ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਮਾਨ ਦੇ ਭਗਤ ਸਿੰਘ ‘ਅੱਤਵਾਦੀ’ ਵਾਲੇ ਬਿਆਨ ’ਤੇ ਸਿਆਸਤ ਗਰਮਾਈ

ਸੁਖਬੀਰ ਬਾਦਲ ਤੇ ਰਵਨੀਤ ਬਿੱਟੂ ਨੇ ਕੀਤੀ ਨਿਖੇਧੀ
ਸ੍ਰੀ ਮੁਕਤਸਰ ਸਾਹਿਬ-ਬੀਤੇ ਦਿਨੀਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਬਿਆਨ ਦੀ ਹਰ ਪਾਸੇ ਨਿਖ਼ੇਧੀ ਕੀਤੀ ਜਾ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਸਬੰਧੀ ਦਿੱਤੇ ਬਿਆਨ ’ਤੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦਾ ਇਹ ਨਹੀਂ ਪਤਾ ਕਿ ਉਹ ਕਿਸ ਸਮੇਂ ਕੀ ਬੋਲ ਦੇਣ, ਉਨ੍ਹਾਂ ਕਿਹਾ ਕਿ ਅਸੀਂ ਦਿਮਾਗੀ ਤੌਰ ’ਤੇ ਉਨ੍ਹਾਂ ਨਾਲ ਨਹੀਂ ਮਿਲ ਸਕਦੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਦੀ ਉਹ ਨਿਖੇਧੀ ਕਰਦੇ ਹਨ।
ਮਾਨ ਖਿਲਾਫ਼ ਦਰਜ ਹੋਵੇ ਦੇਸ਼ ਧ੍ਰੋਹ ਦਾ ਮਾਮਲਾ : ਰਵਨੀਤ ਬਿੱਟੂ
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਆਪਣੀ ਆਜ਼ਾਦੀ ਲਈ ਸ. ਭਗਤ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਰਿਣੀ ਹਾਂ। ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਸਿੰਘ ਮਾਨ ਨੇ ਅੰਗਰੇਜ਼ ਹਾਕਮਾਂ ਦੀ ਬੋਲੀ ਹੀ ਬੋਲੀ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕਰਦੇ ਹਨ ਕਿ ਸਿਮਰਨਜੀਤ ਸਿੰਘ ਮਾਨ ਖਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ।
ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੀ ਕਿ ਭਗਤ ਸਿੰਘ ਨੇ ਇਕ ਨੌਜਵਾਨ ਅੰਗਰੇਜ਼ ਅਫ਼ਸਰ ਅਤੇ ਇਕ ਅੰਮ੍ਰਿਤਧਾਰੀ ਸਿੱਖ ਕਾਂਸਟੇਬਲ ਚੰਨਣ ਸਿੰਘ ਨੂੰ ਮਾਰਿਆ ਸੀ। ਉਸ ਨੇ ਉਸੇ ਸਮੇਂ ਨੈਸ਼ਨਲ ਅਸੈਂਬਲੀ ‘ਚ ਬੰਬ ਸੁੱਟਿਆ ਸੀ। ਜਦੋਂ ਇਕ ਪੱਤਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਸਹੁੰ ਹੀ ਭਗਤ ਸਿੰਘ ਦੇ ਪਿੰਡ ਵਿੱਚ ਹੀ ਚੁੱਕੀ ਸੀ ਤਾਂ ਉਨ੍ਹਾਂ ਕਿਹਾ ਕਿ ਜੋ ਮਰਜ਼ੀ ਹੋਵੇ, ਉਹ ਅੱਤਵਾਦੀ ਹੀ ਸੀ।

Comment here