ਮੋਰਿੰਡਾ– ਇੱਥੇ ਲੰਘੇ ਦਿਨ ਬੇਜ਼ਮੀਨਿਆਂ ਲਈ ਜ਼ਮੀਨ ਮਾਲਕੀ ਅਤੇ ਹੋਰ ਮੰਗਾਂ ਖਾਤਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਕੋਲ ਪਰਦਰਸ਼ਨ ਕੀਤਾ ਜਾ ਰਿਹਾ ਸੀ, ਪੁਲਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਚ ਝੜਪ ਹੋ ਗਈ, ਪਰਦਰਸ਼ਨਕਾਰੀਆਂ ਨੇ ਪੁਲਸ ਨੇ ਪੱਥਰ ਵਰਾਏ ਤੇ ਪੁਲਸ ਨੇ ਲਾਠੀਚਾਰਜ ਕੀਤਾ। ਡੀਐਸਪੀ ਸਣੇ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਏ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀਆਂ ਜ਼ਮੀਨਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕਿਸੇ ਵੀ ਸੱਤਾਧਾਰੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿੱਤ ਦਿਹਾੜੀ ਆਪਣੇ ਹੱਕ ਮੰਗਦੇ ਦਲਿਤਾਂ ਨੂੰ ਪੇਂਡੂ ਧਨਾਢ ਚੌਧਰੀਆਂ ਦੇ ਜਬਰ ਦਾ ਸ਼ਿਕਾਰ ਹੋ ਰਹੇ ਹਨ ਇੱਥੋਂ ਤੱਕ ਕਿ ਕਈ ਵਾਰ ਪਿੰਡਾਂ ਵਿੱਚ ਉਨ੍ਹਾਂ ਨੂੰ ਸਮਾਜਿਕ ਬਾਈਕਾਟ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਐਸ ਸੀ ਚਿਹਰੇ ਦੇ ਤੌਰ ‘ਤੇ ਮੁੱਖ ਮੰਤਰੀ ਚਰਨਜੀਤ ਚੰਨੀ ਬਣਨ ਤੋਂ ਬਾਅਦ ਦਲਿਤਾਂ ਅੰਦਰ ਇੱਕ ਆਸ ਦੀ ਕਿਰਨ ਬੱਝੀ ਹੈ। ਇਸ ਲਈ ਦਲਿਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨ ਵਿੱਚੋਂ ਤੀਜਾ ਹਿੱਸਾ ਦਲਿਤਾਂ ਲਈ ਪੱਕੇ ਤੌਰ ਤੇ ਲੈਣ, ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਦੇ ਬਿਨਾ ਸ਼ਰਤ ਮਾਲਕੀ ਹੱਕ ਲੈਣ, ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਾਉਣ, ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਦਿਵਾਉਣ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਚ ਰੇਲਵੇ ਸਟੇਸ਼ਨ ਕੋਲ ਇਕੱਠੇ ਹੋ ਕੇ ਪਹਿਲਾਂ ਰੈਲੀ ਕੀਤੀ ਗਈ ਅਤੇ ਉਸ ਤੋਂ ਬਾਅਦ ਮੁਲਾਕਾਤ ਲਈ ਕੋਠੀ ਵੱਲ ਮਾਰਚ ਕੀਤਾ ਗਿਆ। ਜਿੱਥੇ ਮੁੱਖ ਮੰਤਰੀ ਦੀ ਕੋਠੀ ਤੋਂ ਪਹਿਲਾਂ ਹੀ ਭਾਰੀ ਪੁਲੀਸ ਫੋਰਸ ਵੱਲੋਂ ਬੈਰੀਕੇਡ ਲਾ ਕੇ ਦਲਿਤਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ, ਜਿੱਥੇ ਕਮੇਟੀ ਵੱਲੋਂ ਉਸੇ ਥਾਂ ਉੱਪਰ ਸੜਕ ਨੂੰ ਜਾਮ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕੇ ਭਾਵੇਂ ਦਲਿਤ ਚਿਹਰੇ ਦਾ ਮੁੱਖ ਮੰਤਰੀ ਲੈ ਆਂਦਾ ਹੈ, ਪਰ ਕਾਂਗਰਸ ਦੀ ਨੀਤੀ ਪਹਿਲਾਂ ਵਾਲੀ ਹੀ ਹੈ। ਲਾਠੀਚਾਰਜ ਤੋਂ ਬਾਅਦ ਜ਼ੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਗੁਰਵਿੰਦਰ ਬੌਡ਼ਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਮੇਤ ਕਾਂਗਰਸੀ ਮੰਤਰੀਆਂ ਦਾ ਪਿੰਡਾਂ ਵਿੱਚ ਘਿਰਾਓ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵਿਸ਼ਾਲ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ।
Comment here