ਚੰਡੀਗੜ੍ਹ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪਹੁੰਚੇ। ਜਿਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਅਨੁਰਾਗ ਠਾਕੁਰ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵੱਡੇ ਸਿਆਸਤਦਾਨ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਰਿਵਾਰ ਜਾਂ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਸਰਦਾਰ ਬਾਦਲ ਆਪਣੇ ਆਪ ਵਿੱਚ ਇੱਕ ਸੰਸਥਾ ਸਨ ਜਿਹਨਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਦੇ ਲਈੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਤੁਹਾਨੂੰ ਦੱਸ ਦਈਏ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਪੰਜਾਬ ਦੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਅਸ਼ਵਨੀ ਸੇਖੜੀ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਹਰਵਿੰਦਰ ਸਿੰਘ ਲਾਡੀ, ਨਵਤੇਜ ਸਿੰਘ ਚੀਮਾ, ਸੁਰਜੀਤ ਧੀਮਾਨ, ਗੁਰਬਿੰਦਰ ਸਿੰਘ ਅਟਵਾਲ, ਹਰਿਆਣਾ ਦੇ ਸਾਬਕਾ ਮੰਤਰੀ ਕੈਪਟਨ ਅਭਿਮੰਨੂ, ਸੁਨੀਲ ਦੱਤ, ਆਰ ਐਸ ਐਸ ਪੰਜਾਬ ਦੇ ਆਗੂ ਨਰੇਂਦਰ ਸ਼ਰਮਾ ਅਤੇ ਇਕਬਾਲ ਸਿੰਘ ਨੇ ਵੀ ਬਾਦਲ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
Comment here