ਅਪਰਾਧਸਿਆਸਤਖਬਰਾਂ

ਬੇਅਦਬੀ ਦੇ ਦੋਸ਼ੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ

ਚੰਡੀਗੜ੍ਹ-ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅੱਜ ਦੁਪਹਿਰ ਵੇਲੇ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਮੋਰਿੰਡਾ ਪੁਲਿਸ ਨੇ ਧਾਰਾ 295-ਏ, 307, 323 ਅਤੇ 506 ਤਹਿਤ ਮਾਮਲਾ ਦਰਜ ਕੀਤਾ ਹੈ। ਬੇਅਦਬੀ ਕਰਨ ਵਾਲੇ ਸਖਸ਼ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਐਸਐਸਪੀ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਐਫਆਈਆਰ ਦਰਜ ਕਰ ਲਈ ਹੈ। ਫੜੇ ਗਏ ਦੋਸ਼ੀ ਦੀ ਪਛਾਣ ਜਸਵੀਰ ਸਿੰਘ ਉਰਫ ਜੱਸੀ ਵਜੋਂ ਹੋਈ ਹੈ। ਉਹ ਮੋਰਿੰਡਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਗ੍ਰੰਥੀ ਸਿੰਘ ਨੇ ਐਫਆਈਆਰ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ।
ਦਸ ਦਈਏ ਕਿ ਅੱਜ ਦੁਪਹਿਰ ਵੇਲੇ ਇਥੇ ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਹੈ।
ਇਸ ਤੋਂ ਬਾਅਦ ਸੰਗਤ ਨੇ ਮੋਰਿੰਡਾ ਥਾਣੇ ਦਾ ਘਿਰਾਉ ਕਰ ਦਿੱਤਾ ਹੈ ਅਤੇ ਮੁਲਜ਼ਮ ਨੂੰ ਸੰਗਤ ਹਵਾਲੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪੁੱਜ ਗਏ । ਉਧਰ, ਰੋਹ ਵਿਚ ਆਈ ਸੰਗਤ ਨੇ ਸੜਕ ਜਾਮ ਕਰਕੇ ਮੰਗ ਕੀਤੀ ਕਿ ਮੁਲਜ਼ਮ ਨੂੰ ਉਨ੍ਹਾਂ ਹਵਾਲੇ ਕੀਤਾ ਜਾਵੇ। ਜਿਸ ਤੋਂ ਬਾਅਦ ਮਾਮਲਾ ਭਖ ਗਿਆ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ.. ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ…ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।

Comment here