ਸਿਆਸਤਖਬਰਾਂਚਲੰਤ ਮਾਮਲੇ

ਪੀਐਮ ਮੋਦੀ ਨੇ ਰੇਲ ਹਾਦਸੇ ਦੀ ਮੁੜ ਬਹਾਲੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਫ਼ੋਨ ‘ਤੇ ਬਾਲਾਸੋਰ ਤੀਹਰੀ ਰੇਲ ਹਾਦਸੇ ਵਾਲੀ ਥਾਂ ‘ਤੇ ਮੁੜ ਬਹਾਲੀ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਗੱਲ ਕੀਤੀ। ਰੇਲ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਹਾਦਸੇ ਵਾਲੀ ਥਾਂ ‘ਤੇ ਮੌਜੂਦ ਹਨ ਅਤੇ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ ਵੈਸ਼ਨਵ ਨੇ ਕਿਹਾ ਕਿ ਓਡੀਸ਼ਾ ਦੇ ਬਾਲਾਸੋਰ ‘ਚ ਬਹਾਲੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਸ਼ਨੀਵਾਰ ਨੂੰ ਪੀਐਮ ਮੋਦੀ ਨੇ ਖੁਦ ਓਡੀਸ਼ਾ ਦੇ ਬਾਲਾਸੋਰ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।ਪੀਐਮ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ, ‘ਉਨ੍ਹਾਂ ਨੇ ਓਡੀਸ਼ਾ ਵਿੱਚ ਤ੍ਰਾਸਦੀ ਵਾਲੀ ਥਾਂ ‘ਤੇ ਸਥਿਤੀ ਦਾ ਜਾਇਜ਼ਾ ਲਿਆ। ਮੇਰੇ ਡੂੰਘੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਦੀ ਸ਼ਲਾਘਾ ਕਰਦਾ ਹਾਂ ਜੋ ਜ਼ਮੀਨ ‘ਤੇ 24 ਘੰਟੇ ਕੰਮ ਕਰ ਰਹੇ ਹਨ ਅਤੇ ਰਾਹਤ ਕਾਰਜਾਂ ਵਿੱਚ ਮਦਦ ਕਰ ਰਹੇ ਹਨ।’ ਪ੍ਰਧਾਨ ਮੰਤਰੀ ਦੇ ਨਾਲ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਸਨ।
ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਬਾਲਾਸੋਰ ਦੇ ਫਕੀਰ ਮੋਹਨ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਕੁਝ ਜ਼ਖਮੀ ਯਾਤਰੀਆਂ ਨੂੰ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਬਚੇ ਲੋਕਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੀਐਮ ਮੋਦੀ ਨੇ ਹਾਦਸੇ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਸੀ।
ਪੀਐਮ ਮੋਦੀ ਨੇ ਕਿਹਾ ਕਿ ਇਹ ਦਰਦਨਾਕ ਘਟਨਾ ਹੈ। ਅਸੀਂ ਭਾਵੇਂ ਹਾਦਸੇ ਵਿੱਚ ਮਾਰੇ ਗਏ ਲੋਕਾਂ ਨੂੰ ਵਾਪਸ ਨਹੀਂ ਲਿਆ ਸਕਦੇ, ਪਰ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਹਾਂ। ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੀਐਮ ਮੋਦੀ ਨੇ ਕਿਹਾ ਕਿ ਘਟਨਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਾ ਜਾਵੇ। ਅਧਿਕਾਰਤ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਹੋਏ ਇਸ ਹਾਦਸੇ ‘ਚ 288 ਲੋਕਾਂ ਦੀ ਮੌਤ ਹੋ ਗਈ ਅਤੇ 1000 ਤੋਂ ਜ਼ਿਆਦਾ ਜ਼ਖਮੀ ਹੋ ਗਏ।

Comment here