ਸਿਆਸਤਖਬਰਾਂਚਲੰਤ ਮਾਮਲੇ

ਹੱਕੀ ਮੰਗਾਂ ਲਈ ਧਰਨੇ ਮਾਰਦੇ ਨੌਜਵਾਨਾਂ ਨੂੰ ਸੀ ਐੱਮ ਮਾਨ ਨੇ ਸਬਰ ਰੱਖਣ ਲਈ ਕਿਹਾ

ਚੰਡੀਗੜ੍ਹ- ਪੰਜਾਬ ਦੀ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਹੀ ਮਹੀਨੇ ਹਜ਼ਾਰਾਂ ਨੌਕਰੀਆਂ ਦੇਣ ਦਾ ਐਲਾਨ ਕਰ ਦਿੱਤਾ ਸੀ, ਪਰ ਕਾਰਵਾਈ ਪੂਰੀ ਹੋਣ ਨੂੰ ਸਮਾਂ ਲੱਗਣ ਕਰਕੇ ਬੇਰੁਜ਼ਗਾਰ ਅਤੇ ਕੱਚੇ ਮੁਲਾਜ਼ਮ ਧਰਨੇ ਪ੍ਰਦਰਸ਼ਨਾਂ ਤੇ ਆ ਰਹੇ ਹਨ, ਜਿਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਚਿਰ ਸਬਰ ਕਰਨ ਨੂੰ ਕਿਹਾ ਹੈ। ਬੀਤੇ ਦਿਨ ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਲਈ 26,754 ਅਸਾਮੀਆਂ ਲਈ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ | ਇਹ ਨਿਯੁਕਤੀ ਪੱਤਰ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਕਮਿਊਨਿਟੀ ਹੈਲਥ ਅਫਸਰਾਂ, ਸਟਾਫ ਨਰਸਾਂ, ਵਾਰਡ ਅਟੈਂਡੈਂਟਾਂ ਆਦਿ ਤੋਂ ਇਲਾਵਾ ਜਲ ਸਰੋਤ ਵਿਭਾਗ ਵਿਚ ਐਸ.ਡੀ.ਈਜ. ਅਤੇ ਪੰਪ ਆਪਰੇਟਰਾਂ ਦੀਆਂ ਅਸਾਮੀਆਂ ਲਈ ਦਿੱਤੇ ਗਏ | ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖ਼ਰੀ ਦੋ ਮਹੀਨਿਆਂ ਵਿਚ ਜੋ ਕਰਦੀਆਂ ਰਹੀਆਂ ਹਨ, ਉਹ ਸਾਡੀ ਸਰਕਾਰ ਨੇ ਸ਼ੁਰੂਆਤੀ ਦੋ ਮਹੀਨਿਆਂ ਵਿਚ ਕੀਤਾ ਹੈ, ਜਿਸ ਨਾਲ ਉਮੀਦਵਾਰਾਂ ਨੂੰ ਨਿਰੋਲ ਮੈਰਿਟ ਤੇ ਉਨ੍ਹਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਅਧਾਰ ‘ਤੇ ਨੌਕਰੀਆਂ ਦੇਣ ਸੰਬੰਧੀ ਸਾਡੀ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ | ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਸੰਬੰਧਤ ਮੰਤਰੀਆਂ ਨੂੰ ਨਵ-ਨਿਯੁਕਤ ਨੌਜਵਾਨਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਉਹ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਸਕਣ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਜਾਣਬੁੱਝ ਕੇ ਸਰਕਾਰੀ ਮੁਲਾਜ਼ਮਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਦੂਰ-ਦੁਰਾਡੇ ਦੀਆਂ ਥਾਵਾਂ ‘ਤੇ ਤਾਇਨਾਤ ਕੀਤਾ ਜਾਂਦਾ ਸੀ | ਹਾਲਾਂਕਿ, ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਦੂਰ-ਦੁਰਾਡੇ ਵਾਲੀਆਂ ਥਾਵਾਂ ‘ਤੇ ਤਾਇਨਾਤੀ ਤੋਂ ਵੀ ਸੰਕੋਚ ਨਾ ਕਰਨ | ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਚ ਫੈਲੀ ਬੇਰੁਜ਼ਗਾਰੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਜਨਮ ਦਿੰਦੀ ਹੈ ਅਤੇ ਇਹ ਸਾਡੀ ਵਚਨਬੱਧਤਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ ਜਾਣ | ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ ਰੱਖਣ ਤੇ ਕੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀ ਕਾਰਵਾਈ ਪੂਰੀ ਕੀਤੀ ਜਾ ਸਕੇ |

Comment here