ਸਿਆਸਤਖਬਰਾਂਚਲੰਤ ਮਾਮਲੇ

ਦਿੱਲੀ ਪੁਲਿਸ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਕਰੇਗੀ ਕੇਸ ਦਰਜ

ਨਵੀਂ ਦਿੱਲੀ-ਪਹਿਲਵਾਨਾਂ ਦੇ ਚੱਲ ਰਹੇ ਧਰਨਿਆਂ ‘ਤੇ ਨਹੀਂ, ਹੁਣ ਸਰਕਾਰ ਕਾਰਵਾਈ ਕਰਨ ਜਾ ਰਹੀ ਹੈ। ਦਿੱਲੀ ਪੁਲਿਸ ਅੱਜ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰੇਗੀ। ਕੇਂਦਰ ਸਰਕਾਰ ਨੇ ਇਸ ਬਾਰੇ ਸੁਪਰੀਮ ਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਿੰਘ ਖਿਲਾਫ ਐੱਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਇਹ ਜਾਣਕਾਰੀ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਦਿੱਤੀ। ਇਕ ਨਾਬਾਲਗ ਪਹਿਲਵਾਨ ਸਮੇਤ ਸੱਤ ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।
ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਹ ਪੀੜਤ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਹ ਸਭ 2016 ਤੋਂ ਚੱਲ ਰਿਹਾ ਹੈ। ਜ਼ੁਬਾਨੀ ਸ਼ਿਕਾਇਤ ਕੀਤੀ, ਕੁਝ ਨਹੀਂ ਹੋਇਆ। ਫਿਰ ਇਸ ਸਾਲ ਜਨਵਰੀ ‘ਚ ਜਦੋਂ ਰਸਮੀ ਤੌਰ ‘ਤੇ ਦੱਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਆਓ ਕਮੇਟੀ ਬਣਾ ਦੇਈਏ। ਪਰ ਕੁਝ ਨਹੀਂ ਹੋਇਆ। ਘੱਟੋ-ਘੱਟ ਐਫਆਈਆਰ ਤਾਂ ਤੁਰੰਤ ਹੋਣੀ ਚਾਹੀਦੀ ਸੀ। ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਚਿੰਤਾ ਸਾਡੇ ‘ਤੇ ਛੱਡ ਦਿੱਤੀ ਜਾਣੀ ਚਾਹੀਦੀ ਹੈ। ਦਿੱਲੀ ਪੁਲਿਸ ਕਮਿਸ਼ਨਰ ਇਸ ਸਬੰਧ ਵਿਚ ਸਾਰੀਆਂ ਚਿੰਤਾਵਾਂ ਅਤੇ ਸਵਾਲਾਂ ‘ਤੇ ਗੌਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਆਪਣੇ ਤੌਰ ‘ਤੇ ਕਿਹਾ ਹੈ ਕਿ ਉਹ ਐਫਆਈਆਰ ਦਰਜ ਕਰ ਰਹੀ ਹੈ।
ਪਹਿਲਵਾਨਾਂ ਦੇ ਵਕੀਲ ਕਪਿਲ ਸਿੱਬਲ ਨੇ ਦੱਸਿਆ ਕਿ ਬ੍ਰਿਜ ਭੂਸ਼ਣ ਖ਼ਿਲਾਫ਼ 40 ਕੇਸ ਦਰਜ ਹਨ। ਅਜਿਹੀ ਸਥਿਤੀ ਵਿੱਚ ਸ਼ਿਕਾਇਤਕਰਤਾ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਸਿੱਬਲ ਨੇ ਕਿਹਾ ਕਿ ਮਹਿਲਾ ਪਹਿਲਵਾਨਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਇਨ੍ਹਾਂ ‘ਤੇ ਕਤਲ ਦੇ ਮਾਮਲੇ ਵੀ ਦਰਜ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀ ਸਥਿਤੀ ਵਿੱਚ ਐਸਆਈਟੀ ਨੂੰ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ, ਜਿਸ ਦੀ ਨਿਗਰਾਨੀ ਸਾਬਕਾ ਜੱਜ ਤੋਂ ਕੀਤੀ ਜਾਵੇ। ਇਸ ‘ਤੇ ਸੀਜੇਆਈ ਨੇ ਕਿਹਾ ਕਿ ਉਹ ਦਿੱਲੀ ਪੁਲਿਸ ਦੇ ਵਕੀਲ ਦਾ ਬਿਆਨ ਦਰਜ ਕਰ ਰਹੇ ਹਨ ਕਿ ਅੱਜ ਹੀ ਇਸ ਮਾਮਲੇ ‘ਚ ਐਫਆਈਆਰ ਦਰਜ ਕੀਤੀ ਜਾਵੇਗੀ।

Comment here