ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਨੇ ਸਾਬਕਾ ਕਾਂਗਰਸੀ ਆਗੂ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਅਸ਼ਵਨੀ ਸ਼ਰਮਾ ਨੂੰ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਪਾਰਟੀ ਦੇ ਟਕਸਾਲੀ ਆਗੂਆਂ ਨੂੰ ਲਾਂਭੇ ਕਰਕੇ ਕਾਂਗਰਸ ਤੋਂ ਆਏ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਚਰਚਾ ਹੈ ਕਿ ਪੰਜਾਬ ਦੇ ਟਕਸਾਲੀ ਆਗੂ ਵੀ ਇਸ ਫੈਸਲੇ ਤੋਂ ਹੈਰਾਨ ਹਨ। ਉਧਰ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਾਖੜ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਹਾਲਾਂਕਿ ਨਿਯੁਕਤੀ ਤੋਂ 24 ਘੰਟਿਆਂ ਪਿੱਛੋਂ ਟਵਿੱਟਰ ਉਤੇ ਦਿੱਤੀ ਇਹ ਵਧਾਈ ਕਾਫੀ ਚਰਚਾ ਵਿਚ ਹੈ। ਦੱਸ ਦਈਏ ਕਿ ਭਾਜਪਾ ਨੇ ਕੱਲ੍ਹ ਸ਼ਾਮ ਜਾਖੜ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ।
ਭਾਜਪਾ ਦੇ ਸੀਨੀਅਰ ਆਗੂ ਮੁਤਾਬਕ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਨੂੰ ਸੂਬਾਈ ਅਹੁਦੇਦਾਰਾਂ ਦੀ ਟੀਮ ਵਿੱਚ ਨਵੀਆਂ ਨਿਯੁਕਤੀਆਂ ਕਰਨ ਦੇ ਅਧਿਕਾਰ ਵੀ ਦਿੱਤੇ ਗਏ ਹਨ। ਇਸ ਤਰ੍ਹਾਂ ਨਾਲ ਸੂਬਾ ਅਹੁਦੇਦਾਰਾਂ ਵਿੱਚ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਛੱਡ ਕੇ ਦਲ ਬਦਲੀ ਕਰਨ ਵਾਲੇ ਸਿਆਸੀ ਆਗੂਆਂ ਨੂੰ ਅਹੁਦੇ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਦਾ ਦੱਸਣਾ ਹੈ ਕਿ ਪ੍ਰਧਾਨ ਦੀ ਨਿਯੁਕਤੀ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਹੈ।
Comment here