ਚੰਡੀਗੜ੍ਹ-ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ । ਬਾਜਵਾ ਨੇ ਕਿਹਾ ਕਿ ਜਦੋਂ ਕਿਸੇ ਦਾ ਆਪਣਾ ਹੀ ਘਰ ਭ੍ਰਿਸ਼ਟਾਚਾਰ ਦੀ ਦਲਦਲ ਨਾਲ ਭਰਿਆ ਹੋਵੇ ਤਾਂ ਪੂਰੇ ਸੂਬੇ ਨੂੰ ਸਾਫ਼ ਕਰਨ ਦਾ ਵਾਅਦਾ ਕਿਵੇਂ ਕੀਤਾ ਜਾ ਸਕਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇ ਝੂਠੇ ਵਾਅਦਿਆਂ ਦਾ ਹੁਣ ਪੂਰੀ ਤਰ੍ਹਾਂ ਪਰਦਾਫਾਸ਼ ਹੋ ਚੁੱਕਿਆ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਨੇ ਭ੍ਰਿਸ਼ਟਾਚਾਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁੱਪ ਕਰਾ ਦਿੱਤਾ ਹੈ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਹਿਜ਼ 11 ਮਹੀਨਿਆਂ ਦੇ ਕਾਰਜਕਾਲ ਦੇ ਦੌਰਾਨ ਸਿੰਗਲਾ, ਸਰਾਰੀ ਅਤੇ ਹੁਣ ਅਮਿਤ ਰਤਨ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਇਲਜ਼ਾਮ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਧੋਖੇ ਨੂੰ ਦਰਸਾਉਂਦੇ ਹਨ।
ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਦੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸਖਤ ਲਹਿਜੇ ‘ਚ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਰਿਸ਼ਵਤ ਮਾਮਲੇ ‘ਚ ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਨੂੰ ਯਕੀਨੀ ਨਹੀਂ ਬਣਾਉਣਗੇ ਤਾਂ ਵਿਰੋਧੀ ਧਿਰ ਦੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਗਰਗ ਨੇ ਪੈਸੇ ਲਏ ਅਤੇ ਜਦੋਂ ਉਹ ਆਪਣੀ ਗੱਡੀ ਵਿੱਚ ਸਰਕਟ ਹਾਊਸ ਛੱਡਣ ਜਾ ਰਿਹਾ ਸੀ ਤਾਂ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਦੀ ਗੱਡੀ ਵਿੱਚੋਂ ਪੈਸੇ ਬਰਾਮਦ ਕਰ ਲਏ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਸ਼ਾਖਾ ਦੇ ਐਸਐਸਪੀ ਹਰਪਾਲ ਸਿੰਘ ਵੀ ਮੌਕੇ ’ਤੇ ਮੌਜੂਦ ਸਨ।
ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੀਏ ਰਸ਼ਿਮ ਗਰਗ ਵੱਲੋਂ ਸਰਪੰਚ ਦੇ ਪਤੀ ਤੋਂ 5 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਲਈ ਮੰਗੀ ਗਏ ਸੀ। ਪਿੰਡਾਂ ਦੇ ਵਿਕਾਸ ਕਾਰਜਾਂ ਲਈ 25 ਲੱਖ ਗਰਾਂਟ ਜਾਰੀ ਕਰਨ ਬਦਲੇ ਐਨੀ ਰਿਸ਼ਵਤ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਦਿਵਾਇਆ ਕਿ ਉਹ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਆਪਣੀ ਟੀਮ ਦੇ ਅਜਿਹੇ ਸਾਰੇ ਗੱਦਾਰਾਂ ਲਈ ਜਵਾਬਦੇਹ ਹਨ, ਜੋ ਇੱਕ ਤੋਂ ਬਾਅਦ ਇੱਕ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੇ ਵਿੱਚ ਫਸਦੇ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਾਰੀ ਬਾਰੇ ਕੋਈ ਬਿਆਨ ਜਾਰੀ ਨਹੀਂ ਦਿੱਤਾ, ਜੋ ਕਿ ਬੇਹੱਦ ਮੰਦਭਾਗਾ ਹੈ।
ਉਨ੍ਹਾਂ ਨੇ ਭਗਵੰਤ ਮਾਨ ਦੇ ਸਿਆਸੀ ‘ਗੁਰੂ’ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਯਕੀਨੀ ਬਣਾਉਣ ਦੇ ਵੱਡੇ ਵਾਅਦਿਆਂ ਦਾ ਕੀ ਹੋਇਆ? ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਜਰੀਵਾਲ ਪਾਰਟੀ ਪ੍ਰਧਾਨ ਵਜੋਂ ਭਗਵੰਤ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਨਜ਼ਰਸਾਨੀ ਕਰਨ ਨਹੀਂ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਜੀਵਨ ਖ਼ਤਰੇ ਵਿੱਚ ਹੈ।
ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਸਿਆਸੀ ਜੀਵਨ ਖ਼ਤਰੇ ‘ਚ-ਬਾਜਵਾ


Comment here