ਨਵੀਂ ਦਿੱਲੀ-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਚ ਮੁਲਾਕਾਤ ਕੀਤੀ, ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਸੀ। ਇਸ ਮੀਟਿੰਗ ਵਿੱਚ ਮੁੱਖ ਤੌਰ ‘ਤੇ ਬੀਬੀਐਮਬੀ ਦਾ ਮੁੱਦਾ ਉਠਾਇਆ ਗਿਆ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਣਕ ਦਾ ਝਾੜ ਘਟਣ ਕਰਕੇ ਪੰਜਾਬ ਦੇ ਕਿਸਾਨਾਂ ਲਈ 500 ਰੁਪਏ ਤੱਕ ਦੇ ਮੁਆਵਜ਼ੇ ਦੀ ਮੰਗ ਕੀਤੀ।ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਆਵੇ, ਇਸ ਸਬੰਧੀ ਗੱਲਬਾਤ ਹੋਈ। ਪੰਜਾਬ ਦੀ ਸੁਰੱਖਿਆ ਦਾ ਮੁੱਦਾ ਵੀ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਿਆ। ਪੰਜਾਬ ਨੂੰ ਹੁਣ ਤੱਕ 10 ਪੈਰਾ ਮਿਲਟਰੀ ਫੋਰਸ ਦੇ ਯੂਨਿਟ ਮਿਲ ਚੁੱਕੇ ਹਨ। ਅੱਜ ਸ਼ਾਮ ਤੱਕ 10 ਹੋਰ ਪੈਰਾ ਮਿਲਟਰੀ ਫੋਰਸ ਦੇ ਯੂਨਿਟ ਪੰਜਾਬ ਨੂੰ ਦੇ ਦਿੱਤੇ ਜਾਣਗੇ। ਪੰਜਾਬ ਦੇ ਪਾਣੀ ਦੇ ਮੁੱਦੇ ਤੇ ਵੀ ਚਰਚਾ ਹੋਈ। ਮੀਟਿੰਗ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦਾ ਕੋਟਾ ਬਹਾਲ ਕਰਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦਾ ਕੋਟਾ ਮੁੜ ਤੋਂ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਹੋਇਆ ਸੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਗ੍ਰਨੇਡ ਹਮਲੇ ਦੇ ਮਾਮਲੇ ਦੀ ਚੱਲ ਰਹੀ ਜਾਂਚ ਦਾ ਵੇਰਵਾ ਵੀ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਮਿਲ ਕੇ ਕੰਮ ਕਰਨਗੇ, ਜਿੱਥੇ ਵੀ ਦੇਸ਼ ਦੀ ਸੁਰੱਖਿਆ ਦਾ ਮਸਲਾ ਹੋਵੇਗਾ, ਅਸੀਂ ਮਿਲ ਕੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਪਹਿਲਾਂ ਸੁਰੱਖਿਅਤ ਹੋਣਾ ਚਾਹੀਦਾ ਹੈ, ਰਾਜਨੀਤੀ ਬਾਅਦ ਵਿੱਚ ਕਰਨੀ ਚਾਹੀਦੀ ਹੈ।
ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਕਿਸਾਨਾਂ ਸਮੇਤ ਕਈ ਮੁੱਦੇ ਵਿਚਾਰੇ


Comment here