ਸਿਆਸਤਖਬਰਾਂ

ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਲੱਗਿਆ ਕੋਰੋਨਾ ਕੈਂਪ

ਅੰਮ੍ਰਿਤਸਰ-ਲੰਘੇ ਦਿਨੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਦੇ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ। ਸਿਹਤ ਵਿਭਾਗ ਵੱਲੋਂ ਭੇਜੀ ਟੀਮ ਜਿਸ ਵਿਚ ਡਾ. ਆਤਮਜੀਤ ਸਿੰਘ ਬੋਪਾਰਾਏ, ਡਾ. ਸ਼ਿਵਦੇਵ ਸਿੰਘ, ਡਾ. ਚਾਂਦਨੀ, ਡਾ. ਸਾਹਿਲ ਅਤੇ ਐਲ.ਟੀ. ਸ. ਦਿਲਬਾਗ ਸਿੰਘ ਆਦਿ ਸ਼ਾਮਲ ਸਨ, ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੀ ਰਿਪੋਰਟ ਕਰਵਾਉਣੀ ਲਾਜ਼ਮੀ ਕੀਤੀ ਹੋਈ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਯਾਤਰੂਆਂ ਦੀ ਸਹੂਲਤ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਜਾਂਚ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਸਬੰਧੀ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਦਫਤਰ ਤੋਂ 17 ਨਵੰਬਰ ਨੂੰ ਜਥਾ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਵੇਗਾ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਕਰੀਬ 1500 ਸਿੱਖ ਸ਼ਰਧਾਲੂਆਂ ਦਾ ਇਹ ਜੱਥਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਸਮੇਤ ਗੁਰਦਵਾਰਾ ਕਰਤਾਰਪੁਰ ਸਾਹਿਬ ਵਿਖੇ ਵੀ ਨਤਮਸਤਕ ਹੋਵੇਗਾ।
ਇਥੇ ਜ਼ਿਕਰਯੋਗ ਹੈ ਕਿ ਕੋਵਿਡ ਦੇ ਚੱਲਦਿਆਂ ਪਾਕਿਸਤਾਨ ਜਾਣ ਵਾਲੇ ਜੱਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣ ਕਰਕੇ ਸ਼ਰਧਾਲੂਆਂ ਵਿੱਚ ਨਾਰਾਜ਼ਗੀ ਸੀ, ਪਰ ਇਸ ਵਾਰ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ 1500 ਦੇ ਲੱਗਭਗ ਸਿੱਖ ਸ਼ਰਧਾਲੂਆਂ ਨੂੰ ਪਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

Comment here