜਵਾਨਾਂ, ਤੁਹਾਡੇ ਮਾਤਾ-ਪਿਤਾ, ਤੁਹਾਡੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੇ ਮੁਸੀਬਤ ਭਰੀ ਜ਼ਿੰਦਗੀ ਗੁਜ਼ਾਰੀ ਹੈ। ਮੇਰੇ ਨੌਜਵਾਨੋਂ, ਤੁਸੀਂ ਅਜਿਹੀ ਮੁਸੀਬਤ ਭਰੀ ਜ਼ਿੰਦਗੀ ਨਹੀਂ ਬਿਤਾਉਗੇ। ਮੈਂ ਇਹ ਭਰੋਸਾ ਦਿਵਾਉਂਦਾ ਹਾਂ। ਪੰਚਾਇਤ ਰਾਜ ਦਿਵਸ ਮੌਕੇ ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਗੱਲ ’ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਿਛਲੇ ਕੁਝ ਸਾਲ ’ਚ ਸਰਕਾਰ ਵਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸ਼ਾਂਤੀ ਅਤੇ ਵਿਕਾਸ ਲਈ ਚੁੱਕੇ ਗਏ ਕਦਮਾਂ ਨੂੰ ਵੀ ਰੇਖਾਂਕਿਤ ਕੀਤਾ।

Comment here