ਅਪਰਾਧਸਿਆਸਤਖਬਰਾਂ

ਗੋਧਰਾ ਟਰੇਨ ਕਾਂਡ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 8 ਦੋਸ਼ੀਆਂ ਨੂੰ ਜ਼ਮਾਨਤ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ 2002 ਦੇ ਗੋਧਰਾ ਰੇਲ ਗੱਡੀ ਦੇ ਕੋਚ ਨੂੰ ਅੱਗ ਲਗਾ ਕੇ ਸਾੜਨ ਦੇ ਮਾਮਲੇ ‘ਚ 8 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਸਾਰਿਆਂ ਨੂੰ ਗੋਧਰਾ ‘ਚ ਟਰੇਨ ਦੀ ਬੋਗੀ ਨੂੰ ਅੱਗ ਲਾਉਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਤੋਂ ਜਿਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ,ਇਹ ਸਾਰੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।ਹਾਲਾਂਕਿ ਸੁਪਰੀਮ ਕੋਰਟ ਵੱਲੋਂ ਇਸੇ ਹੀ ਕੇਸ ਵਿੱਚ ਸਜ਼ਾ ਕੱਟ ਰਹੇ ਹੋਰ ਦੋਸ਼ੀਆਂ ਨੂੰ ਕੋਈ ਜ਼ਮਾਨਤ ਜਾਂ ਕੋਈ ਰਾਹਤ ਨਹੀਂ ਦਿੱਤੀ ਗਈ। ਸੁਪਰੀਮ ਕੋਰਟ ਨੇ ਗੋਧਰਾ ਰੇਲ ਕਾਂਡ ਦੇ ਕੁਝ ਦੋਸ਼ੀਆਂ ਦੀਆਂ ਅਪੀਲਾਂ ਲੰਬਿਤ ਹੋਣ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਹੋਰ ਦੋਸ਼ੀਆਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਵੱਲੋਂ 12 ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋਂ ਅੱਠ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਵਾਲੇ 8 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਸਵੀਕਾਰ ਕੀਤਾ ਕਿ ਦੋਸ਼ੀ ਪਹਿਲਾਂ ਹੀ 17-18 ਸਾਲ ਜੇਲ੍ਹ ਵਿੱਚ ਬਿਤਾ ਚੁੱਕੇ ਹਨ ਅਤੇ ਹਾਈ ਕੋਰਟ ਜਲਦੀ ਕੋਈ ਫੈਸਲਾ ਨਹੀਂ ਦੇਵੇਗੀ। ਭਾਰਤ ਦੇ ਸਾਲਿਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਹਿੰਸਕ ਅਪਰਾਧਾਂ ਦੇ ਦੋਸ਼ੀ ਇਨ੍ਹਾਂ ਲੋਕਾਂ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਪਰ ਸੁਪਰੀਮ ਕੋਰਟ ਨੇ ਜ਼ਮਾਨਤ ਮਨਜ਼ੂਰ ਕਰ ਦਿੱਤੀ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਕਿਹਾ ਕਿ ਦੋਸ਼ੀਆਂ ਦੀਆਂ ਜ਼ਮਾਨਤ ਪਟੀਸ਼ਨਾਂ ਦੇ ਬੈਚ ਨਾਲ ਕੁਸ਼ਲਤਾ ਨਾਲ ਨਿਪਟਣ ਲਈ ਫਰਕ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ਬੈਂਚ ਨੇ ਕਿਹਾ ਕਿ ਉਹ ਮੌਜੂਦਾ ਸਮੇਂ ਵਿੱਚ ਉਨ੍ਹਾਂ ਲੋਕਾਂ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਰਿਹਾ ਹੈ ਜਿਨ੍ਹਾਂ ਨੂੰ ਪਹਿਲਾਂ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਘਟਾ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ 27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ‘ਚ ਸਾਬਰਮਤੀ ਐਕਸਪ੍ਰੈੱਸ ਦੇ ਐੱਸ-6 ਕੋਚ ‘ਚ ਅੱਗ ਲੱਗਣ ਕਾਰਨ 59 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੂਰੇ ਸੂਬੇ ‘ਚ ਦੰਗੇ ਭੜਕ ਗਏ।

Comment here