ਸਿਆਸਤਖਬਰਾਂ

ਹੋਲੇ ਮਹੱਲੇ ‘ਤੇ ਨੱਕੀਆਂ ਟੋਲ ਪਲਾਜ਼ਾ ਫਰੀ ਕੀਤਾ

ਅਨੰਦਪੁਰ ਸਾਹਿਬ: ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜ੍ਹਾਅ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਆਰੰਭ ਹੋ ਚੁੱਕਾ ਹੈ। ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਐੱਸ.ਡੀ.ਐੱਮ ਸ੍ਰੀ ਅਨੰਦਪੁਰ ਸਾਹਿਬ ਤੇ ਡੀ.ਐੱਸ. ਪੀ ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਮੁਸ਼ਕਿਲਾਂ ਨੂੰ ਉਨ੍ਹਾਂ ਵਲੋਂ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਟੁੱਟੀਆਂ ਹੋਈਆਂ ਸੜਕਾਂ ਦੀ ਤੁਰੰਤ ਪ੍ਰਭਾਵ ਨਾਲ ਮੁਰੰਮਤ ਦੇ ਨਿਰਦੇਸ਼ ਦਿੱਤੇ ਅਤੇ ਝਿੰਜੜੀਂ ਵਿਖੇ ਪਾਰਕਿੰਗ ਵਿੱਚ ਖੜ੍ਹੇ ਪਾਣੀ ਦੀ ਸਮੱਸਿਆ ਨੂੰ ਵੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਹਨਾਂ ਨੇ ਨੱਕੀਆਂ ਟੋਲ ਪਲਾਜ਼ੇ ਨੂੰ 20 ਮਾਰਚ ਤੱਕ ਸੰਗਤਾਂ ਲਈ ਫਰੀ ਖੋਲ੍ਹਣ ਦਾ ਐਲਾਨ ਵੀ ਕੀਤਾ।  ਉਨ੍ਹਾਂ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜ੍ਹੀਆਂ ਵਾਲਿਆਂ ਦੀ ਸਿਰਫ਼ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸਾਸ਼ਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

Comment here